ਹੁਸ਼ਿਆਰਪੁਰ, 26 ਸਤੰਬਰ: ਪੰਜਾਬ ਸਰਕਾਰ ਵੱਲੋਂ ਆਯੂਰਵੈਦਿਕ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਭਾਰਤ ਦੀ ਚੌਥੀ ਆਯੂਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੀ ਗਈ ਹੈ। ਜਿਸ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਤੇ ਰੱਖਿਆ ਗਿਆ ਹੈ। ਇਸ ਯੂਨੀਵਰਸਿਟੀ ਦੇ ਨਵੇਂ ਕੈਂਪਸ ਦੀ ਇਮਾਰਤ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ 9 ਅਕਤੂਬਰ 2011 ਨੂੰ ਪਿੰਡ ਖੜਕਾਂ ਵਿਖੇ ਰੱਖਣਗੇ। ਇਹ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਨੇ ਅੱਜ ਇਥੇ ਪੁਲਿਸ ਗਰਾਉਂਡ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਸਰਵਸ੍ਰੀ ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ, ਡਾ. ਓਮ ਪ੍ਰਕਾਸ਼ ਉਪਾਧਿਆਏ ਉਪ ਕੁਲਪਤੀ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵਿਨੇ ਬੁਬਲਾਨੀ ਵਧੀਕ ਡਿਪਟੀ ਕਮਿਸ਼ਨਰ (ਜ), ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਵਿਜੇ ਪਠਾਨੀਆ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਆਰ ਐਸ ਬੈਂਸ ਐਕਸੀਅਨ ਲੋਕ ਨਿਰਮਾਣ ਵਿਭਾਗ, ਰਣਧੀਰ ਸਿੰਘ ਸਰਪੰਚ ਪਿੰਡ ਖੜਕਾਂ ਆਦਿ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।
ਸ੍ਰੀ ਸੂਦ ਨੇ ਕਿਹਾ ਕਿ ਆਯੂਰਵੈਦਿਕ ਸਿੱਖਿਆ ਭਾਰਤੀ ਸੰਸਕ੍ਰਿਤੀ ਦੀ ਪ੍ਰਤੀਕ ਹੈ ਅਤੇ ਇਸ ਯੂਨੀਵਰਸਿਟੀ ਰਾਹੀਂ ਆਯੂਰਵੈਦਿਕ ਸਿੱਖਿਆ ਦਾ ਕੌਮਾਂਤਰੀ ਪੱਧਰ ਤੇ ਪ੍ਰਸਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਯੂਰਵੈਦਿਕ ਸਿੱਖਿਆ ਦੇ ਪ੍ਰਸਾਰ ਲਈ ਪਿੰਡ ਖੜਕਾਂ ਦੀ ਪੰਚਾਇਤ ਵੱਲੋਂ 25 ਏਕੜ ਜਮੀਨ ਦਿੱਤੀ ਗਈ ਹੈ ਜਿਸ ਉਪਰ ਪੰਜਾਬ ਸਰਕਾਰ ਵੱਲੋਂ 20 ਕਰੋੜ ਰੁਪਏ ਖਰਚ ਕਰਕੇ ਨਵੇਂ ਕੈਂਪਸ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਇਸ ਨਿਰਮਾਣ ਕਾਰਜ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਨਵੇਂ ਕੈਂਪਸ ਵਿੱਚ ਪ੍ਰਬੰਧਕੀ ਬਲਾਕ, ਹੋਸਟਲ, ਬੋਟੈਨੀਕਲ ਪਾਰਕ ਅਤੇ ਕੈਂਪਸ ਦੀਆਂ ਵੱਖ-ਵੱਖ ਇਮਾਰਤਾਂ ਦੀ ਉਸਾਰੀ ਕੀਤੀ ਜਾਵੇਗੀ ਜੋ ਡੇਢ ਸਾਲ ਵਿੱਚ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਅੰਦਰ ਸ੍ਰੀ ਗੁਰੂ ਰਵਿਦਾਸ ਜੀ ਅਤੇ ਭਗਵਾਨ ਧਨਵੰਤਰੀ ਜੀ ਦੀ ਮੂਰਤੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੂਨੀਵਰਸਿਟੀ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਵਿਕਸਿਤ ਕੀਤਾ ਜਾਵੇਗਾ।
ਇਸ ਮੌਕੇ ਤੇ ਸ੍ਰੀ ਤੀਕਸ਼ਨ ਸੂਦ ਕੈਬਨਿਟ ਮੰਤਰੀ ਪੰਜਾਬ, ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨੇ ਪਿੰਡ ਖੜਕਾਂ ਵਿਖੇ ਜਿਸ ਥਾਂ ਤੇ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦੇ ਕੈਂਪਸ ਦੀ ਇਮਾਰਤ ਦਾ ਨਿਰਮਾਣ ਕਰਨਾ ਹੈ, ਉਸ ਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਜਾਇਜ਼ਾ ਲਿਆ। ਇਸ ਮੌਕੇ ਤੇ ਉਨ੍ਹਾਂ ਨੇ ਮੁੱਖ ਮੰਤਰੀ ਦੀ ਆਮਦ ਬਾਰੇ ਪ੍ਰਬੰਧਾਂ ਅਤੇ ਜਨਤਕ ਸਮਾਗਮ ਵਾਲੀ ਥਾਂ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਸਮੂਚੇ ਪ੍ਰਬੰਧ ਜਲਦੀ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਦੇ ਅਗੇਤੇ ਪ੍ਰਬੰਧਾਂ ਲਈ ਅਗਲੀ ਮੀਟਿੰਗ 29 ਸਤੰਬਰ ਨੂੰ ਸ਼ਾਮ 4-00 ਵਜੇ ਖੜਕਾਂ ਵਿਖੇ ਹੋਵੇਗੀ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਹਾਜ਼ਰ ਹੋਣ।
No comments:
Post a Comment