-ਨਕਲ ਰਹਿਤ ਕਰਵਾਈਆਂ ਜਾਣਗੀਆਂ ਪ੍ਰੀਖਿਆਵਾਂ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 28 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮੈਟ੍ਰਿਕ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਇਹ ਪ੍ਰੀਖਿਆਵਾਂ 29 ਮਾਰਚ ਤੱਕ ਚੱਲਣਗੀਆਂ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਨਕਲ ਰਹਿਤ ਕਰਵਾਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੌਰਾਨ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਪ੍ਰੀਖਿਆ ਕੇਂਦਰਾਂ ਨੇੜੇ ਖੜ੍ਹੇ ਹੋਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਾਬੰਦੀ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।Anandita Mitra |
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਹੈਡ ਕੁਆਰਟਰ 'ਤੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10.00 ਵਜੇ ਤੋਂ ਬਾਅਦ ਦੁਪਹਿਰ 1.15 ਵਜੇ ਤੱਕ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2.00 ਵਜੇ ਤੋਂ ਸ਼ਾਮ 5.15 ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਨੂੰ ਨਕਲ ਰਹਿਤ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਣ ਅਤੇ ਗਲਤ ਅਨਸਰਾਂ ਵਲੋਂ ਨਕਲ ਕਰਵਾਏ ਜਾਣ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਜ਼ਿਲ੍ਹਾ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸ੍ਰੀਮਤੀ ਮਿਤਰਾ ਨੇ ਅੱਗੇ ਦੱਸਿਆ ਕਿ ਸਬੰਧਤ ਐਸ.ਡੀ.ਐਮਜ਼ ਵਲੋਂ ਪ੍ਰੀਖਿਆ ਕੇਂਦਰਾਂ 'ਤੇ ਲਗਾਤਾਰ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਅਧੀਨ ਆਉਂਦੇ ਸੀ.ਆਰ.ਓਜ਼. ਅਤੇ ਬੀ.ਡੀ.ਪੀ.ਓਜ਼ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰਕੇ ਪ੍ਰੀਖਿਆ ਕੇਂਦਰਾਂ ਦੀ ਰਿਪੋਰਟ ਸਿੱਧੇ ਤੌਰ 'ਤੇ ਸਕੱਤਰ ਪੰਜਾਬ ਸਿੱਖਿਆ ਬੋਰਡ ਨੂੰ ਭੇਜਣਗੇ। ਉਨ੍ਹਾਂ ਦੱਸਿਆ ਕਿ ਲੋੜ ਮੁਤਾਬਕ ਜੇਕਰ ਲੜਕੀਆਂ ਦੀ ਤਲਾਸ਼ੀ ਕੀਤੀ ਜਾਵੇਗੀ, ਤਾਂ ਕੇਂਦਰ ਵਿਖੇ ਤਾਇਨਾਤ ਮਹਿਲਾ ਸੁਪਰਵਾਈਜ਼ਰ ਵਲੋਂ ਹੀ ਕੀਤੀ ਜਾਵੇਗੀ। ਉਨ੍ਹਾਂ ਪ੍ਰੀਖਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਕਲ ਤੋਂ ਗੁਰੇਜ਼ ਕਰਨ ਅਤੇ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਪ੍ਰੀਖਿਆ ਦੇਣ।
No comments:
Post a Comment