- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ
ਹੁਸ਼ਿਆਰਪੁਰ, 15 ਦਸੰਬਰ:ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸਰਦੀ ਅਤੇ ਧੁੰਦ ਦੇ ਮੌਸਮ ਦੌਰਾਨ ਵਿਜੀਬਿਲਟੀ ਘੱਟ ਹੋਣ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਟਰੈਕਟਰ-ਟਰਾਲੀਆਂ ਅਤੇ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਕੀਤੀ ਗਈ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਵੇਰ ਅਤੇ ਰਾਤ ਦੇ ਸਮੇਂ ਜ਼ਿਆਦਾ ਧੁੰਦ ਹੋਣ ਕਾਰਨ ਸੜਕ ਦੁਰਘਟਨਾਵਾਂ ਹੋਣ ਦਾ ਖਦਸ਼ਾ ਵੱਧ ਜਾਂਦਾ ਹੈ। ਇਸ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਵਲੋਂ ਥਾਂ-ਥਾਂ 'ਤੇ ਟਰੈਕਟਰ ਟਰਾਲੀਆਂ ਨੂੰ ਰੋਕ ਕੇ ਰਿਫਲੈਕਟਰ ਲਗਾਏ ਜਾਣ, ਤਾਂ ਜੋ ਦੂਰ ਤੋਂ ਹੀ ਦੇਖ ਕੇ ਸਾਵਧਾਨੀ ਵਰਤੀ ਜਾ ਸਕੇ। ਉਨ੍ਹਾਂ ਨੇ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜਕਾਂ 'ਤੇ ਬਣੀ ਚਿੱਟੀ ਪੱਟੀ ਵੀ ਸਪੱਸ਼ਟ ਤੌਰ 'ਤੇ ਦਿਖਣਯੋਗ ਹੋਣੀ ਚਾਹੀਦੀ ਹੈ, ਤਾਂ ਕਿ ਸਾਵਧਾਨੀ ਨਾਲ ਵਾਹਨ ਚਲਾਏ ਜਾ ਸਕਣ।
ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ ਪਹੁੰਚਾਉਣ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਸਰਪੰਚਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਟਰੈਕਟਰ-ਟਰਾਲੀਆਂ ਦੇ ਪਿੱਛੇ ਰਿਫਲੈਕਟਰ ਲਗਾਉਣ ਸਬੰਧੀ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਨੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਜਗ੍ਹਾ 'ਤੇ ਕੋਈ ਦੁਰਘਟਨਾ ਹੋਣ ਦੀ ਸੂਰਤ ਵਿਚ ਭੀੜ ਵਾਲੇ ਸਥਾਨ ਤੋਂ ਐਬੂਲੈਂਸ ਲੰਘਾਉਣ ਲਈ ਪਹਿਲਾਂ ਤੋਂ ਹੀ ਯੋਜਨਾ ਬਣਾਈ ਜਾਵੇ। ਇਸ ਦੌਰਾਨ ਜ਼ਿਲ੍ਹਾ ਟਰੈਫਿਕ ਪੁਲਿਸ ਅਤੇ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਸੀਟ ਬੈਲਟ, ਓਵਰ ਲੋਡ, ਹੈਲਮਟ, ਨਜਾਇਜ਼ ਪਾਰਕਿੰਗ, ਪ੍ਰੈਸ਼ਰ ਹਾਰਨ ਸਮੇਤ ਟਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟ ਕੇ ਜ਼ੁਰਮਾਨੇ ਕੀਤੇ ਗਏ ਹਨ।
ਇਸ ਮੌਕੇ 'ਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਡੀ.ਐਸ.ਪੀ.(ਐਚ) ਸ੍ਰੀ ਜੰਗ ਬਹਾਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਕੁਮਾਰ, ਸਹਾਇਕ ਟਰਾਂਸਪੋਰਟ ਅਫ਼ਸਰ ਸ੍ਰੀ ਪਿਆਰਾ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਸ੍ਰੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਵੀ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।
No comments:
Post a Comment