-ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ 5 ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ 2 ਗਿਣਤੀ ਹਾਲਾਂ ਵਿੱਚ ਕੀਤਾ ਗਿਆ ਹੈ ਪ੍ਰਬੰਧ
-ਅਗੇਤੇ ਪ੍ਰਬੰਧਾਂ ਲਈ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 02 ਮਾਰਚ-ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ 5 ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ 2 ਗਿਣਤੀ ਕੇਂਦਰ ਬਣਾਏ ਗਏ ਹਨ, ਜਿੱਥੇ 11 ਮਾਰਚ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਗਿਣਤੀ ਦੇ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ।
ਅੱਜ ਇੱਥੇ ਵੋਟਾਂ ਦੀ ਗਿਣਤੀ ਦੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਜ਼ਿਲ੍ਹਾ ਚੋਣ ਅਫਸਰ ਅਤੇ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਪੰਜਾਬ ਵਿਧਾਨ ਸਭਾ ਹਲਕਾ 39-ਮਕੇਰੀਆਂ, 41 ਉੜਮੁੜ, 42-ਸ੍ਰਾਮਚੁਰਾਸੀ, 44-ਚੱਬੇਵਾਲ ਅਤੇ ਵਿਧਾਨ ਸਭਾ ਹਲਕਾ 45-ਗੜ੍ਹਸ਼ੰਦਰ ਦੀਆਂ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ਪੰਜਾਬ ਵਿਧਾਨ ਸਭਾ ਹਲਕਾ 40-ਦਸੂਹਾ ਅਤੇ 43-ਹੁਸ਼ਿਆਰਪੁਰ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਹੋਵੇਗਾ, ਜਿੱਥੇ ਵੱਧ ਤੋਂ ਵੱਧ 14 ਮੇਜ਼ ਪ੍ਰਤੀ ਹਲਕਾ ਪ੍ਰਤੀ ਗੇੜ ਗਿਣਤੀ ਲਈ ਲਾਏ ਗਏ ਅਤੇ ਦੋ ਮੇਜ਼ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਲਈ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡਾਕ ਰਾਹੀਂ ਪ੍ਰਾਪਤ ਬੈਲਟ ਪੇਪਰਾਂ (ਪੋਸਟਲ ਬੈਲਟ) ਦੀ ਗਿਣਤੀ ਲਈ ਵੀ ਗਿਣਤੀ ਕੇਂਦਰਾਂ ਵਿੱਚ ਵਿਸ਼ੇਸ਼ ਪ੍ਰਬੰਧ ਹੋਵੇਗਾ ਅਤੇ ਸਭ ਤੋਂ ਪਹਿਲਾਂ ਪੋਸਟਲ ਬੈਲੇਟ ਦੀ ਗਿਣਤੀ ਸ਼ੁਰੂ ਕੀਤੀ ਜਾਵੇਗੀ। ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਗਿਣਤੀ ਕੇਂਦਰ 'ਤੇ ਪ੍ਰਤੀ ਗਿਣਤੀ ਮੇਜ਼ ਇੱਕ-ਇੱਕ ਗਿਣਤੀ ਸੁਪਰਵਾਈਜ਼ਰ, ਇੱਕ-ਇੱਕ ਗਿਣਤੀ ਸਹਾਇਕ ਅਤੇ ਇੱਕ-ਇੱਕ ਮਾਈਕ੍ਰੋ ਅਬਜ਼ਰਵਰ 'ਤੇ ਅਧਾਰਿਤ ਤਿੰਨ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫਸਰ ਨੇ ਹਦਾਇਤ ਕੀਤੀ ਕਿ ਗਿਣਤੀ ਕੇਂਦਰਾਂ ਅੰਦਰ ਆਰਜੀ ਉਸਾਰੀ/ਜਾਲੀਆਂ ਆਦਿ ਲਗਾਉਣ ਦਾ ਕੰਮ ਮੁੱਖ ਚੋਣ ਅਫ਼ਸਰ ਪੰਜਾਬ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਤਿੰਨ ਦਿਨਾਂ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਵੇ। ਇਹ ਕੰਮ ਕਰਨ ਲਈ ਜਾਣ ਵਾਲੇ ਦਫਤਰੀ ਸਟਾਫ, ਠੇਕੇਦਾਰ ਅਤੇ ਮਿਸਤਰੀ ਮਜਦੁਰਾਂ ਆਦਿ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣ। ਬਿਨਾਂ ਸ਼ਨਾਖਤੀ ਕਾਰਡ ਤੋਂ ਕੋਈ ਵੀ ਵਿਅਕਤੀ ਅੰਦਰ ਦਾਖਲ ਨਹੀਂ ਹੋ ਸਕਦਾ। ਉਨਾਂ ਇਹ ਵੀ ਕਿਹਾ ਕਿ ਬਿਹਤਰ ਹੋਵੇਗਾ ਕਿ ਵੱਖ ਵੱਖ ਟੀਮਾਂ ਵਲੋਂ ਇਹ ਕੰਮ ਇਕੋ ਸਮੇਂ ਕਰਵਾਇਆ ਜਾਵੇ। ਉਸਾਰੀ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਵਿੱਚ ਬਿਜਲੀ ਦੀ ਨਿਰੰਤਰ ਸਪਲਾਈ ਦਾ ਵੀ ਖਾਸ ਧਿਆਨ ਰੱਖਿਆ ਜਾਵੇ।
ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਐਸ.ਡੀ.ਐਮ. ਹੁਸ਼ਿਆਰਪੁਰ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ. ਦਸੂਹਾ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਅਮਿਤ ਮਹਾਜਨ, ਐਸ.ਡੀ.ਐਮ. ਗੜ੍ਹਸ਼ੰਕਰ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਉੜਮੁੜ ਸ੍ਰੀਮਤੀ ਜੀਵਨਜਗਜੋਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਸ਼ਾਮਚੁਰਾਸੀ ਸ੍ਰੀ ਦਿਨੇਸ਼ ਵਸ਼ਿਸ਼ਟ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਤਹਿਸੀਲਦਾਰ ਚੋਣਾਂ ਸ੍ਰੀ ਕਰਨੈਲ ਸਿੰਘ ਅਤੇ ਹੋਰ ਸਬੰਧਤ ਅਧਿਕਾਰੀ ਮੀਟਿੰਗ ਵਿੱਚ ਹਾਜਰ ਸਨ।
No comments:
Post a Comment