ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪ੍ਰਸ਼ਾਸ਼ਨ ਗੰਭੀਰ
- ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਐਸ.ਡੀ.ਐਮ. ਦਸੂਹਾ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 1 ਦਸੰਬਰ:ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਨਿਰਦੇਸ਼ਾਂ 'ਤੇ ਅੱਜ ਐਸ.ਡੀ.ਐਮ. ਹੁਸ਼ਿਆਰਪੁਰ ਦੇ ਦਫ਼ਤਰ ਐਸ.ਡੀ.ਐਮ. ਸ੍ਰੀ ਜਿਤੇਂਦਰ ਜੋਰਵਾਲ ਅਤੇ ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਵਿਸ਼ੇਸ਼ ਬੈਠਕ ਹੋਈ। ਇਸ ਮੌਕੇ ਉਕਤ ਅਧਿਕਾਰੀਆਂ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਚਲਾਈਆਂ ਜਾਂਦੀਆਂ ਲੋਕ ਭਲਾਈ
ਸਕੀਮਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਿਯੁਕਤ ਕੀਤੇ ਗਏ ਨੋਡਲ ਅਫ਼ਸਰਾਂ ਨੂੰ ਵਿਸ਼ੇਸ਼ ਤੌਰ 'ਤੇ ਟਰੇਨਿੰਗ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨੋਡਲ ਅਫ਼ਸਰਾਂ ਦੀ ਅਗਵਾਈ ਹੇਠ ਬਣਾਈਆਂ ਗਈਆਂ ਟੀਮਾਂ ਪਿੰਡਾਂ ਵਿੱਚ ਜਾ ਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜਾਰੀ ਕੀਤੇ ਗਏ ਫਾਰਮ ਅਨੁਸਾਰ ਡਾਟਾ ਇਕੱਠਾ ਕਰੇਗੀ। ਇਸ ਡਾਟਾ ਦੇ ਆਧਾਰ 'ਤੇ ਸਰਕਾਰ ਵਲੋਂ ਚਲਾਈਆਂ ਗਈਆਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੋਡਲ ਅਫ਼ਸਰਾਂ ਨੂੰ ਆਪਣੇ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਦੀ ਕਿਸਮ, ਉਦੇਸ਼ ਅਤੇ ਮਾਪਦੰਡ ਸਬੰਧੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਜੋ ਮੌਕੇ 'ਤੇ ਪਰਿਵਾਰਕ ਮੈਂਬਰਾਂ ਵਲੋਂ ਪੁੱਛੇ ਜਾਂਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੱਖਰੇ ਤੌਰ 'ਤੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਸ਼ੇਸ਼ ਤੌਰ 'ਤੇ ਬੈਠਕ ਵੀ ਬੁਲਾਈ ਜਾ ਰਹੀ ਹੈ ਅਤੇ ਅਧਿਕਾਰੀਆਂ ਵਲੋਂ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਨੋਡਲ ਅਫ਼ਸਰਾਂ ਨੂੰ ਵਿਸਥਾਰ ਨਾਲ ਟਰੇਨਿੰਗ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ 'ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਵੈਟਰਨਰੀ ਡਾ. ਮਨਮੋਹਨ ਸਿੰਘ ਦਰਦੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment