-ਜਿਆਣੀ ਨੇ ਗਣਤੰਤਰ ਦਿਵਸ 'ਤੇ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਦਿੱਤਾ ਸੰਦੇਸ਼
-ਕੈਬਨਿਟ ਮੰਤਰੀ ਵਲੋਂ ਵਿਦਿਅਕ ਅਦਾਰਿਆਂ 'ਚ 27 ਜਨਵਰੀ ਨੂੰ ਛੁੱਟੀ ਦਾ ਐਲਾਨ
ਹੁਸ਼ਿਆਰਪੁਰ, 26 ਜਨਵਰੀ: ਸਿਹਤ ਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਹੁਸ਼ਿਆਰਪੁਰ ਵਿਖੇ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਜ਼ਿਲ੍ਹਾ ਵਾਸੀਆਂ ਨੂੰ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਸਾਨੂੰ ਅੱਜ ਦਾ ਦਿਹਾੜਾ ਮਨਾਉਣ ਦਾ ਮੌਕਾ ਮਿਲਿਆ ਹੈ, ਇਸ ਲਈ ਨੌਜਵਾਨ ਪੀੜ੍ਹੀ ਨੂੰ ਇਹ ਕੁਰਬਾਨੀਆਂ ਹਮੇਸ਼ਾਂ ਯਾਦ ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ਅਤੇ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਤੋਂ ਬਾਅਦ ਸਾਡਾ ਦੇਸ਼ ਪੂਰੀ ਤਰ੍ਹਾਂ ਨਾਲ ਗਣਰਾਜ ਬਣਿਆ।
ਸ੍ਰੀ ਜਿਆਣੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਸਹੂਲਤ ਦਿੰਦਿਆਂ ਕੈਸ਼ਲੈਸ ਬੀਮਾ ਸਕੀਮ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਸਕੀਮ ਤਹਿਤ 3 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ 9 ਸਾਲਾਂ ਤੋਂ ਅਥਾਹ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਸਿਹਤ ਸਹੂਲਤਾਂ ਉਪਲਬੱਧ ਕਰਾਉਣ ਲਈ ਕਈ ਅਹਿਮ ਕਦਮ ਪੁਟੇ ਗਏ ਹਨ। ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਹਰ ਪੱਖ ਤੋਂ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।