- ਭੇਦਭਾਵ ਨੂੰ ਛੱਡ ਕੇ ਭਾਰਤੀ ਹੋਣ ਦਾ ਫਰਜ਼ ਪਹਿਲ ਦੇ ਆਧਾਰ 'ਤੇ ਨਿਭਾਉਣਾ ਚਾਹੀਦਾ : ਡਿਪਟੀ ਕਮਿਸ਼ਨਰ
- ਰਾਸ਼ਟਰੀ ਏਕਤਾ ਦਿਵਸ 'ਤੇ ਹਾਫ਼ ਮੈਰਾਥਨ ਦੌੜ ਤੋਂ ਇਲਾਵਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਚੁਕਾਈ ਸਹੁੰ
ਹੁਸ਼ਿਆਰਪੁਰ, 31 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਰਾਸ਼ਟਰੀ ਏਕਤਾ ਅਤੇ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਦੇਸ਼ ਦੇ ਹਰੇਕ ਨਾਗਰਿਕ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਸੀ ਭੇਦਭਾਵ ਨੂੰ ਛੱਡ ਕੇ ਭਾਰਤੀ ਹੋਣ ਦਾ ਫਰਜ਼ ਪਹਿਲ ਦੇ ਆਧਾਰ 'ਤੇ ਨਿਭਾਉਣਾ ਚਾਹੀਦਾ ਹੈ। ਉਹ ਅੱਜ ਕੌਮੀ ਏਕਤਾ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਾ ਰਹੇ ਸਨ।
ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਦਾਰ ਵਲੱਭ ਭਾਈ ਪਟੇਲ ਦਾ ਜਨਮ 31 ਅਕਤੂਬਰ 1875 ਨੂੰ ਨਡਿਆਦ (ਗੁਜਰਾਤ) ਵਿਖੇ ਹੋਇਆ ਸੀ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਸਰਦਾਰ ਵਲੱਭ ਭਾਈ ਪਟੇਲ ਦੇ ਆਦਰਸ਼ਾਂ 'ਤੇ ਚੱਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਦੇਸ਼ ਦੀ
ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਸਰਦਾਰ ਵਲੱਭ ਭਾਈ ਪਟੇਲ ਦੀ ਸੋਚ ਅਤੇ ਦੂਰਦ੍ਰਿਸ਼ਟੀ ਨੂੰ ਅਪਨਾਈਏ। ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਸਿੰਘ ਮਿਤਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਇਸ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਹਾਫ਼ ਮੈਰਾਥਨ ਦੌੜ ਵੀ ਕਰਵਾਈ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਦੌੜ ਸਰਵਿਸ ਕਲੱਬ ਹੁਸ਼ਿਆਰਪੁਰ ਤੋਂ ਸ਼ੁਰੂ ਹੋਈ ਅਤੇ ਇਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ ਦੀ ਅਗਵਾਈ ਵਿੱਚ ਕਰੀਬ 400 ਸਰਕਾਰੀ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਦੇ ਮੁਲਾਜ਼ਮਾਂ ਨੇ ਵੀ ਵੱਧ ਚੜ੍ਹ ਕੇ ਇਸ ਰਾਸ਼ਟਰੀ ਏਕਤਾ ਦਿਵਸ 'ਤੇ ਕਰਵਾਈ ਗਈ ਹਾਫ ਮੈਰਾਥਨ ਦੌੜ ਵਿੱਚ ਹਿੱਸਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਮਨਾਉਣ ਦਾ ਅਸਲ ਮਕਸਦ ਆਪਸ ਵਿੱਚ ਏਕਤਾ ਦੀ ਭਾਵਨਾ ਨੂੰ ਪੈਦਾ ਕਰਨਾ ਹੈ। ਏਕਤਾ ਅਤੇ ਸੁਰੱਖਿਆ ਦੋ ਅਜਿਹੇ ਮੁੱਦੇ ਹਨ, ਜਿਸ 'ਤੇ ਸਮੂਹ ਭਾਈਚਾਰਕ ਸਾਂਝ ਰਾਹੀਂ ਹੀ ਜਾਗਰੂਕਤਾ ਲਿਆਂਦੀ ਜਾ ਸਕਦੀ ਹੈ। ਇਸ ਮੌਕੇ 'ਤੇ ਡੀ.ਐਸ.ਪੀ. ਸ੍ਰੀ ਸੁਖਵਿੰਦਰ ਸਿੰਘ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਹੋਮਗਾਰਡਜ਼ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment