ਹੁਸ਼ਿਆਰਪੁਰ, 8 ਦਸੰਬਰ: ਭਾਰਤੀ ਖੇਤੀ ਖੋਜ ਪ੍ਰੀਸ਼ਦ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪ੍ਰਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਵਿਸ਼ਵ ਭੂਮੀ ਦਿਵਸ 'ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਖੋਜ ਤੇ ਪ੍ਰਸਾਰ ਅਤੇ ਫ਼ਲ ਤੇ ਸਬਜ਼ੀ ਉਤਪਾਦਕ ਕਮੇਟੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੈਂਬਰ ਮਹਿੰਦਰ ਸਿੰਘ ਦੋਸਾਂਝ ਨੇ ਕੀਤੀ।
ਸਮਾਗਮ ਦੌਰਾਨ ਡਿਪਟੀ ਡਾਇਰੈਕਟਰ ਡਾ. ਮਨਿੰਦਰ ਸਿੰਘ ਬੌਂਸ ਨੇ ਮੁੱਖ ਮਹਿਮਾਨਾਂ ਅਤੇ ਕਿਸਾਨਾਂ ਦਾ ਸਵਾਗਤ ਕਰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰਧਾਨਗੀ ਭਾਸ਼ਣ ਵਿੱਚ ਮਹਿੰਦਰ ਸਿੰਘ
ਦੋਸਾਂਝ ਨੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਵਾਇਆ ਅਤੇ ਜਾਂਚ ਅਨੁਸਾਰ ਖਾਦਾਂ ਵਰਤਣ 'ਤੇ ਜੋਰ ਦਿੱਤਾ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਸੰਭਾਲਣ ਲਈ ਉਲੀਕੀ ਗਈ ਮੁਹਿੰਮ ਤਹਿਤ ਕੀਤੇ ਗਏ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਸਬੰਧੀ ਜਾਗਰੂਕ ਕੀਤਾ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਸਾਬਕਾ ਐਸੋਸੀਏਟ ਡਾਇਰੈਕਟਰ ਡਾ. ਇੰਦਰਜੀਤ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਕਰਨ ਲਈ ਕਿਹਾ ਅਤੇ ਕੇਂਦਰ ਦੀ ਮਿੱਟੀ ਪਰਖ ਸਹੂਲਤ ਦਾ ਫਾਇਦਾ ਲੈਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਸਮਾਗਮ ਦੌਰਾਨ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਤੋਂ ਵਿਜੇ ਬੰਬੇਲੀ ਨੇ ਭੂਮੀ ਅਤੇ ਪਾਣੀ ਸੰਭਾਲ ਸਬੰਧੀ ਨੁਕਤੇ ਸਾਂਝੇ ਕੀਤੇ। ਮਾਰਕਫੈਡ ਤੋਂ ਆਏ ਸੁਖਪਾਲ ਸਿੰਘ ਨੇ ਵਿਭਾਗੀ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਿਰ ਡਾ. ਅਰੁਣਵੀਰ ਸਿੰਘ ਅਤੇ ਡਾ. ਪਵਿੱਤਰ ਸਿੰਘ ਨੇ ਸਰਦੀਆਂ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ, ਹਾੜੀ ਦੀਆਂ ਫ਼ਸਲਾਂ ਦੇ ਨਦੀਨ ਤੇ ਖਾਦ ਪ੍ਰਬੰਧ ਅਤੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਦੌਰਾਨ ਮਾਰਕਫੈਡ, ਸੰਧਿਆ ਸੈਲਫ ਹੈਲਪ ਗਰੁੱਪ, ਮੈਲੀ ਅਤੇ ਬੇਬੇ ਨਾਨਕੀ ਸੈਲਫ ਹੈਲਪ ਗਰੁੱਪ ਚੱਬੇਵਾਲ ਵਲੋਂ ਵੀ ਵਿਕਰੀ ਲਈ ਪ੍ਰਦਰਸ਼ਨੀ ਲਗਾਈ ਗਈ। ਅਖੀਰ ਵਿੱਚ ਕਿਸਾਨਾਂ ਨੂੰ ਭੂਮੀ ਸਿਹਤ ਕਾਰਡ ਵੀ ਵੰਡੇ ਗਏ। ਇਸ ਮੌਕੇ ਡਾ. ਪ੍ਰਿੰਸੀ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਕਿਸਾਨ ਅਤੇ ਕੇਂਦਰ ਦੇ ਸਟਾਫ਼ ਮੈਂਬਰ ਮੌਜੂਦ ਸਨ।
No comments:
Post a Comment