- ਵਧੀਕ ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਕੀਤਾ ਦੌਰਾ
ਹੁਸ਼ਿਆਰਪੁਰ, 18 ਦਸੰਬਰ:ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਗਏ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਜਿਥੇ ਮਰੀਜ਼ਾਂ ਨੂੰ ਨਸ਼ਾ ਛੁਡਾਉਣ ਲਈ ਸਹਾਈ ਸਾਬਤ ਹੋ ਰਹੇ ਹਨ, ਉਥੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਕਾਰਗਰ ਸਿੱਧ ਹੋ ਰਹੇ ਹਨ। ਉਹ ਅੱਜ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕਰ ਰਹੇ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੇਂਦਰ ਵਿੱਚ ਕਰੀਬ 12 ਮਰੀਜ਼ ਹਨ, ਜਿਨ੍ਹਾਂ ਦਾ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਖ-ਵੱਖ ਕਿੱਤਾਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਲਈ ਪੰਜਾਬ ਪੁਲਿਸ ਦੇ ਵਲੰਟੀਅਰਾਂ ਵਲੋਂ ਰੋਜ਼ਾਨਾ ਕਸਰਤ ਵੀ ਕਰਵਾਈ ਜਾਂਦੀ ਹੈ, ਜਦਕਿ ਯੋਗਾ ਅਤੇ ਹੋਰ ਧਾਰਮਿਕ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਖੇਡ ਮੈਦਾਨ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰ ਵਿੱਚ ਇਲਾਜ ਕਰਵਾਉਣ ਵਾਲੇ ਵਿਅਕਤੀਆਂ ਲਈ ਵੱਖ-ਵੱਖ ਵੋਕੇਸ਼ਨਲ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ।
ਇਸ ਮੌਕੇ ਸ੍ਰੀ ਹਰਬੀਰ ਸਿੰਘ ਨੇ ਇਲਾਜ ਕਰਵਾਉਣ ਵਾਲੇ ਉਕਤ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੱਡਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕੇਂਦਰ ਲਈ ਤਾਇਨਾਤ ਅਧਿਕਾਰੀਆਂ ਨੂੰ ਮਰੀਜ਼ਾਂ ਦੇ ਪੁਨਰਵਾਸ ਅਤੇ ਉਨ੍ਹਾਂ ਦੇ ਮਨੋਬਲ ਵਿੱਚ ਵਾਧਾ ਕਰਨ ਲਈ ਕੇਂਦਰ ਵਿੱਚ ਹੋਰ ਵੀ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ।
ਇਸ ਮੌਕੇ ਮੈਡੀਕਲ ਅਫ਼ਸਰ ਡਾ. ਗੁਰਵਿੰਦਰ ਸਿੰਘ, ਕੇਂਦਰ ਮੈਨੇਜਰ ਨਿਸ਼ਾ ਰਾਣੀ, ਕੌਂਸਲਰ ਸੰਦੀਪ ਕੁਮਾਰੀ, ਨਰਸਿੰਗ ਸਟਾਫ ਸ੍ਰੀ ਜਸਵੀਰ ਗਿੱਲ, ਸ੍ਰੀ ਰਾਮ ਚੰਦ, ਐਕਟੀਵਿਟੀ ਕੋਆਰਡੀਨੇਟਰ ਸ੍ਰੀ ਪ੍ਰਸ਼ਾਂਤ ਅਤੇ ਸਰੀਤਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
No comments:
Post a Comment