- ਹੁਣ ਤੱਕ ਕਰੀਬ 7 ਹਜ਼ਾਰ ਦਾਨੀ-ਸੱਜਣ ਬਣੇ ਸਮਰਪਣ ਦੇ ਮੈਂਬਰ
- ਇਕੱਤਰ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 20 ਦਸੰਬਰ :ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੇ ਜਨ-ਮੁਹਿੰਮ ਦਾ ਰੂਪ ਧਾਰਨ ਕਰ ਲਿਆ ਹੈ। ਹੁਣ ਤੱਕ 7 ਹਜ਼ਾਰ ਦੇ ਕਰੀਬ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਪ੍ਰਸ਼ਾਸ਼ਨ ਨੇ ਜਿਥੇ ਪਹਿਲ ਕਦਮੀ ਕਰਦਿਆਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕਰੀਬ 1200 ਪ੍ਰਾਇਮਰੀ ਸਕੂਲਾਂ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਵਾਈਟਵਾਸ਼ ਕਰਵਾਇਆ ਸੀ, ਉਥੇ ਹੁਣ ਸਮਰਪਣ' ਪ੍ਰੋਜੈਕਟ ਦੀ ਸ਼ੁਰੂਆਤ ਆਪਣੇ-ਆਪ ਵਿਚ ਇਕ ਨਿਵੇਕਲੀ ਪਹਿਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਰਪਣ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅੰਦਰ ਇਕ ਚਿਣਗ ਪੈਦਾ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਸਕੂਲਾਂ ਲਈ ਯੋਗ ਕਦਮ ਚੁੱਕਣ, ਤਾਂ ਜੋ ਸਰਕਾਰੀ ਸਕੂਲਾਂ ਨੂੰ ਉਚ ਮੁਕਾਮ 'ਤੇ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਜਨ ਮੁਹਿੰਮ ਬਣਾਉਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ, ਜਿਸ ਬਦੌਲਤ ਹੁਣ ਤੱਕ ਕਰੀਬ 7 ਹਜ਼ਾਰ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 19 ਸਿੱਖਿਆ ਬਲਾਕਾਂ ਵਿਚ 19 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓਜ਼) ਅਤੇ 19 ਪ੍ਰਿੰਸੀਪਲ ਨੋਡਲ ਅਫ਼ਸਰਾਂ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮਰਪਣ ਤਹਿਤ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਬੀ.ਪੀ.ਈ.ਓਜ਼ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਮੋਟੀਵੇਟ ਕਰ ਰਹੇ ਹਨ, ਜਦਕਿ ਨੋਡਲ ਅਫ਼ਸਰ ਵਜੋਂ ਤਾਇਨਾਤ ਪ੍ਰਿੰਸੀਪਲ ਹਾਇਰ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਹੋਰਨਾਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਮੋਟੀਵੇਟ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਨੋਡਲ ਅਫ਼ਸਰ ਬੀ.ਪੀ.ਈ.ਓ ਸ੍ਰੀਮਤੀ ਭੁਪੇਸ਼ ਸ਼ਰਮਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੁਰੇਸ਼ ਕੁਮਾਰੀ ਵਲੋਂ 610 ਮੈਂਬਰਾਂ ਨੂੰ ਸਮਰਪਣ ਪ੍ਰੋਜੈਕਟ ਨਾਲ ਜੋੜਿਆ ਗਿਆ ਹੈ, ਜਦਕਿ ਨੋਡਲ ਅਫ਼ਸਰ ਪ੍ਰਿੰਸੀਪਲ ਸ਼੍ਰੀ ਤਰਲੋਚਨ ਸਿੰਘ ਅਤੇ ਬੀ.ਪੀ.ਈ.ਓ ਸ਼੍ਰੀਮਤੀ ਪਰਮਜੀਤ ਕੌਰ ਵਲੋਂ 600 ਸਮਰਪਣ ਮੈਂਬਰ ਬਣਾਏ ਗਏ ਹਨ। ਪ੍ਰਿੰਸੀਪਲ ਸ਼੍ਰੀਮਤੀ ਹਰਜਿੰਦਰ ਕੌਰ ਵਲੋਂ 430 ਮੈਂਬਰਾਂ ਨੂੰ ਜੋੜਿਆ ਗਿਆ ਹੈ ਅਤੇ ਇਨ੍ਹਾਂ ਤੋਂ ਇਲਾਵਾ ਵਿਅਕਤੀਗਤ ਤੌਰ 'ਤੇ ਵੀ ਅਧਿਆਪਕ ਸਮਰਪਣ ਮੁਹਿੰਮ ਨੂੰ ਅੱਗੇ ਤੱਕ ਲਿਜਾ ਰਹੇ ਹਨ। ਉਨ੍ਹਾਂ ਸਮਰਪਣ ਵਿਚ ਯੋਗਦਾਨ ਪਾਉਣ ਅਤੇ ਮੈਂਬਰ ਬਣਨ ਵਾਲੇ ਦਾਨੀ-ਸੱਜਣਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਜਿਸ ਤਰ੍ਹਾਂ ਹੁਸ਼ਿਆਰਪੁਰ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿਚ ਮੋਹਰੀ ਰੋਲ ਅਦਾ ਕਰ ਰਿਹਾ ਹੈ, ਉਸੇ ਤਰ੍ਹਾਂ ਸਮਰਪਣ ਪ੍ਰੋਜੈਕਟ ਸਦਕਾ ਵੀ ਹੁਸ਼ਿਆਰਪੁਰ ਇਕ ਨਵਾਂ ਅਧਿਆਏ ਕਾਇਮ ਕਰੇਗਾ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।
ਉਧਰ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਹਾਕਮ ਥਾਪਰ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਅਰੁਣ ਚੌਧਰੀ ਅਤੇ ਸਮੂਹ ਸਟਾਫ ਨੇ ਸਮਰਪਣ ਤਹਿਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਧੀਰਜ ਵਸ਼ਿਸ਼ਟ ਪਾਸੋਂ 9 ਪਰਚੀਆਂ ਕਟਵਾਈਆਂ, ਜਦਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਜਗਦੀਸ਼ ਮਿੱਤਰ ਵਲੋਂ ਵੀ ਦੋ ਪਰਚੀਆਂ ਕਟਵਾ ਕੇ ਯੋਗਦਾਨ ਪਾਇਆ ਗਿਆ। ਇਸ ਮੌਕੇ ਸ੍ਰੀ ਧੀਰਜ ਵਸ਼ਿਸ਼ਟ ਨੇ ਸਮਰਪਣ ਮੈਂਬਰ ਬਣਨ 'ਤੇ ਉਕਤ ਅਧਿਕਾਰੀਆਂ ਅਤੇ ਸਟਾਫ਼ ਨੂੰ ਸਮਰਪਣ ਸਟਿੱਕਰ ਵੀ ਸੌਂਪੇ। ਇਸ ਮੌਕੇ ਸ੍ਰੀ ਸਿੰਕੰਦਰ ਪਾਲ ਸਿੰਘ, ਸ੍ਰੀ ਵਿਜੇ ਕੁਮਾਰ, ਸ੍ਰੀ ਸੂਰਜ ਮੋਹਨ, ਸ੍ਰੀ ਦੀਪਕ, ਸ੍ਰੀ ਰਣਦੀਪ ਕੁਮਾਰ, ਸ਼ੀ੍ਰਮਤੀ ਸ਼ਮਾ ਦੇਵੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
No comments:
Post a Comment