- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ 'ਚ ਅਧਿਕਾਰੀਆਂ ਨੂੰ ਸਮੇਂ ਸਿਰ ਵਿਕਾਸ ਕਾਰਜਾਂ ਦੇ ਕੰਮ ਪੂਰਾ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
ਹੁਸ਼ਿਆਰਪੁਰ, 15 ਦਸੰਬਰ:ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਮੁਖੀ ਆਪਣੇ-ਆਪਣੇ ਵਿਭਾਗਾਂ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੇ ਕੰਮ ਤਹਿ ਸਮੇਂ ਅੰਦਰ ਪੂਰਾ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਪੂਰੇ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਵੀ ਸਮੇਂ ਸਿਰ ਦੇਣਾ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਸਬੰਧੀ ਜੇਕਰ ਕਿਸੇ ਵਿਭਾਗ ਨੂੰ ਦੂਸਰੇ ਵਿਭਾਗ ਨਾਲ ਕੋਈ ਸਮੱਸਿਆ ਆਉਂਦੀ ਹੈ, ਤਾਂ ਆਪਸੀ ਤਾਲਮੇਲ ਦੁਆਰਾ ਸਹਿਯੋਗ ਕਰਕੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗਾਂ ਦੀ ਆਪਸੀ ਤਾਲਮੇਲ ਦੀ ਕਮੀ ਕਾਰਨ ਵਿਕਾਸ ਦਾ ਕੋਈ ਕੰਮ ਨਹੀਂ ਰੁਕਣਾ ਚਾਹੀਦਾ।
ਵਧੀਕ ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ. ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਹੜੇ ਵਿਭਾਗਾਂ ਵਿੱਚ ਉਨ੍ਹਾਂ ਦਾ ਬਿਜਲੀ ਸਬੰਧੀ ਕੋਈ ਕੰਮ ਪੈਡਿੰਗ ਪਿਆ ਹੈ, ਉਸ ਨੂੰ ਪਹਿਲ ਦੇ ਅਧਾਰ 'ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਆਪਣੇ-ਆਪਣੇ ਖੇਤਰ ਵਿੱਚ ਚੱਲ ਰਹੇ ਕੰਮਾਂ ਵਿਚ ਤੇਜੀ ਲਿਆਉਣ ਲਈ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਕੰਮ ਅਜੇ ਤੱਕ ਪੈਡਿੰਗ ਪਏ, ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਪ੍ਰੋਗਰਾਮ ਅਫ਼ਸਰ, ਪਬਲਿਕ ਹੈਲਥ, ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ, ਡਰੇਨੇਜ਼, ਪੰਚਾਇਤੀ ਰਾਜ, ਜ਼ਿਲ੍ਹਾ ਭਲਾਈ ਅਫ਼ਸਰ, ਮੰਡਲ ਭੂਮੀ ਰੱਖਿਆ ਅਫ਼ਸਰ, ਸੀਵਰੇਜ਼ ਬੋਰਡ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਦੇਣ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਉਪ ਅਰਥ ਅੰਕੜਾ ਤੇ ਸਲਾਹਕਾਰ ਸ੍ਰੀਮਤੀ ਭੁਪਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਵਿਨੇ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
No comments:
Post a Comment