- 1 ਲੱਖ 5 ਹਜ਼ਾਰ ਰੁਪਏ ਦੇ ਕੀਤੇ ਜ਼ੁਰਮਾਨੇ
- ਉਪਗ੍ਰਹਿ ਰਾਹੀਂ ਆਕਾਸ਼ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ 'ਤੇ ਤਿੱਖੀ ਨਜ਼ਰ
- ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 27 ਅਕਤੂਬਰ: ਪੰਜਾਬ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀਆਂ ਘਟਨਾਵਾਂ 'ਤੇ ਸੈਟੇਲਾਈਟ ਜ਼ਰੀਏ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ 'ਤੇ ਤੁਰੰਤ ਐਕਸ਼ਨ ਲਿਆ ਜਾ ਰਿਹਾ ਹੈ, ਜਿਸ ਸਦਕਾ ਜ਼ਿਲ੍ਹੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 39 ਕੇਸ ਸਾਹਮਣੇ ਆਏ ਹਨ। ਫੜੇ ਗਏ ਇਨ੍ਹਾਂ ਕੇਸਾਂ ਵਿੱਚ ਸਬੰਧਤ ਵਿਅਕਤੀਆਂ ਨੂੰ 1 ਲੱਖ 5 ਹਜ਼ਾਰ ਰੁਪਏ ਤੱਕ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਲੁਧਿਆਣਾ ਤੋਂ ਚੱਲ ਰਹੇ ਸੈਟੇਲਾਈਟ (ਉਪਗ੍ਰਹਿ) ਰਾਹੀਂ ਜਿਸ ਸਥਾਨ 'ਤੇ ਅੱਗ ਲੱਗੀ ਹੈ, ਉਸ ਬਾਰੇ ਤੁਰੰਤ ਪਤਾ ਲੱਗ ਜਾਂਦਾ ਹੈ ਅਤੇ ਇਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਠਿਤ ਸਬੰਧਤ ਟੀਮਾਂ ਨੂੰ ਮੋਬਾਇਲ ਮੈਸੇਜ਼ ਜ਼ਰੀਏ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੈਟੇਲਾਈਟ ਰਾਹੀਂ ਆਕਾਸ਼ ਤੋਂ ਨਿਗਰਾਨੀ ਰੱਖਣ ਨਾਲ ਜਿੱਥੇ ਕਿਤੇ ਵੀ ਕੋਈ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾਏਗਾ, ਨਾਲੋ ਨਾਲ ਉਪਗ੍ਰਹਿ ਦੀਆਂ ਤਸਵੀਰਾਂ ਪ੍ਰਾਪਤ ਹੋ ਜਾਂਦੀਆਂ ਹਨ ਅਤੇ ਉਸੇ ਸਮੇਂ ਚੌਕਸੀ ਟੀਮ ਵਲੋਂ ਤੁਰੰਤ ਸਬੰਧਤ ਕਿਸਾਨ ਦੇ ਖੇਤ ਤੱਕ ਪਹੁੰਚ ਕੇ ਕਾਰਵਾਈ ਆਰੰਭੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਅਜਿਹੇ 39 ਕੇਸ ਫੜੇ ਗਏ ਹਨ, ਜਿਨ੍ਹਾਂ ਵਿੱਚ ਗੜ੍ਹਸ਼ੰਕਰ ਤਹਿਸੀਲ ਵਿੱਚ 25, ਦਸੂਹਾ ਤਹਿਸੀਲ ਵਿੱਚ 11, ਜਦਕਿ ਮੁਕੇਰੀਆਂ ਤਹਿਸੀਲ ਵਿੱਚ 3 ਕੇਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਸਾਂ ਵਿੱਚ ਸਬੰਧਤ ਵਿਅਕਤੀਆਂ ਨੂੰ 1 ਲੱਖ 5 ਹਜ਼ਾਰ ਰੁਪਏ ਜ਼ੁਰਮਾਨਾ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੜ੍ਹਸ਼ੰਕਰ ਦੇ 25 ਕੇਸਾਂ ਵਿੱਚ 67,500 ਰੁਪਏ, ਦਸੂਹਾ ਦੇ 11 ਕੇਸਾਂ ਵਿੱਚ 30,000 ਜਦਕਿ ਮੁਕੇਰੀਆਂ ਦੇ 3 ਕੇਸਾਂ ਵਿੱਚ 7,500 ਰੁਪਏ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਹੁਕਮਾਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬਲਾਕ ਪੱਧਰ 'ਤੇ 14 ਮੋਨੀਟਰਿੰਗ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 90 ਅਧਿਕਾਰੀ (ਅਫ਼ਸਰ ਇੰਚਾਰਜ) ਨਿਗਰਾਨੀ ਵਜੋਂ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਇਹ ਮੋਨੀਟਰਿੰਗ ਟੀਮਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਐਨ.ਜੀ.ਟੀ. ਵਲੋਂ ਅੱਗ ਲਗਾਉਣ 'ਤੇ ਪੂਰਨ ਮਨਾਹੀ ਕੀਤੀ ਗਈ ਹੈ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 2 ਏਕੜ ਤੋਂ ਘੱਟ ਵਾਲੇ ਕਿਸਾਨ ਨੂੰ 25,00 ਰੁਪਏ, 2 ਤੋਂ 5 ਏਕੜ ਵਾਲੇ ਕਿਸਾਨ ਨੂੰ 5 ਹਜ਼ਾਰ ਰੁਪਏ ਅਤੇ 5 ਤੋਂ ਵੱਧ ਏਕੜ ਵਾਲੇ ਕਿਸਾਨ ਨੂੰ 15 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾ ਰਿਹਾ ਹੈ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਖੇਤ ਵਿਚ ਹੀ ਵਹਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂਆਂ ਦੇ ਸੁੱਕੇ ਚਾਰੇ ਵਜੋਂ ਵੀ ਕੀਤੀ ਜਾ ਸਕਦੀ ਹੈ, ਇਸ ਲਈ ਜਿੱਥੇ ਪਰਾਲੀ ਦਾ ਨਿਪਟਾਰਾ ਅਸਾਨੀ ਨਾਲ ਹੋ ਸਕੇਗਾ, ਉਥੇ ਪਸ਼ੂ ਪਾਲਣ ਲਈ ਸਸਤਾ ਚਾਰਾ ਉਪਲੱਬਧ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ, ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ 'ਤੇ ਪ੍ਰਤੀ ਏਕੜ 2856 ਕਿਲੋ ਕਾਰਬਨ ਡਾਈਆਕਸਾਈਡ, 120 ਕਿਲੋ ਕਾਰਬਨ ਮੋਨੋਆਕਸਾਈਡ, 4 ਕਿਲੋ ਸਲਫਰ ਡਾਈਆਕਸਾਈਡ ਅਤੇ 6 ਕਿਲੋ ਧੂੜ ਦੇ ਕਣ ਪੈਦਾ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਹ ਹਾਨੀਕਾਰਕ ਗੈਸਾਂ ਮਨੁੱਖ ਅਤੇ ਜਾਨਵਰਾਂ ਦੀ ਸਿਹਤ ਲਈ ਕਾਫ਼ੀ ਘਾਤਕ ਹਨ।
No comments:
Post a Comment