ਹੁਸ਼ਿਆਰਪੁਰ, 12 ਮਾਰਚ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਦੂਸਰੀ ਮਾਸਿਕ ਕੌਮੀ ਲੋਕ ਅਦਾਲਤ ਲਗਾਈ ਗਈ। ਲੋਕ ਅਦਾਲਤ ਵਿੱਚ ਦੀਵਾਨੀ ਅਤੇ ਰੈਵਨਿਊ ਕੇਸਾਂ ਸਬੰਧੀ ਕੇਸਾਂ ਦਾ ਨਿਪਟਾਰਾ ਕਰਾਉਣ ਲਈ ਜਿਲ੍ਹਾ ਲੋਕ ਅਦਾਲਤ ਹੁਸ਼ਿਆਰਪੁਰ ਵਿਖੇ 4, ਮੁਕੇਰੀਆਂ ਵਿਖੇ 3, ਦਸੂਹਾ ਅਤੇ ਗੜ੍ਹਸ਼ੰਕਰ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ। ਇਹ ਲੋਕ ਅਦਾਲਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀ ਸੁਨੀਲ ਕੁਮਾਰ ਅਰੋੜਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਯੋਗ ਅਗਵਾਈ ਹੇਠ ਲਗਾਈ ਗਈ। ਜਿਲ੍ਹਾ ਹੁਸ਼ਿਆਰਪੁਰ ਦੀ ਕੌਮੀ ਮਾਸਿਕ ਲੋਕ ਅਦਾਲਤ ਵਿੱਚ 7063 ਕੇਸਾਂ ਦੀ ਸੁਣਵਾਈ ਹੋਈ ਅਤੇ 6139 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਨੂੰ ਕੁਲ 1516766/- ਰੁਪਏ ਦੀ ਰਾਸ਼ੀ ਦੇ ਕਲੇਮ ਦਿਵਾਏ ਗਏ।
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀ ਸੁਨੀਲ ਕੁਮਾਰ ਅਰੋੜਾ ਨੇ ਦੱਸਿਆ ਕਿ ਅਗਲੀ ਕੌਮੀ ਮਾਸਿਕ ਲੋਕ ਅਦਾਲਤਾਂ 9 ਅਪ੍ਰੈਲ 2016 ਨੂੰ ਲੇਬਰ ਅਤੇ ਫੈਮਲੀ ਕੇਸਾਂ ਲਈ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।
ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਸ੍ਰੀਮਤੀ ਰਸ਼ਮੀ ਸ਼ਰਮਾ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਅਤੇ ਇਸ ਨਾਲ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।