ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਮੀਲ ਪੱਥਰ ਸਾਬਤ ਹੋਵੇਗੀ ਸਰਬੱਤ ਵਿਕਾਸ ਯੋਜਨਾ : ਡਿਪਟੀ ਕਮਿਸ਼ਨਰ
- ਕਿਹਾ, ਪਰਿਵਾਰਕ ਮੈਂਬਰਾਂ ਸਮੇਤ ਸਾਰੀ ਮੁਢਲੀ ਜਾਣਕਾਰੀ ਮੁਹੱਈਆ ਕਰਾਉਣ ਪਿੰਡ ਵਾਸੀ
- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਸਿੰਗੜੀਵਾਲ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
ਹੁਸ਼ਿਆਰਪੁਰ, 20 ਨਵੰਬਰ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਮੀਲ ਪੱਥਰ ਸਾਬਤ
ਹੋਵੇਗੀ। ਉਹ ਅੱਜ ਪਿੰਡ ਸਿੰਗੜੀਵਾਲਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ ਅਤੇ ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ
ਸਰਕਾਰ ਵਲੋਂ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਪਿੰਡਾਂ ਵਿੱਚ ਰਹਿਣ ਵਾਲੇ ਪਰਿਵਾਰਕ ਮੈਂਬਰਾਂ ਦਾ ਨਾਮ, ਪਤਾ, ਉਮਰ ਸਮੇਤ ਪੂਰਾ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਡਾਟਾ ਬੇਸ ਨੂੰ ਕੰਪਿਊਟਰ ਰਾਹੀਂ ਰਿਕਾਰਡ ਕੀਤਾ ਜਾਵੇਗਾ ਅਤੇ ਸਮੇਂ-ਸਮੇਂ 'ਤੇ ਇਸ ਡਾਟਾ ਬੇਸ ਨੂੰ ਅਪਡੇਟ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਸਾਰੇ ਪਿੰਡ ਵਾਸੀ ਆਪਣੀ ਪੂਰੀ ਮੁਢਲੀ ਜਾਣਕਾਰੀ ਫਾਰਮ ਵਿੱਚ ਬਣਾਏ ਗਏ ਕਾਲਮ ਅਨੁਸਾਰ ਦਰਜ ਕਰਾਉਣ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਪਿੰਡ ਵਾਸੀ ਸਰਕਾਰੀ ਸਕੀਮਾਂ ਦਾ ਲਾਭ ਲੈ ਰਿਹਾ ਹੈ ਜਾਂ ਨਹੀਂ ਲੈ ਰਿਹਾ ਹੈ, ਤਾਂ ਵੀ ਉਹ ਸਹੀ ਵੇਰਵਿਆਂ ਸਮੇਤ ਆਪਣੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਉਣ।
ਉਨ੍ਹਾਂ ਕਿਹਾ ਕਿ ਪੂਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਇਹ ਦੇਖਿਆ ਜਾਵੇਗਾ ਕਿ ਜਿਹੜੀਆਂ ਸਕੀਮਾਂ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਹਨ, ਉਨ੍ਹਾਂ ਵਿੱਚ ਕਿਹੜੀਆਂ ਸਕੀਮਾਂ ਕਿਹੜੇ ਪਰਿਵਾਰ ਲਈ ਢੁਕਵੀਆਂ ਹਨ ਅਤੇ ਕਿਹੜੀਆਂ ਸਕੀਮਾਂ ਦਾ ਲਾਭ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਰਾਹੀਂ ਸਰਕਾਰ ਦਾ ਇਹ ਪੂਰਾ ਯਤਨ ਹੈ ਕਿ ਸਾਰੀਆਂ ਭਲਾਈ ਸਕੀਮਾਂ ਦਾ ਲਾਹਾ ਰਾਜ ਦਾ ਹਰ ਇਕ ਜ਼ਰੂਰਤਮੰਦ ਵਿਅਕਤੀ ਲੈ ਸਕੇ। ਇਸ ਉਦੇਸ਼ ਨੂੰ ਸਫ਼ਲ ਬਣਾਉਣ ਲਈ ਪਿੰਡ ਵਾਸੀਆਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ। ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਤਹਿਸੀਲਦਾਰ ਅਰਵਿੰਦ ਪ੍ਰਕਾਸ਼ ਵਰਮਾ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿੱਤਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ-ਆਪਣੇ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ। ਇਸ ਮੌਕੇ 'ਤੇ ਬੀ.ਡੀ.ਪੀ.ਓ. ਸ੍ਰੀ ਦਵਿੰਦਰ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।
No comments:
Post a Comment