- ਸਰਬੱਤ ਵਿਕਾਸ ਯੋਜਨਾ ਰਾਹੀਂ ਘਰ-ਘਰ ਤੱਕ ਪਹੁੰਚਾਈਆਂ ਜਾਣਗੀਆਂ ਲੋਕ ਭਲਾਈ ਸਕੀਮਾਂ : ਏ. ਡੀ. ਸੀ.
ਹੁਸ਼ਿਆਰਪੁਰ, 2 ਦਸੰਬਰ:ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਤਹਿਤ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਨੋਡਲ ਅਫ਼ਸਰਾਂ ਨੂੰ ਟਰੇਨਿੰਗ ਦਿੱਤੀ ਗਈ। ਇਸ ਦੌਰਾਨ ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਲ ਅਤੇ ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਚੱਲ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਨਾਲ ਨੋਡਲ ਅਫ਼ਸਰਾਂ ਨੂੰ ਟਰੇਨਿੰਗ ਦੇਣ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਮੁੱਖ ਉਦੇਸ਼ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਸ ਯੋਜਨਾ ਦੇ ਤਹਿਤ ਜਮੀਨੀ ਪੱਧਰ 'ਤੇ ਪਿੰਡ-ਪਿੰਡ ਵਿੱਚ ਜਾ ਕੇ ਨੋਡਲ ਅਫ਼ਸਰ ਆਪਣੀ ਟੀਮ ਦੇ ਸਹਿਯੋਗ ਨਾਲ ਪਰਿਵਾਰਕ ਮੈਂਬਰਾਂ ਦੇ ਨਾਮ, ਉਮਰ, ਆਮਦਨੀ ਦੇ ਸਰੋਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਇਕੱਤਰ ਕਰਕੇ ਨਿਰਧਾਰਤ ਕੀਤੇ ਗਏ ਪ੍ਰੋਫਾਰਮੇ ਵਿੱਚ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਇਸ ਇਕੱਤਰ ਕੀਤੇ ਗਏ ਡਾਟਾ ਦੇ ਆਧਾਰ 'ਤੇ ਹੀ ਇਹ ਪਤਾ ਚੱਲ ਸਕੇਗਾ ਕਿ ਕਿਹੜੀਆਂ ਸਰਕਾਰੀ ਸਕੀਮਾਂ ਦਾ ਲਾਭ ਪਿੰਡ ਵਾਸੀ ਲੈ ਰਹੇ ਹਨ ਅਤੇ ਹੋਰ ਕਿਹੜੀਆਂ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾ ਕਿਹਾ ਕਿ ਇਸ ਤਰ੍ਹਾਂ ਜ਼ਰੂਰਤ ਤੇ ਯੋਗਤਾ ਅਨੁਸਾਰ ਸਾਰੇ ਲਾਭਪਾਤਰੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਦਾ ਲਾਭ ਮਿਲ ਸਕੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
No comments:
Post a Comment