-6 ਮਈ ਤੱਕ ਰਹਿਣਗੇ ਲਾਗੂ
ਹੁਸ਼ਿਆਰਪੁਰ, 7 ਮਾਰਚ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ 7 ਵੱਖ-ਵੱਖ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਾਰੀ ਕੀਤੇ ਪਹਿਲੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ।ਜ਼ਿਲ੍ਹਾ ਮੈਜਿਸਟਰੇਟ ਨੇ ਜਾਬਤਾ ਫੌਜਦਾਰੀ 1973 ਦੀ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ, ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਡੇ ਬਣੇ ਧੂਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਦੁਆਰਾ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ, ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਹੁਕਮ ਵਿੱਚ ਉਨ੍ਹਾਂ ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ ਲਈ ਵੀ ਕਿਹਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਕ ਹੋਰ ਹੁਕਮ ਜਾਰੀ ਕਰਦਿਆਂ ਸਮੂਹ ਸਿਵਲ ਹਸਪਤਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਧਰਨੇ ਅਤੇ ਰੈਲੀਆਂ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵੱਲੋਂ ਕੀਤੇ ਜਾਂਦੇ ਧਰਨੇ ਅਤੇ ਰੈਲੀਆਂ ਨਾਲ ਮਰੀਜਾਂ ਦੀ ਤਕਲੀਫ਼ ਅਤੇ ਪ੍ਰੇਸ਼ਾਨੀ ਵਿੱਚ ਹੁੰਦੇ ਵਾਧੇ ਨੂੰ ਰੋਕਣ ਅਤੇ ਸਰਕਾਰੀ ਡਾਕਟਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਆਉਂਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਉਕਤ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਧਾਰਾ 144 ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ / ਪੰਚਾਇਤ , ਨਗਰ ਕੌਂਸਲ/ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਛੱਪੜ ਨਹੀਂ ਪੂਰੇਗਾ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ / ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ ਵਹਾਓ ਨੂੰ ਲੈ ਕੇ ਪਿੰਡਾਂ ਵਿੱਚ ਝੱਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ ਨੂੰ ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ।
ਜਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਵਿਆਹ ਸ਼ਾਦੀ ਅਤੇ ਹੋਰ ਸਮਾਗਮਾਂ ਸਮੇਂ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਕਰਨ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਆਪਣੇ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕੇਗਾ।
ਇੱਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਦੀ ਹਦੂਦ ਦੇ ਅੰਦਰ ਆਮ ਜਨਤਾ ਦੁਆਰਾ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ ਐਸ ਐਫ ਦੀ ਵਰਦੀ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ ਅਤੇ ਕੋਈ ਵੀ ਅਣ-ਅਧਿਕਾਰਤ ਵਿਅਕਤੀ ਇਸ ਵਰਦੀ ਦਾ ਪ੍ਰਯੋਗ ਨਹੀਂ ਕਰ ਸਕੇਗਾ। ਜਿਲ੍ਹਾ ਮੈਜਿਸਟਰੇਟ ਨੇ ਇਸ ਤਰ੍ਹਾਂ ਦੀਆਂ ਵਰਦੀਆਂ ਵੇਚਣ ਅਤੇ ਖਰੀਦ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ ਐਸ ਐਫ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
ਇਹ ਹੁਕਮ 6 ਮਈ 2017 ਤੱਕ ਲਾਗੂ ਰਹਿਣਗੇ।
No comments:
Post a Comment