ਹੁਸ਼ਿਆਰਪੁਰ, 9 ਨਵੰਬਰ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਵੱਖ-ਵੱਖ ਪਾਬੰਦੀਆਂ ਦੇ ਪੰਜ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ 'ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ 'ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ 'ਤੇ ਵੀ ਲਾਗੂ ਨਹੀਂ ਹੋਵੇਗਾ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਮਕਾਨ ਮਾਲਕਾਂ, ਮਕਾਨ 'ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ 'ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ਼ ਕਰਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀ ਲਗਾ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਵੀ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਮਨਜ਼ੂਰੀ ਤੋਂ ਬਿਨ੍ਹਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਵੇਲੇ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ/ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਏ ਜਾਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਕਤ 5 ਹੁਕਮ 6 ਜਨਵਰੀ 2018 ਤੱਕ ਲਾਗੂ ਰਹਿਣਗੇ।
No comments:
Post a Comment