- ਕਿਹਾ, ਸਿੱਖਿਆ ਦੇ ਖੇਤਰ ਵਿੱਚ ਨਵਾਂ ਅਧਿਆਏ ਜੋੜਨ ਲਈ ਮੀਲ ਪੱਥਰ ਸਾਬਤ ਹੋਵੇਗਾ 'ਸਮਰਪਣ'
- ਹੁਣ ਤੱਕ ਕਰੀਬ 7 ਹਜ਼ਾਰ ਤੋਂ ਵੱਧ ਦਾਨੀ-ਸੱਜਣ ਬਣੇ 'ਸਮਰਪਣ' ਦੇ ਮੈਂਬਰ
ਹੁਸ਼ਿਆਰਪੁਰ, 27 ਦਸੰਬਰ :ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਆਈ.ਏ.ਐਸ. ਨੇ ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਰਕਾਰੀ ਸਕੂਲਾਂ ਦੀ ਹੋਰ ਨੁਹਾਰ ਬਦਲਣ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਲਈ 365 ਰੁਪਏ ਦੀ ਪਰਚੀ ਕਟਵਾਈ। ਉਨ੍ਹਾਂ ਨੇ 'ਸਮਰਪਣ' ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਇਹ ਪ੍ਰੋਜੈਕਟ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨੇ ਸਮੂਹ ਦਾਨੀ ਸੱਜਣਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਨੇਕ ਕੰਮ ਵਿੱਚ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤਹਿਤ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਹੁਣ ਤੱਕ ਕਰੀਬ 7 ਹਜ਼ਾਰ ਤੋਂ ਵੱਧ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ।
ਐਸ.ਡੀ.ਐਮ. ਨੇ ਸਮੂਹ ਦਾਨੀ ਸੱਜਣ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ 'ਸਮਰਪਣ' ਲਈ ਪਰਚੀ ਕਟਵਾਉਣ। ਉਨ੍ਹਾਂ ਕਿਹਾ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨੂੰ ਦੇਖ ਕੇ ਹੋਰ ਲੋਕ ਵੀ ਇਸ ਪ੍ਰੋਜੈਕਟ ਨਾਲ ਜੁੜਨ ਲਈ ਪ੍ਰੇਰਿਤ ਹੋ ਸਕਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਧੀਰਜ ਵਸ਼ਿਸ਼ਟ ਨੇ ਐਸ.ਡੀ.ਐਮ. ਸ੍ਰੀ ਜਿਤੇਂਦਰ ਜੋਰਵਾਲ ਨੂੰ 'ਸਮਰਪਣ' ਦੀ ਪਰਚੀ ਅਤੇ ਸਟਿੱਕਰ ਸੌਂਪਿਆ।
No comments:
Post a Comment