- ਪੰਜਾਬ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੇ ਸਰਕਾਰੀ ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ
ਦਫ਼ਤਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਪੰਜਾਬ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਸ੍ਰੀ ਜਗਦੀਪ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਰਾਈਟ ਟੂ ਸਰਵਿਸ ਐਕਟ ਅਧੀਨ ਆਮ ਜਨਤਾ ਨੂੰ ਮਿਥੇ ਗਏ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਆਪਣੀ ਸਰਕਾਰੀ ਕਾਰਵਾਈ ਮਿਥੇ ਗਏ ਸਮੇਂ ਅੰਦਰ ਹੀ ਪੂਰੀ ਕਰਨੀ ਚਾਹੀਦੀ ਹੈ, ਤਾਂ ਜੋ ਆਮ ਜਨਤਾ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗ ਆਪਣੇ ਦਫ਼ਤਰਾਂ ਵਿੱਚ ਰਾਈਟ ਟੂ ਸਰਵਿਸ ਸਬੰਧੀ ਰਜਿਸਟਰ ਲਗਾ ਕੇ ਮੇਨਟੇਨ ਕਰਨ ਅਤੇ ਜਿਹੜੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਉਸ ਨੂੰ ਸਮਾਂਬੱਧ ਸੂਚੀ ਸਮੇਤ ਕਲਮਬੰਧ ਕੀਤਾ ਜਾਵੇ। ਉਨ੍ਹਾਂ ਨੇ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਇਕ ਨਿਸ਼ਚਿਤ ਯੋਜਨਾ ਬਣਾ ਕੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਿਹਾ, ਤਾਂ ਜੋ ਕਿਸੇ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਦਿੱਤੀਆਂ ਗਈਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ ਅਤੇ ਕਾਰਵਾਈ ਦੀ ਰਿਪੋਰਟ ਕਮਿਸ਼ਨ ਨੂੰ ਭੇਜਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ 'ਤੇ ਸਹਾਇਕ ਸਿਵਲ ਸਰਜਨ ਡਾ. ਰਾਜੇਸ਼ ਗਰਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਜ਼ਿਲ੍ਹਾ ਈ-ਗਵਰਨੈਸ ਕੁਆਰਡੀਨੇਟਰ ਸ੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
No comments:
Post a Comment