- ਕਿਹਾ, ਕੰਬਾਇਨਾਂ 'ਤੇ ਸੁਪਰ ਐਸ.ਐਮ.ਐਸ. ਲਗਾਉਣ ਲਈ 50 ਹਜ਼ਾਰ ਰੁਪਏ ਦਿੱਤੀ ਜਾ ਰਹੀ ਹੈ ਸਬਸਿਡੀ
- ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਕਰੀਬ 2000 ਕਿਸਾਨਾਂ ਨੇ ਲਿਆ ਲਾਹਾ
ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤੀ ਵਿੱਚ ਹੀ ਦਬਾਉਣ ਲਈ ਵੱਖ-ਵੱਖ ਕਿਸਮ ਦੀ ਮਸ਼ੀਨਰੀ ਸਬਸਿਡੀ 'ਤੇ ਉਪਲਬੱਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਵਲੋਂ ਕੰਬਾਇਨਾਂ ਦੀ ਵਰਤੋਂ ਕਰਕੇ ਕਟਾਈ ਕੀਤੀ ਜਾਂਦੀ ਹੈ, ਉਨ੍ਹਾਂ ਵਲੋਂ ਸੁਪਰ ਐਸ.ਐਮ.ਐਸ. ਲੱਗੀਆਂ ਕੰਬਾਇਨਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸੁਪਰ ਐਸ.ਐਮ.ਐਸ. ਲਗਾਉਣ ਲਈ 50 ਹਜ਼ਾਰ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਅਜਿਹੇ ਕਿਸਾਨ ਮੇਲਿਆਂ ਵਿੱਚ ਕਿਸਾਨਾਂ ਦਾ ਆਪਸ ਵਿੱਚ ਤਾਲਮੇਲ ਹੁੰਦਾ ਹੈ ਅਤੇ ਕਈ ਨਵੀਆਂ ਤਕਨੀਕਾਂ ਦਾ ਅਦਾਨ-ਪ੍ਰਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਦੌਰਾਨ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਲਿਆਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਵੱਧ ਤੋਂ ਵੱਧ ਸਹਾਇਕ ਧੰਦੇ ਅਪਨਾ ਕੇ ਆਪਣੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰ ਸਕਦੇ ਹਨ। ਉਨ੍ਹਾਂ ਇਸ ਮੌਕੇ ਵੱਖ-ਵੱਖ ਸਟਾਲਾਂ ਦਾ ਦੌਰਾ ਵੀ ਕੀਤਾ।
ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਡਾ. ਜਸਵੀਰ ਸਿੰਘ ਬੈਂਸ ਨੇ ਦੱਸਿਆ ਕਿ ਪਾਣੀ ਦਾ ਡਿੱਗ ਰਿਹਾ ਪੱਧਰ ਇਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਸਾਨਾਂ ਨੂੰ ਅਜਿਹੇ ਖੇਤੀ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ, ਜਿਸ ਨਾਲ ਪਾਣੀ ਦੀ ਬੇਲੋੜੀ ਵਰਤੋਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਆਦਿ ਅਪਣਾਈ ਜਾ ਸਕਦੀ ਹੈ। ਖੇਤੀਬਾੜੀ ਅਫ਼ਸਰ (ਜਨਰਲ) ਡਾ. ਗੁਰਬਖਸ਼ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਹਿੰਦਰ ਸਿੰਘ ਬੈਂਸ ਅਤੇ ਡਾ. ਗੁਰਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਆਈ ਟੀਮ ਦੇ ਮਾਹਿਰਾਂ ਵਲੋਂ ਖੇਤੀਬਾੜੀ ਦੀਆਂ ਵੱਖ-ਵੱਖ ਤਕਨੀਕਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਕਿਸਾਨ ਮੇਲੇ ਵਿੱਚ ਵੱਖ-ਵੱਖ ਵਿਭਾਗਾਂ, ਸੈਲਫ ਹੈਲਪ ਗਰੁੱਪਾਂ, ਅਦਾਰਿਆਂ ਅਤੇ ਪ੍ਰਾਈਵੇਟ ਕੰਪਨੀਆਂ ਵਲੋਂ ਕਰੀਬ 40 ਸਟਾਲ ਵੀ ਲਗਾਏ ਗਏ। ਵੱਖ-ਵੱਖ ਤਰ੍ਹਾਂ ਦੀ ਵਰਤੀ ਜਾਂਦੀ ਖੇਤੀ ਮਸ਼ੀਨਰੀ ਨੂੰ ਦੇਖਣ ਲਈ ਕਿਸਾਨਾਂ ਵਲੋਂ ਕਾਫੀ ਉਤਸ਼ਾਹ ਵਿਖਾਇਆ ਗਿਆ। ਕਿਸਾਨ ਮੇਲੇ ਵਿੱਚ ਡਾ. ਸਰਵਿੰਦਰ ਸਿੰਘ, ਡਾ. ਮਨਜੀਤ ਸਿੰਘ, ਡਾ. ਕਿਸ਼ੋਰੀ ਲਾਲ, ਡਾ. ਜਸਵੀਰ ਸਿੰਘ, ਡਾ. ਸੁਰਿੰਦਰ ਸਿੰਘ ਭੌਂ-ਪਰਖ ਅਫ਼ਸਰ ਅਤੇ ਹੋਰ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
No comments:
Post a Comment