- ਕਿਹਾ, ਪੁਲਿਸ ਅਤੇ ਸਿੱਖਿਆ ਵਿਭਾਗ ਵਲੋਂ ਬੱਚੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਕੀਤਾ ਜਾਵੇ ਜਾਗਰੂਕ
- ਹਰ ਸਾਲ ਦੀ ਤਰ੍ਹਾਂ ਪੁਲਿਸ ਗਰਾਊਂਡ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ : ਵਧੀਕ ਡਿਪਟੀ ਕਮਿਸ਼ਨਰ
- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਅਤੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਹੋਈਆਂ ਵੱਖ-ਵੱਖ ਮੀਟਿੰਗਾਂ
ਹੁਸ਼ਿਆਰਪੁਰ, 27 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ ਅਤੇ ਪੁਲਿਸ ਵਿਭਾਗ ਵਲੋਂ ਮਹਿਲਾ ਅਧਿਕਾਰੀਆਂ ਦੇ ਸਹਿਯੋਗ ਨਾਲ ਬੱਚੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਅਤੇ ਸਿੱਖਿਆ
ਵਿਭਾਗ ਵਲੋਂ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਨੂੰ ਬਿਨ੍ਹਾਂ ਕਿਸੇ ਡਰ ਅਤੇ ਝਿੱਜਕ ਦੇ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਖਿਲਾਫ਼ ਅੱਗੇ ਆਉਣ ਲਈ ਇਸ ਤਰ੍ਹਾਂ ਦਾ ਮਾਹੌਲ ਬਣਾਇਆ ਜਾਵੇ ਕਿ ਉਹ ਆਪਣੀ ਗੱਲ ਖੁੱਲ ਕੇ ਦੱਸ ਸਕਣ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਪੁਲਿਸ ਵਿਭਾਗ ਸਕੂਲਾਂ ਵਿੱਚ ਸਾਦੇ ਪਹਿਰਾਵੇ ਵਿੱਚ ਆਪਣੇ ਅਧਿਕਾਰੀ ਭੇਜੇ ਅਤੇ ਇਹ ਅਧਿਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਤਾਲਮੇਲ ਕਰਕੇ ਲੜਕੀਆਂ ਅੰਦਰ ਜਾਗਰੂਕਤਾ ਲਿਆਉਣ ਕਿ ਜੇਕਰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗਲਤ ਹਰਕਤ ਕਰਦਾ ਹੈ ਜਾਂ ਫੱਬਤੀਆਂ ਕੱਸਦਾ ਹੈ, ਤਾਂ ਉਸ ਬਾਰੇ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਲੜਕੀਆਂ ਅੰਦਰ ਜਾਗਰੂਕਤਾ ਦੀ ਘਾਟ ਕਾਰਨ ਉਹ ਦੱਸ ਨਹੀਂ ਸਕਦੀਆਂ, ਇਸ ਲਈ ਲੜਕੀਆਂ ਨੂੰ ਸਹਿਜ ਮਹਿਸੂਸ ਕਰਵਾਉਣਾ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਛੇੜਛਾੜ ਵਰਗੀਆਂ ਘਟਨਾਵਾਂ ਖਿਲਾਫ ਸਖਤੀ ਨਾਲ ਨਜਿੱਠਿਆ ਜਾਵੇਗਾ।
ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥਣਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ 'ਬਾਲਿਕਾ ਮੰਚ' ਦੀ ਸਥਾਪਨਾ ਵੀ ਕੀਤੀ ਗਈ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੇਂ-ਸਮੇਂ ਸਿਰ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਮਹਿਲਾ ਥਾਣਿਆ ਦਾ ਦੌਰਾ ਵੀ ਕਰਵਾਉਣ, ਤਾਂ ਕਿ ਉਨ੍ਹਾਂ ਦੇ ਮਨ ਵਿੱਚ ਪੁਲਿਸ ਪ੍ਰਤੀ ਕੋਈ ਡਰ ਦੀ ਭਾਵਨਾ ਨਾ ਹੋਵੇ ਅਤੇ ਜ਼ਰੂਰਤ ਪੈਣ 'ਤੇ ਸਿੱਧੇ ਤੌਰ 'ਤੇ ਮਹਿਲਾ ਥਾਣਿਆਂ ਵਿੱਚ ਜਾ ਕੇ ਆਪਣੀ ਗੱਲ ਪੁਲਿਸ ਅਧਿਕਾਰੀਆਂ ਕੋਲ ਰੱਖ ਸਕਣ।
ਇਸ ਉਪਰੰਤ 26 ਜਨਵਰੀ ਦੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ
ਦਾ ਜ਼ਿਲ੍ਹਾ ਪੱਧਰੀ ਸਮਾਗਮ ਪੁਲਿਸ ਗਰਾਊਂਡ ਹੁਸ਼ਿਆਰਪੁਰ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ਨੂੰ ਸਫ਼ਲ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਵੀ ਪ੍ਰਕਾਰ ਦੀ ਕੋਈ ਢਿੱਲ ਨਾ ਵਰਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੌਕੇ ਜਿਥੇ ਸਕੂਲੀ ਬੱਚਿਆਂ ਵਲੋਂ ਸਭਿਆਚਾਰਕ, ਦੇਸ਼ ਭਗਤੀ ਦੀਆਂ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ, ਉਥੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਮਾਸ ਪੀ.ਟੀ. ਸ਼ੋਅ ਅਤੇ ਵੱਖ-ਵੱਖ ਟੁਕੜੀਆਂ ਵਲੋਂ ਮਾਰਚ ਪਾਸਟ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਸਬੰਧੀ ਸਭਿਆਚਾਰਕ ਕਮੇਟੀ ਨਿਯੁਕਤ ਕਰ ਦਿੱਤੀ ਗਈ ਹੈ, ਇਸ ਲਈ ਕਮੇਟੀ ਗਣਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਪਹਿਲਾਂ ਰਿਹਰਸਲਾਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਖਾਣ-ਪੀਣ ਅਤੇ ਆਵਾਜਾਈ ਦੇ ਸੁਚੱਜੇ ਪ੍ਰਬੰਧ ਹੋਣੇ ਚਾਹੀਦੇ ਹਨ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਡੀ.ਐਸ.ਪੀ. (ਐਚ) ਸ੍ਰੀ ਜੰਗ ਬਹਾਦਰ ਸਿੰਘ, ਡੀ.ਐਸ.ਪੀ. (ਡੀ) ਸ੍ਰੀ ਗੁਰਜੀਤ ਪਾਲ ਸਿੰਘ, ਡੀ.ਐਸ.ਪੀ. ਮੁਕੇਰੀਆਂ ਸ੍ਰੀ ਰਵਿੰਦਰ ਸਿੰਘ, ਡੀ.ਐਸ.ਪੀ (ਸਿਟੀ) ਸ੍ਰੀ ਸੁਖਵਿੰਦਰ ਸਿੰਘ, ਇੰਚਾਰਜ ਵੋਮੈਨ ਸੈਲ ਮੈਡਮ ਜਸਕਰਨ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ.ਹਰਪ੍ਰੀਤ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
No comments:
Post a Comment