- ਕਾਰਪੋਰੇਸ਼ਨ, ਸਿਹਤ ਵਿਭਾਗ, ਜਨ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਕਿਹਾ, ਡੇਂਗੂ ਅਤੇ ਪੀਲੀਏ ਦੀ ਬਿਮਾਰੀ ਸਬੰਧੀ ਵੱਧ ਤੋਂ ਵੱਧ ਫੈਲਾਈ ਜਾਵੇ ਜਾਗਰੂਕਤਾ, ਫੌਗਿੰਗ ਕਰਵਾਉਣੀ ਵੀ ਬਣਾਈ ਜਾਵੇ ਯਕੀਨੀ
- ਡੇਂਗੂ ਦੇ ਲੱਛਣ ਸਾਹਮਣੇ ਆਉਣ 'ਤੇ ਨੇੜੇ ਦੇ ਸਿਹਤ ਕੇਂਦਰ ਕੀਤਾ ਜਾਵੇ ਸੰਪਰਕ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਦੇ ਕਾਰਕ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਰੱਖਿਆਤਮਕ ਉਪਾਵਾਂ ਨੂੰ ਅਮਲ ਵਿਚ ਲਿਆਂਦਾ ਜਾਵੇ, ਕਿਉਂਕਿ ਇਸ ਬਾਰੇ ਸੁਚੇਤ ਹੋਣ ਨਾਲ ਹੀ ਇਸ ਬਿਮਾਰੀ ਤੋਂ ਦੂਰ ਰਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਵਿੱਢ ਕੇ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੁਨੇਹਾ ਪਹੁੰਚਾਇਆ ਜਾਵੇ ਕਿ ਆਪਣੇ ਆਸ ਪਾਸ ਕਿੱਧਰੇ ਵੀ ਬਰਸਾਤੀ ਜਾਂ ਸਧਾਰਨ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਕੇਵਲ 15 ਦਿਨ ਹੋਰ ਸਾਵਧਾਨੀਆਂ ਵਰਤਣ ਦੀ ਲੋੜ ਹੈ, ਕਿਉਂਕਿ ਸੀਜ਼ਨ ਦੀ ਸਮਾਪਤੀ ਹੋਣ ਵਾਲੀ ਹੈ। ਉਨ੍ਹਾਂ ਜਿੱਥੇ ਮਿਉਂਸਪਲ ਕਾਰਪੋਰੇਸ਼ਨ ਨੂੰ ਲਗਾਤਾਰ ਫੌਗਿੰਗ ਯਕੀਨੀ ਬਣਾਉਣ ਲਈ ਕਿਹਾ, ਉਥੇ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਵੀ ਡੇਂਗੂ ਦੇ ਮੱਛਰ ਤੋਂ ਬਚਾਅ ਸਬੰਧੀ ਸਾਵਧਾਨੀਆਂ ਬਾਰੇ ਬੱਚਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੇ ਸ਼ੱਕੀ ਮਰੀਜ਼ਾਂ ਵਾਲੇ ਖੇਤਰਾਂ ਅਤੇ ਲਾਰਵਾ ਪਾਏ ਜਾਣ ਵਾਲੇ ਹੋਰਨਾਂ ਸੰਭਾਵਿਤ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਤੇਜ਼ ਸਿਰਦਰਦ ਅਤੇ ਬਦਨ ਦਰਦ ਦੇ ਨਾਲ ਜੋੜਾਂ ਵਿੱਚ ਦਰਦ ਆਦਿ ਲੱਛਣਾਂ ਦੀ ਸ਼ਿਕਾਇਤ ਹੋਵੇ ਤਾਂ ਬਿਨ੍ਹਾਂ ਦੇਰੀ ਕੀਤਿਆਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਐਸ.ਐਮ.ਓ. ਹਾਜੀਪੁਰ ਡਾ. ਮਨੋਜ ਮਹਿਤਾ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਪੀਲੀਏ ਦੀ ਬਿਮਾਰੀ ਵਾਲੇ ਪਿੰਡਾਂ ਵਿੱਚ ਪਬਲਿਕ ਹੈਲਥ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਪੀਣ ਵਾਲੇ ਪਾਣੀ ਦੀ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਇਸ ਬਿਮਾਰੀ ਤੋਂ ਬੱਚਣ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਵੀ ਕਰਵਾਇਆ ਜਾਵੇ, ਤਾਂ ਜੋ ਉਹ ਪ੍ਰ੍ਰਹੇਜ਼ ਕਰਕੇ ਇਸ ਬਿਮਾਰੀ ਤੋਂ ਬੱਚ ਸਕਣ। ਉਨ੍ਹਾਂ ਕਿਹਾ ਕਿ ਟੈਂਕੀਆਂ ਦੀ ਸਾਫ਼ ਸਫਾਈ ਅਤੇ ਕਲੋਰੀਰੇਸ਼ਨ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸ਼ੱਕੀ ਮਰੀਜ਼ ਸਾਹਮਣੇ ਆਉਣ 'ਤੇ ਉਨ੍ਹਾਂ ਦੇ ਇਲਾਜ਼ ਲਈ ਉਚਿਤ ਪ੍ਰਬੰਧ ਕਰ ਲਏ ਜਾਣ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਹਰਬੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਾਜੇਸ਼ ਗਰਗ, ਐਸ.ਐਮ.ਓ. ਡਾ. ਵਿਨੋਦ ਸਰੀਨ, ਵੈਕਟਰ ਬਾਰਨ ਬਿਮਾਰੀਆਂ ਦੇ ਪ੍ਰੋਗਰਾਮ ਅਫ਼ਸਰ ਡਾ. ਸਲੇਸ਼ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
ਸਾਵਧਾਨੀਆਂ : ਘਰਾਂ ਦੀਆਂ ਛੱਤਾਂ 'ਤੇ ਪਏ ਟੁੱਟੇ ਬਰਤਨਾਂ, ਡਰੱਮਾਂ, ਪੰਛੀਆਂ ਦੇ ਪੀਣ ਲਈ ਰੱਖੇ ਗਏ ਪਾਣੀ ਦੇ ਬਰਤਨਾਂ, ਘਰਾਂ ਦੇ ਅੰਦਰ ਪਏ ਗਮਲਿਆਂ ਅਤੇ ਆਪਣੇ ਆਸ-ਪਾਸ ਬਰਸਾਤੀ ਜਾਂ ਸਧਾਰਨ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਫਰਿੱਜਾਂ ਦੀਆਂ ਟਰੇਆਂ ਅਤੇ ਕੂਲਰਾਂ ਦੀ ਨਿਯਮਤ ਸਫ਼ਾਈ ਕਰਕੇ ਹਫ਼ਤੇ ਵਿੱਚ ਇਕ ਵਾਰ ਸੁਕਾਉਣਾ ਬਹੁਤ ਜ਼ਰੂਰੀ ਹੈ। ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨੇ ਜਾਣ, ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ।
ਪੀਲੀਏ ਦੀ ਬਿਮਾਰੀ ਬਾਰੇ ਕਰਵਾਇਆ ਜਾਣੂ: ਉਧਰ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਐਸ.ਐਮ.ਓ ਹਾਜੀਪੁਰ ਡਾ. ਮਨੋਜ ਮਹਿਤਾ ਦੀ ਅਗਵਾਈ ਵਿਚ ਪਿੰਡ ਫਹਿਤਪੁਰ ਵਿਖੇ ਇਕ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਬਿਮਾਰੀ ਦੇ ਲੱਛਣਾਂ ਅਤੇ ਪ੍ਰਹੇਜ਼ ਬਾਰੇ ਇਲਾਕਾ ਵਾਸੀਆਂ ਨੂੰ ਦੱਸਿਆ ਗਿਆ। ਐਸ.ਐਮ.ਓ ਨੇ ਕਿਹਾ ਕਿ ਇਲਾਕੇ ਵਿਚ ਪਬਲਿਕ ਹੈਲਥ ਦੇ ਅਧਿਕਾਰੀਆਂ ਸਮੇਤ ਪੀਣ ਵਾਲੇ ਪਾਣੀ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਸਾਫ ਪਾਣੀ ਪੀਣ ਦੇ ਨਾਲ-ਨਾਲ ਢੱਕੀਆਂ ਹੋਈਆਂ ਹੀ ਫਲ-ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜਨ ਸਿਹਤ ਵਿਭਾਗ ਵਲੋਂ ਟੈਂਕੀਆਂ ਦੀ ਸਫਾਈ ਕੀਤੀ ਜਾ ਰਹੀ ਹੈ ਅਤੇ ਕਲੋਰੀਨੇਸ਼ਨ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਦੇ ਇਲਾਜ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
No comments:
Post a Comment