-ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਬੈਠਕ ਕਰ ਕੇ ਲਿਆ ਪ੍ਰਬੰਧਾਂ ਦਾ ਜਾਇਜਾ
ਹੁਸ਼ਿਆਰਪੁਰ, 9 ਫਰਵਰੀ: ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ 15 ਫਰਵਰੀ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਮੁਕਤੀ ਦਿਵਸ 'ਤੇ 1 ਤੋਂ 19 ਸਾਲ ਉਮਰ ਦੇ ਸਾਰੇ ਬੱਚਿਆਂ ਨੂੰ ਐਲਬੈਂਡਾਜੋਲ ਦਵਾਈ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਮੁਫ਼ਤ ਦੇਣ ਲਈ ਯੋਜਨਾਬੱਧ ਤਰੀਕੇ ਨਾਲ ਸਾਰੇ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 'ਤੇ ਸਾਰੇ ਬੱਚਿਆਂ ਨੂੰ ਮੁਫ਼ਤ ਦਵਾਈ ਦੇਣ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਇਹ ਗੱਲ ਕਹੀ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਕੰਮ ਕਰਦੇ ਹੋਏ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਮਾਹਿਰਾਂ ਅਨੁਸਾਰ ਬੱਚਿਆਂ ਨੂੰ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾਣ।
ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਹਰ ਸਾਲ 15 ਫਰਵਰੀ ਨੂੰ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਜਾਂਦਾ ਹੈ। ਪੇਟ ਦੇ ਕੀੜੇ ਪ੍ਰਜੀਵੀ ਹੁੰਦੇ ਹਨ, ਜੋ ਜਿਉਂਦੇ ਰਹਿਣ ਲਈ ਇਨਸਾਨ ਦੀਆਂ ਅੰਤੜੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜੇ ਕਈ ਕਾਰਨਾਂ ਸਦਕਾ ਬੱਚੇ ਦੇ ਪੇਟ ਵਿੱਚ ਪਹੁੰਚ ਸਕਦੇ ਹਨ। ਇਨ੍ਹਾਂ ਕੀੜਿਆਂ ਦੀ ਇਨਫੈਕਸ਼ਨ ਦਾ ਬੱਚਿਆਂ ਦੀ ਸਿਹਤ ਉਪਰ ਮਾੜਾ ਅਸਰ ਪੈਂਦਾ ਹੈ। ਇਸ ਤੋਂ ਬਚਾਵ ਲਈ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣਾ ਅਤਿ ਜ਼ਰੂਰੀ ਹੈ ਅਤੇ ਨਾਲ ਹੀ ਪੀਣ ਲਈ ਹਮੇਸ਼ਾਂ ਸਾਫ਼ ਪਾਣੀ ਦੀ ਵਰਤੋਂ ਕਰਨ ਤੋਂ ਇਲਾਵਾ ਫ਼ਲਾਂ ਤੇ ਸਬਜ਼ੀਆਂ ਨੂੰ ਸਾਫ਼ ਪਾਣੀ ਵਿੱਚ ਧੋਹ ਕੇ ਬਣਾਉਣਾ ਚਾਹੀਦਾ ਹੈ। ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜੋਲ ਦੀ ਗੋਲੀ ਦਿੱਤੀ ਜਾਂਦੀ ਹੈ, ਜੋ ਡਾਕਟਰ ਦੀ ਸਲਾਹ ਅਨੁਸਾਰ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਪੇਟ ਦੇ ਕੀੜਿਆਂ ਤੋਂ ਬਚਾਓ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ।
ਇਸ ਮੌਕੇ 'ਤੇ ਆਈ.ਏ.ਐਸ ਅੰਡਰ ਟਰੇਨਿੰਗ ਸ੍ਰੀ ਪਰਮਵੀਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਵੀਰ ਸਿੰਘ, ਡਾ. ਗੁਨਦੀਪ ਕੌਰ, ਮੁਹੰਮਦ ਆਸਿਫ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਸਿੰਘ, ਡਿਪਟੀ ਡੀ.ਓ. ਸ਼ਲਿੰਦਰ ਠਾਕੁਰ, ਸਮੂਹ ਐਸ.ਐਮ.ਓ ਅਤੇ ਬੀ.ਪੀ.ਓ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
No comments:
Post a Comment