- ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ
- ਕਿਹਾ, ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਖਿਲਾਫ਼ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਕਾਫ਼ੀ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਅਤੇ ਸਾਹ ਲੈਣਾ ਵੀ ਮੁਸ਼ਕਲ ਹੋ ਜਾਂਦਾ ਹੈ, ਇਸ ਲਈ ਇਸ ਰੁਝਾਨ ਨੂੰ ਰੋਕਣਾ ਬਹੁਤ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਜ਼ੁਰਮਾਨਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਵਰਗੀ ਨਵੀਂ ਤਕਨੀਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੁਪਰ ਐਸ.ਐਮ.ਐਸ. ਦੇ ਪ੍ਰਯੋਗ ਤੋਂ ਬਿਨ੍ਹਾਂ ਕੰਬਾਇਨਾਂ ਰਾਹੀਂ ਫ਼ਸਲ ਦੀ ਕਟਾਈ ਕਰਨ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਵੀ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਿਸਟਮ ਨੂੰ ਕੰਬਾਇਨ ਪਿੱਛੇ ਲਗਾ ਕੇ ਪ੍ਰਯੋਗ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਾਰੀਕ ਕਰਕੇ ਖੇਤ ਵਿੱਚ ਹੀ ਆਸਾਨੀ ਨਾਲ ਇਕਸਾਰ ਖਿਲਾਰਨ ਉਪਰੰਤ ਰੋਟਾਵੇਟਰ ਦੀ ਵਰਤੋਂ ਕਰਕੇ ਮਿੱਟੀ ਵਿੱਚ ਮਿਲਾਇਆ ਜਾ ਸਕਦਾ ਹੈ। ਇਸ ਲਈ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨੂੰ ਹਰ ਇਕ ਹਾਰਵੈਸਟਰ ਕੰਬਾਇਨ ਦੇ ਮਗਰ ਲਾਜ਼ਮੀ ਤੌਰ 'ਤੇ ਲਗਾਉਣ ਉਪਰੰਤ ਹੀ ਝੋਨੇ ਦੀ ਫਸਲ ਦੀ ਕਟਾਈ ਕਰਨ ਦੀ ਇਜ਼ਾਜ਼ਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਜ਼ਿਲ੍ਹੇ ਵਿੱਚ ਬਾਹਰੋਂ ਫ਼ਸਲ ਦੀ ਕਟਾਈ ਕਰਨ ਆਉਣ ਵਾਲੀਆਂ ਸਾਰੀਆਂ ਕੰਬਾਇਨਾਂ ਲਈ ਵੀ ਲਾਜ਼ਮੀ ਹੋਵੇਗਾ।
No comments:
Post a Comment