- 'ਦਿਸ਼ਾ' ਤਹਿਤ ਸਿੱਖਿਆ ਅਤੇ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਵਿਦਿਆਰਥੀਆਂ ਨੁੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਜਿਥੇ ਜ਼ਿਲ੍ਹੇ ਵਿੱਚ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਕੁਝ ਕਮੀਆਂ ਵੀ ਹਨ, ਜਿਸ ਨੂੰ ਠੀਕ ਕਰਨ ਦੀ ਲੋੜ ਹੈ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹੇ ਦੇ 23 ਵਿਦਿਆਰਥੀਆਂ ਨੇ ਮੈਰਿਟ ਵਿੱਚ ਆ ਕੇ ਹੁਸ਼ਿਆਰਪੁਰ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਇਸ ਮੌਕੇ 2 ਹੋਣਹਾਰ ਵਿਦਿਆਰਥਣਾਂ ਨੂੰ ਸਕਾਲਰਸ਼ਿਪ ਦੇ ਚੈਕ ਵੀ ਭੇਟ ਕੀਤੇ, ਜਿਨ੍ਹਾਂ ਵਿੱਚ ਸੰਤ ਹਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਮਖਸੂਸਪੁਰ ਦੀ ਵਿਦਿਆਰਥਣ ਨੇਹਾ ਨੂੰ 50 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦੀ ਹਰਮਨਪ੍ਰੀਤ ਨੂੰ 40 ਹਜ਼ਾਰ ਰੁਪਏ ਦੇ ਚੈਕ ਅਤੇ ਸਰਟੀਫਿਕੇਟ ਦਿੱਤੇ ਗਏ ਹਨ।
ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਉਨ੍ਹਾਂ ਨੂੰ ਸਿਹਤ ਸਹੂਲਤ ਲੈਣ ਲਈ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਜਨਨੀ ਸੁਰੱਖਿਆ ਯੋਜਨਾ, ਪਲਸ ਪੋਲੀਓ ਮੁਹਿੰਮ, ਆਸ਼ਾ ਟਰੇਨਿੰਗ ਪ੍ਰੋਗਰਾਮ, ਸਕੂਲ ਹੈਲਥ ਪ੍ਰੋਗਰਾਮ, ਪੇਂਡੂ ਸਿਹਤ ਮਿਸ਼ਨ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ, ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤੱਵ ਅਭਿਆਨ, ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ, ਫੂਡ ਸੇਫ਼ਟੀ ਪ੍ਰੋਗਰਾਮ ਸਬੰਧੀ ਚੱਲ ਰਹੀਆਂ ਯੋਜਨਾਵਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕਿਸ਼ਨ ਸਿੰਘ, ਐਸ.ਐਸ.ਪੀ. ਸ੍ਰੀ ਜੇ. ਇਲੈਨਚੇਜ਼ੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ੍ਰੀ ਸਲਵਿੰਦਰ ਸਿੰਘ ਸਮਰਾ, ਸਿਵਲ ਸਰਜਨ ਡਾ. ਰੇਨੂ ਸੂਦ, ਸੀਨੀਅਰ ਡਿਪਟੀ ਮੇਅਰ ਸ੍ਰੀ ਪ੍ਰੇਮ ਸਿੰਘ ਪਿੱਪਲਾਂਵਾਲਾ, ਡਿਪਟੀ ਮੇਅਰ ਸ੍ਰੀਮਤੀ ਸ਼ੁਕਲਾ ਸ਼ਰਮਾ, ਸ੍ਰੀ ਭਾਰਤ ਭੂਸ਼ਨ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
No comments:
Post a Comment