ਹੁਸ਼ਿਆਰਪੁਰ, 10 ਨਵੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ / ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ, ਡਰੱਮ ਆਦਿ ਵਜਾਉਣ/ ਚਲਾਉਣ, ਸ਼ੋਰ / ਧਮਾਕੇ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਨ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਇਸੇ ਹੁਕਮ ਰਾਹੀਂ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿਤੀ ਹੈ। ਜ਼ਿਲਾ ਮੈਜਿਸਟਰੇਟ ਨੇ ਸਾਇਲੈਂਸ ਜ਼ੌਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੌਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਉਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ਤੇ ਪੂਰਨ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਉਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ ਆਰਕੈਸਟਰਾ ,ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ)ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ / ਡੀ ਜੇ / ਸੰਗੀਤਕ ਯੰਤਰ / ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।
ਇੱਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੋਲਟਰੀ ਫਾਰਮਾਂ / ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ ਲਈ ਕਿਹਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੂਹ ਸਿਵਲ ਹਸਪਤਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨੇ ਅਤੇ ਰੈਲੀਆਂ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਕੀਤੇ ਜਾਂਦੇ ਧਰਨੇ ਅਤੇ ਰੈਲੀਆਂ ਨਾਲ ਮਰੀਜਾਂ ਦੀ ਤਕਲੀਫ਼ ਅਤੇ ਪ੍ਰੇਸ਼ਾਨੀ ਵਿੱਚ ਹੁੰਦੇ ਵਾਧੇ ਨੂੰ ਰੋਕਣ ਅਤੇ ਸਰਕਾਰੀ ਡਾਕਟਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਆਉਂਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਉਕਤ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ 6 ਜਨਵਰੀ 2017 ਤੱਕ ਲਾਗੂ ਰਹਿਣਗੇ।