ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਉਹ ਆਪਸ ਵਿੱਚ ਤਾਲਮੇਲ ਨੂੰ ਮਜ਼ਬੂਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਨੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਰੋਕਣ ਲਈ ਪੁਲਿਸ ਵਿਭਾਗ ਦੇ ਅਧਿਕਾਰੀਆਂ ਦਾ ਸਹਿਯੋਗ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਸਬੰਧਤ ਐਸ ਡੀ ਐਮ ਆਪਣੇ ਹਲਕੇ ਅੰਦਰ ਡੀ ਐਸ ਪੀ, ਐਸ ਐਮ ਓ ਅਤੇ ਬੀ ਡੀ ਪੀ ਓਜ਼ ਦੇ ਨਾਲ ਹਰ ਮਹੀਨੇ ਇੱਕ ਮੀਟਿੰਗ ਕਰਕੇ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ। ਉਹਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਤਾਂ ਜੋ ਸਮਾਜ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਆਮ ਜਨਤਾ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ਼ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ।
ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਪੁਲਿਸ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਗਸ਼ਤ ਤੇਜ਼ ਕਰ ਦਿੱਤੀ ਗਈ ਹੈ ਅਤੇ ਲੁੱਟ-ਖੋਹਾਂ ਕਰਨ ਵਾਲੇ ਕਈ ਗੈਂਗ ਫੜੇ ਗਏ ਹਨ ਅਤੇ 99 ਪ੍ਰਤੀਸ਼ਤ ਲੁੱਟ-ਖੋਹ ਦੇ ਕੇਸ ਹੱਲ ਕਰ ਲਏ ਗਏ ਹਨ। ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਹਲਕੇ ਵਿੱਚ ਚੋਰੀਆਂ ਅਤੇ ਲੁੱਟ-ਖੋਹਾਂ ਦੀਆਂ ਵਾਰਦਾਤਾਂ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਉਹਨਾਂ ਦਾ ਮੌਕੇ ਤੇ ਹੀ ਹੱਲ ਕਰਨ ਨੂੰ ਯਕੀਨੀ ਬਣਾਉਣ।
No comments:
Post a Comment