ਹੁਸ਼ਿਆਰਪੁਰ, 27 ਜਨਵਰੀ: ਪੰਜਾਬ ਸਰਕਾਰ ਵੱਲੋਂ ਗਰੀਬ ਪ੍ਰੀਵਾਰਾਂ ਨਾਲ ਸਬੰਧਤ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਦੇਣ ਲਈ ਸੂਬੇ ਅੰਦਰ ਇਸ ਸਾਲ ਦੌਰਾਨ 900 ਕਰੋੜ ਰੁਪਏ ਖਰਚ ਕਰਕੇ ਹਰੇਕ ਬਲਾਕ ਵਿੱਚ ਇੱਕ-ਇੱਕ ਆਦਰਸ਼ ਸਕੂਲ ਖੋਲ੍ਹਿਆ ਜਾਵੇਗਾ। ਇਹ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਨੇ ਹੁਸ਼ਿਆਰਪੁਰ ਵਿਖੇ 116. 51 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਰੌਸ਼ਨ ਗਰਾਊਂਡ ਵਿਖੇ ਇੱਕ ਵਿਸ਼ਾਲ ਵਿਕਾਸ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰ: ਬਾਦਲ ਨੇ ਇਸ ਮੌਕੇ ਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਵਿੱਚ ਹੁਸ਼ਿਆਰਪੁਰ ਵਿਖੇ ਲੋਕਾਂ ਨੂੰ 100 ਪ੍ਰਤੀਸ਼ਤ ਸੀਵਰੇਜ਼ ਦੀ ਸਹੂਲਤ ਦੇਣ ਲਈ 102. 75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ਼ ਪ੍ਰੋਜੈਕਟ ਦਾ, ਖਿਡਾਰੀਆਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਨ ਲਈ 3. 26 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁਮੰਤਵੀਂ ਆਊਟਡੋਰ ਸਟੇਡੀਅਮ ਦਾ ਅਤੇ ਪਿੰਡ ਬਸੀ ਮੁਸਤਫਾ ਵਿਖੇ 10. 50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 23 ਡੂੰਘੇ ਟਿਊਬਵੈਲਾਂ ਦਾ ਨੀਂਹ ਪੱਥਰ ਰੱਖਿਆ।
ਸ੍ਰ: ਬਾਦਲ ਨੇ ਵਿਕਾਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਲੋਕਾਂ ਨੂੰ ਆਧੁਨਿਕ ਸੀਵਰੇਜ਼ ਸਹੂਲਤਾਂ ਅਤੇ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਨ ਲਈ 178 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਸੂਹਾ ਵਿਖੇ ਸੀਵਰੇਜ਼ ਪ੍ਰੋਜੈਕਟ ਲਈ 12. 35 ਕਰੋੜ ਰੁਪਏ, ਟਾਂਡਾ ਲਈ 26 ਕਰੋੜ ਰੁਪਏ, ਮੁਕੇਰੀਆਂ ਲਈ 17 ਕਰੋੜ ਅਤੇ ਸ਼ਾਮਚੁਰਾਸੀ ਲਈ 8 ਕਰੋੜ ਰੁਪਏ ਆਧੁਨਿਕ ਸੀਵਰੇਜ਼ ਦੀ ਸਹੂਲਤ ਮੁਹੱਈਆ ਕਰਨ ਲਈ ਮਨਜ਼ੂਰ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਹੁਣ ਤੱਕ 600 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਦ ਕਿ ਕਾਂਗਰਸ ਸਰਕਾਰ ਨੇ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਸਿਰਫ਼ 19 ਕਰੋੜ ਰੁਪਏ ਹੀ ਖਰਚ ਕੀਤੇ ਸਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਤੋਂ ਫਗਵਾੜਾ ਨੂੰ ਜਾਂਦੀ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਲਈ 54 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਨੂੰ ਚਾਰ ਤੇ ਛੇ ਮਾਰਗੀ ਸੜਕਾਂ ਨਾਲ ਜੋੜਨ ਲਈ ਅਤੇ 33 ਫਲਾਈ ਓਵਰ ਬ੍ਰਿਜ ਬਣਾਉਣ ਲਈ ਇਸ ਸਾਲ ਦੌਰਾਨ 7073 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਸ੍ਰ; ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਜਿਥੇ ਹਜ਼ਾਰਾਂ ਕਰੋੜ ਰੁਪਏ ਖਰਚ ਕਰਕੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਨਵ-ਉਸਾਰੀ ਤੇ ਮੁਰੰਮਤ ਕੀਤੀ ਗਈ ਹੈ, ਉਥੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਾਜੋ-ਸਮਾਨ ਵੀ ਮੁਹੱਈਆ ਕੀਤਾ ਗਿਆ ਹੈ ਅਤੇ 30 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੋਰ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ 31 ਮਾਰਚ 2011ਤੱਕ ਸਾਰੀਆਂ ਤਹਿਸੀਲਾਂ ਦੇ ਕੰਮ ਨੂੰ ਕੰਪਿਊਟਰਾਈਜ਼ ਕਰ ਦਿੱਤਾ ਜਾਵੇਗਾ ਅਤੇ 6 ਮਹੀਨੇ ਦੇ ਅੰਦਰ-ਅੰਦਰ ਟਰਾਂਸਪੋਰਟ ਵਿਭਾਗ ਨੂੰ ਅਤੇ ਪੁਲਿਸ ਥਾਣਿਆਂ ਦੇ ਕੰਮ ਨੂੰ ਵੀ ਕੰਪਿਊਟਰਾਈਜ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਸੁਧਾਰਾ ਸਦਕਾ ਪੰਜਾਬ ਦੀ ਆਮਦਨ 5000 ਕਰੋੜ ਰੁਪਏ ਤੋਂ ਵੱਧ ਕੇ 11000 ਕਰੋੜ ਰੁਪਏ ਹੋ ਗਈ ਹੈ ਅਤੇ ਅਗਲੇ ਸਾਲ ਤੱਕ ਇਹ ਆਮਦਨ 14000 ਕਰੋੜ ਰੁਪਏ ਤੱਕ ਹੋ ਜਾਵੇਗੀ।
ਸ੍ਰ: ਬਾਦਲ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਲਈ ਰਾਜ ਅੰਦਰ 62000 ਕਰੋੜ ਰੁਪਏ ਖਰਚ ਕਰਕੇ 9000 ਮੈਗਾਵਾਟ ਬਿਜਲੀ ਪੈਦਾ ਕਰਨ ਲਈ 5 ਥਰਮਲ ਪਲਾਂਟ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ 3 ਥਰਮਲ ਪਲਾਂਟਾਂ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ 2 ਥਰਮਲ ਪਲਾਟਾਂ ਦਾ ਕੰਮ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2 ਸਾਲਾਂ ਦੌਰਾਨ ਇਹ ਥਰਮਲ ਪਲਾਂਟ ਮੁਕੰਮਲ ਹੋ ਜਾਣਗੇ ਅਤੇ ਆਮ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਹੋਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ 19 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਖੇ ਬਣਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ਦੀ ਮੁੜ ਸ਼ੁਰੂਆਤ ਕੀਤੀ ਗਈ ਹੈ ਜੋ ਮਿਥੇ ਸਮੇਂ ਤੋਂ ਪਹਿਲਾਂ ਹੀ ਮਾਰਚ 2011 ਤੱਕ ਵਪਾਰਕ ਉਤਪਾਦਨ ਸ਼ੁਰੂ ਕਰ ਦੇਵੇਗਾ ਅਤੇ ਇਸ ਕਾਰਖਾਨੇ ਵਿੱਚ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਹੋਵੇਗਾ।
ਸ੍ਰ: ਬਾਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਰਾਜ ਅੰਦਰ 100 ਕਰੋੜ ਰੁਪਏ ਖਰਚ ਕਰਕੇ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 28 ਫਰਵਰੀ ਤੋਂ ਢਾਈ ਕਰੋੜ ਰੁਪਏ ਦੀ ਰਿਕਾਰਡ ਇਨਾਮੀ ਰਾਸ਼ੀ ਵਾਲੀਆਂ ਸ਼ਹੀਦ-ਏ-ਆਜ਼ਮ ਪੰਜਾਬ ਖੇਡਾਂ ਕਰਵਾਈਆਂ ਜਾ ਰਹੀਆਂ ਜਿਸ ਵਿੱਚ 11 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਖੇਡ ਮੁਕਾਬਲਾ ਜਿੱਤਣ ਵਾਲੀਆਂ ਟੀਮਾਂ ਨੂੰ 25-25 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ ਵੀ ਵਿਸ਼ਵ ਕਬੱਡੀ ਕੱਪ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਇਆ ਜਾਵੇਗਾ। ਇਸ ਮੌਕੇ ਤੇ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਭਾਜਪਾ ਅਤੇ ਨਗਰ ਕੌਂਸਲ ਹੁਸ਼ਿਆਰਪੁਰ ਵੱਲੋਂ ਸ੍ਰ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੂੰ ਸਨਮਾਨਿਤ ਵੀ ਕੀਤਾ ਗਿਆ ।
ਇਸ ਮੌਕੇ ਤੇ ਸ੍ਰੀ ਮਨੋਰਜੰਨ ਕਾਲੀਆ ਸਥਾਨਕ ਸਰਕਾਰਾਂ ਤੇ ਉਦਯੋਗ ਮੰਤਰੀ ਪੰਜਾਬ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ-ਭਾਜਪਾ ਸਰਕਾਰ ਹੁਣ ਤੱਕ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 17 ਹਜ਼ਾਰ ਕਰੋੜ ਰੁਪਏ ਖਰਚ ਕਰ ਚੁੱਕੀ ਹੈ ਅਤੇ 1100 ਕਰੋੜ ਰੁਪਏ ਹੋਰ ਖਰਚ ਕੀਤੇ ਜਾ ਰਹੇ ਹਨ।
ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਹੁਸ਼ਿਆਰਪੁਰ ਨੂੰ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਰਿਕਾਰਡ ਵਿਕਾਸ ਦੇ ਪ੍ਰੋਜੈਕਟ ਮਿਲੇ ਹਨ। ਸਾਰੇ ਚੋਆਂ ਤੇ ਪੁੱਲ ਬਣਾਉਣ ਤੋਂ ਇਲਾਵਾ ਆਧੁਨਿਕ ਬਸ ਸਟੈਂਡ ਬਣਾਇਆ ਗਿਆ ਅਤੇ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੀ ਸਥਾਪਨਾ ਵੀ ਕੀਤਾ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੇ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ ਦਲਜੀਤ ਸਿੰਘ ਚੀਮਾ ਸਲਾਹਕਾਰ ਮੁੱਖ ਮੰਤਰੀ ਪੰਜਾਬ ਵੀ ਹਾਜ਼ਰ ਸਨ। ਬੀਬੀ ਮਹਿੰਦਰ ਕੌਰ ਜੋਸ਼, ਸ੍ਰ: ਦੇਸ ਰਾਜ ਧੁੱਗਾ, ਸ੍ਰ: ਸੋਹਨ ਸਿੰਘ ਠੰਡਲ, ਅਰੁਨੇਸ਼ ਸ਼ਾਕਰ (ਚਾਰੇ ਮੁੱਖ ਪਾਰਲੀਮਾਨੀ ਸਕੱਤਰ), ਅਮਰਜੀਤ ਸਿੰਘ ਸਾਹੀ ਵਿਧਾਇਕ ਹਲਕਾ ਦਸੂਹਾ, ਬਲਦੇਵ ਰਾਜ ਚਾਵਲਾ ਚੇਅਰਮੈਨ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਪੰਜਾਬ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੂਲੇਵਾਲਰਾਠਾਂ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਸੋਮ ਪ੍ਰਕਾਸ਼, ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ, ਅਰਵਿੰਦਰ ਸਿੰਘ ਰਸੂਲਪੁਰ ਗੜ੍ਹਸ਼ੰਕਰ ਅਤੇ ਮਹਿੰਦਰ ਪਾਲ ਗੜ੍ਹਸ਼ੰਕਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸ੍ਰੀ ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ । ਹੋਰਨਾਂ ਤੋਂ ਇਲਾਵਾ ਸਰਵਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ, ਜਸਜੀਤ ਸਿੰਘ ਥਿਆੜਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਹਰਜਿੰਦਰ ਸਿੰਘ ਧਾਮੀ, ਸਤਵਿੰਦਰ ਪਾਲ ਸਿੰਘ ਢੱਟ, ਅਵਤਾਰ ਸਿੰਘ ਜੌਹਲ, ਸੁਖਦੇਵ ਕੌਰ ਸੱਲਾਂ, ਕੁਮਾਰੀ ਓਮੇਸ਼ ਸ਼ਾਕਰ, ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ, ਅਮਰਜੀਤ ਸਿੰਘ ਚੋਹਾਨ, ਜਤਿੰਦਰ ਸਿੰਘ ਲਾਲੀ ਬਾਜਵਾ, ਕੇ ਐਸ ਨਾਗਲਾ ਚੀਫ ਇੰਜੀਨੀਅਰ ਸੀਵਰੇਜ਼ ਬੋਰਡ, ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਜਗਦੀਪ ਸਿੰਘ ਜੱਪਾ, ਸੰਜੀਵ ਮੱਲਣ ਉਪ ਚੇਅਰਮੈਨ, ਅਸ਼ੋਕ ਸੱਭਰਵਾਲ ਇਲਾਕੇ ਦੇ ਅਕਾਲੀ-ਭਾਜਪਾ ਨੇਤਾ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
No comments:
Post a Comment