ਪਿੰਡ ਬੁੱਢਾਬੜ ਵਿਖੇ ਕੈਂਪ ਲਗਾ ਕੇ ਪਿੰਡ ਵਾਸੀਆਂ ਨੂੰ ਯੋਜਨਾਵਾਂ ਸਬੰਧੀ ਦਿੱਤੀ ਜਾਵੇ ਜਾਣਕਾਰੀ : ਵਿਜੇ ਸਾਂਪਲਾ
- ਮੁੱਖ ਡਾਕਘਰ ਦੇ ਅਧਿਕਾਰੀਆਂ ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਦਿੱਤੇ ਦਿਸ਼ਾ-ਨਿਰਦੇਸ਼
ਹੁਸ਼ਿਆਰਪੁਰ, 24 ਨਵੰਬਰ:ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਮੁੱਖ ਡਾਕਘਰ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆ ਕਿਹਾ ਕਿ ਸੰਸਦ ਆਦਰਸ਼ ਗਰਾਮ ਯੋਜਨਾ ਤਹਿਤ ਅਪਨਾਏ ਗਏ ਪਿੰਡ ਬੁੱਢਾਬੜ ਵਿਖੇ ਸਾਰੇ ਪਿੰਡ ਵਾਸੀਆਂ ਨੂੰ ਪੋਸਟਲ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਰੂਰਲ ਪੋਸਟਲ ਲਾਈਫ ਇੰਸ਼ੋਰੈਸ ਸਕੀਮ
ਤਹਿਤ ਸ਼ਰਤਾਂ ਪੂਰੀਆਂ ਕਰਨ ਵਾਲੇ ਪਿੰਡ ਦੇ ਹਰ ਘਰ ਦੇ ਪਰਿਵਾਰਕ ਮੈਂਬਰਾਂ ਦਾ ਬੀਮਾ ਕੀਤਾ ਜਾਵੇ। ਉਨ੍ਹਾਂ ਨੇ ਮੁੱਖ ਡਾਕਘਰ ਦੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਕਿਹਾ ਕਿ ਪਿੰਡ ਵਾਸੀਆਂ ਨੂੰ ਬੀਮਾ ਯੋਜਨਾ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਆਯੋਜਿਤ ਕੀਤੇ ਜਾਣ ਅਤੇ ਪਿੰਡ ਵਾਸੀਆਂ ਨੂੰ ਬੀਮਾ ਯੋਜਨਾ ਦੀਆਂ ਸ਼ਰਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਡਾਕ ਵਿਭਾਗ ਵਲੋਂ ਜੋ ਵੀ ਭਲਾਈ ਸਕੀਮਾਂ ਜਾਂ ਬੱਚਤ ਯੋਜਨਾਵਾਂ ਡਾਕਘਰਾਂ ਵਿੱਚ ਚਲਾਈਆਂ ਜਾਂਦੀਆਂ ਹਨ, ਉਸ ਸਬੰਧੀ ਵੀ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੀ ਕੀਤੀ ਹੋਈ ਬੱਚਤ ਭਵਿੱਖ ਵਿੱਚ ਕੰਮ ਆਉਂਦੀ ਹੈ। ਕੇਂਦਰ ਸਰਕਾਰ ਵਲੋਂ ਡਾਕਘਰਾਂ ਰਾਹੀਂ ਕਈ ਤਰ੍ਹਾਂ ਦੀ ਬੱਚਤ ਯੋਜਨਾਵਾਂ ਚਾਲੂ ਕੀਤੀਆਂ ਗਈਆਂ ਹਨ, ਜਿਸ ਦਾ ਹਰ ਇਕ ਨੂੰ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਪੋਸਟ ਮਾਸਟਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਬੁੱਢਾਬੜ ਵਿਖੇ 25 ਨਵੰਬਰ ਨੂੰ ਵਿਸ਼ੇਸ਼ ਕੈਂਪ ਰਾਹੀਂ ਪਿੰਡ ਵਾਸੀਆਂ ਨੂੰ ਸਾਰੀਆਂ ਯੋਜਨਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ ਅਤੇ ਘਰ-ਘਰ ਜਾ ਕੇ ਪਿੰਡ ਵਾਸੀਆਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ। ਇਸ ਮੌਕੇ ਸੁਪਰਵਾਈਸਰ ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਰਾਜੇਸ਼ ਕੁਮਾਰ ਅਤੇ ਸ੍ਰੀ ਭਾਰਤ ਭੂਸ਼ਨ ਵੀ ਮੌਜੂਦ ਸਨ।
No comments:
Post a Comment