ਹੁਸ਼ਿਆਰਪੁਰ, 19 ਅਕਤੂਬਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਅੰਦਰ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲਾ ਦਿਵਾਉਣ ਲਈ ਆਰੰਭੇ ਗਏ ਮੁਫ਼ਤ ਕੋਚਿੰਗ ਦੇ ਪ੍ਰੋਗਰਾਮ ਦੇ ਸਬੰਧ ਵਿੱਚ ਅੱਜ ਇਥੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਐਨ.ਡੀ.ਏ. ਦਾਖਲਾ ਟੈਸਟ ਕੋਚਿੰਗ ਨਾਲ ਸਬੰਧਤ ਰਿਸੋਰਸ ਪਰਸਨਜ਼ ਦੀ ਇੱਕ ਵਿਸ਼ੇਸ਼ ਮੀਟਿੰਗ ਸ੍ਰ: ਦੀਪਇੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਬ੍ਰਿਗੇਡੀਅਰ ਕੇ. ਐਸ. ਢਿੱਲੋਂ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਜਲੰਧਰ, ਲੈਫ: ਕਰਨਲ ਮਨਮੋਹਨ ਸਿੰਘ ਡਿਪਟੀ ਡਾਇਰੈਕਟਰ ਸੈਨਿਕ ਭਲਾਈ ਵਿਭਾਗ ਪੰਜਾਬ ਜਲੰਧਰ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਡਾ. ਚਮਨ ਲਾਲ ਵਸ਼ਿਸ਼ਟ, ਰਾਕੇਸ਼ ਕੁਮਾਰ ਨੋਡਲ ਅਫ਼ਸਰ ਅਤੇ 8 ਨੋਡਲ ਸਕੂਲਾਂ ਦੇ ਪ੍ਰਿੰਸੀਪਲ ਵੀ ਹਾਜ਼ਰ ਸਨ।
ਸ੍ਰ:ਦੀਪਇੰਦਰ ਸਿੰਘ ਨੇ ਕਿਹਾ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲਾ ਦਿਵਾਉਣ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ 8 ਨੋਡਲ ਕੋਚਿੰਗ ਸੈਂਟਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ-1, ਦਸੂਹਾ, ਬਾਗਪੁਰ, ਹੁਸ਼ਿਆਰਪੁਰ, ਗੜ੍ਹਸੰਕਰ, ਟਾਂਡਾ ਉੜਮੁੜ, ਮੁਕੇਰੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ 742 ਵਿਦਿਆਰਥੀਆਂ ਨੂੰ ਰਜਿਸਟਰਡ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦੇਣ ਲਈ 84 ਵੱਖ-ਵੱਖ ਵਿਸ਼ਿਆਂ ਦੇ ਮਾਹਰ ਰਿਸੋਰਸ ਪਰਸਨ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਸਮੂਹ ਰਿਸੋਰਸ ਪਰਸਨਜ਼ ਨੂੰ ਕਿਹਾ ਕਿ ਸਰਕਾਰੀ ਡਿਊਟੀ ਦੇ ਨਾਲ-ਨਾਲ ਉਨ੍ਹਾਂ ਦੀ ਸਮਾਜਿਕ ਜਿਮੇਵਾਰੀ ਬਣਦੀ ਹੈ ਕਿ ਇਨ੍ਹਾਂ ਨੋਡਲ ਕੋਚਿੰਗ ਸੈਂਟਰਾਂ ਵਿੱਚ ਰਜਿਸਟਰਡ ਕੀਤੇ ਗਏ ਵਿਦਿਆਰਥੀਆਂ ਨੂੰ ਪੂਰੀ ਲਗਨ ਮਿਹਨਤ ਨਾਲ ਕੋਚਿੰਗ ਦਿੱਤੀ ਜਾਵੇ।
ਇਸ ਮੌਕੇ ਤੇ ਬ੍ਰਿਗੇਡੀਅਰ ਕੇ ਐਸ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਸੈਨਿਕ ਭਲਾਈ ਵਿਭਾਗ ਵੱਲੋਂ ਇਸ ਸਬੰਧ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਐਨ ਡੀ ਏ ਦਾਖਲਾ ਟੈਸਟ ਨਾਲ ਸਬੰਧਤ ਸਿਲੇਬਸ ਅਤੇ ਕਿਤਾਬਾਂ ਦਾ ਸੈਟ ਮੁਹੱਈਆ ਕਰਵਾਇਆ ਜਾਵੇਗਾ। ਲੈਫ: ਕਰਨਲ ਮਨਮੋਹਨ ਸਿੰਘ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਜ਼ਿਲ੍ਹਾ ਸੈਨਿਕ ਭਲਾਈ ਵਿਭਾਗ ਜਲੰਧਰ ਵੱਲੋਂ 74 ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲਾ ਦਿਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਐਨ ਡੀ ਏ ਵਿੱਚ ਦਾਖਲਾ ਲੈਣ ਲਈ ਵਿਦਿਆਰਥੀਆਂ ਦੀ ਉਮਰ ਸਾਢੇ 16 ਸਾਲ ਤੋਂ 19 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਬਾਹਰਵੀਂ ਜਮਾਤ ਵਿੱਚ ਨਾਨ ਮੈਡੀਕਲ ਵਿਸ਼ੇ ਨਾਲ ਪੜ੍ਹ ਰਹੇ ਹੋਣ, ਉਨ੍ਹਾਂ ਨੂੰ ਐਨ ਡੀ ਏ ਵਿੱਚ ਜਾਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਤੇ ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਨੇ ਦੱਸਿਆ ਕਿ ਜ਼ਿਲ੍ਹੇ ਦੇ 8 ਨੋਡਲ ਸੈਂਟਰਾਂ ਵਿੱਚ ਐਨ ਡੀ ਏ ਦਾਖਲਾ ਟੈਸਟ ਲਈ ਮੁਫ਼ਤ ਕੋਚਿੰਗ ਦਸੰਬਰ ਦੀਆਂ ਛੁੱਟੀਆਂ 25 ਦਸੰਬਰ ਤੋਂ ਲੈ ਕੇ 31 ਦਸੰਬਰ 2011 ਤੱਕ ਅਤੇ ਅਪ੍ਰੈਲ ਵਿੱਚ 1 ਅਪ੍ਰੈਲ ਤੋਂ ਲੈ ਕੇ 14 ਅਪ੍ਰੈਲ 2012 ਤੱਕ ਦਿੱਤੀ ਜਾਵੇਗੀ। ਉਨ੍ਹਾਂ ਨੇ ਪ੍ਰਿੰਸੀਪਲਾਂ ਅਤੇ ਰਿਸੋਰਸ ਪਰਸਨਾਂ ਨੂੰ ਅਪੀਲ ਕੀਤੀ ਕਿ ਉਹ ਐਨ ਡੀ ਏ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਕੋਚਿੰਗ ਦੇਣ ਲਈ ਆਪਣੀ ਜਿੰਮੇਵਾਰੀ ਨਿਭਾਉਣ।
No comments:
Post a Comment