-ਪਿਛਲੇ ਇਕ ਮਹੀਨੇ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ 'ਤੇ ਕੱਟੇ 6001 ਚਲਾਨ
-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ
ਹੁਸ਼ਿਆਰਪੁਰ, 18 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਟਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ, ਕਿਉਂਕਿ ਸੜਕ ਹਾਦਸਿਆਂ ਦਾ ਮੁੱਖ ਕਾਰਨ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤਹਿਤ ਪਿਛਲੇ ਇਕ ਮਹੀਨੇ ਦੌਰਾਨ 6001 ਚਲਾਨ ਕੱਟੇ ਗਏ ਹਨ ਅਤੇ ਵਿੱਢੀ ਗਈ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨ ਨਾਲ ਦੁਰਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ 11 ਸੰਭਾਵਿਤ ਦੁਰਘਟਨਾ ਖੇਤਰਾਂ ਦੀ ਪਹਿਚਾਣ ਕੀਤੀ ਗਈ ਹੈ। ਇਨ੍ਹਾਂ ਸੰਭਾਵਿਤ ਦੁਰਘਟਨਾ ਖੇਤਰਾਂ 'ਤੇ ਵਾਹਨ ਚਾਲਕਾਂ ਨੂੰ ਸੁਚੇਤ ਕਰਨ ਲਈ ਜਾਗਰੂਕਤਾ ਫਲੈਕਸ ਬੋਰਡ ਵੀ ਲਗਾਏ ਜਾਣਗੇ। ਉਨ੍ਹਾਂ ਸਬੰਧਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਓਵਰਲੋਡ ਅਤੇ ਹਾਈ ਸਪੀਡ ਵਾਹਨਾਂ ਦੇ ਚਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਓਵਰਲੋਡ ਅਤੇ ਹਾਈ ਸਪੀਡ ਵਾਹਨ ਜਿਥੇ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ, ਉਥੇ ਓਵਰਲੋਡ ਵਾਹਨਾਂ ਦੁਆਰਾ ਸੜਕਾਂ ਜਲਦ ਖਰਾਬ ਹੋ ਜਾਂਦੀਆਂ ਹਨ। ਉਨ੍ਹਾਂ ਮੁਕੇਰੀਆਂ ਅਤੇ ਤਲਵਾੜਾ ਖੇਤਰਾਂ ਸਮੇਤ ਜ਼ਿਲ੍ਹੇ ਵਿੱਚ ਕਰੈਸ਼ਰ ਨੂੰ ਢੋਹਣ ਵਾਲੇ ਓਵਰਲੋਡ ਵਾਹਨਾਂ 'ਤੇ ਵੀ ਨਾਕੇ ਲਗਾ ਕੇ ਕਾਰਵਾਈ ਕਰਨ ਦੀ ਹਦਾਇਤ ਕੀਤੀ।ਸ੍ਰੀ ਵਿਪੁਲ ਉਜਵਲ ਨੇ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਟਰੈਫਿਕ ਸਮੱਸਿਆ ਲਈ ਪੁਖਤਾ ਪ੍ਰਬੰਧ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ 24 ਅਗਸਤ ਤੋਂ ਸ਼ੁਰੂ ਹੋਣ ਵਾਲੇ ਇਸ ਮੇਲੇ ਦੌਰਾਨ ਸੜਕ ਦੇ ਆਲੇ-ਦੁਆਲੇ ਕਿਸੇ ਨੂੰ ਵੀ ਬਿਨ੍ਹਾਂ ਪ੍ਰਵਾਨਗੀ ਡੀ.ਜੇ. ਸਿਸਟਮ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਕਿਉਂਕਿ ਕਈ ਵਾਰ ਡੀ.ਜੇ. 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਗੀਤ ਚਲਾ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਸਬ ਡਵੀਜ਼ਨ ਪੱਧਰ 'ਤੇ ਬਿਨ੍ਹਾਂ ਬੱਸ ਅੱਡੇ ਤੋਂ ਰੋਡ ਉਪਰ ਹੀ ਸਵਾਰੀਆਂ ਚੁੱਕਣ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਦੀ ਹਦਾਇਤ ਵੀ ਕੀਤੀ। ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਸ੍ਰੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਵੀ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।
No comments:
Post a Comment