- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਨੋਡਲ ਅਫ਼ਸਰਾਂ ਨੂੰ ਦਿੱਤੀ ਟਰੇਨਿੰਗ
ਹੁਸ਼ਿਆਰਪੁਰ, 9 ਦਸੰਬਰ:ਸਰਬੱਤ ਵਿਕਾਸ ਯੋਜਨਾ ਰਾਹੀਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਚੱਲ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਨਾਲ ਨੋਡਲ ਅਫ਼ਸਰਾਂ ਨੂੰ ਟਰੇਨਿੰਗ ਦੇਣ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਮੁੱਖ ਉਦੇਸ਼ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਸ ਯੋਜਨਾ ਦੇ ਤਹਿਤ ਜਮੀਨੀ ਪੱਧਰ 'ਤੇ ਪਿੰਡ-ਪਿੰਡ ਵਿੱਚ ਜਾ ਕੇ ਨੋਡਲ ਅਫ਼ਸਰ ਆਪਣੀ ਟੀਮ ਦੇ ਸਹਿਯੋਗ ਨਾਲ ਪਰਿਵਾਰਕ ਮੈਂਬਰਾਂ ਦੇ ਨਾਮ, ਉਮਰ, ਆਮਦਨੀ ਦੇ ਸਰੋਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਇਕੱਤਰ ਕਰਕੇ ਨਿਰਧਾਰਤ ਕੀਤੇ ਗਏ ਪ੍ਰੋਫਾਰਮੇ ਵਿੱਚ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਇਸ ਇਕੱਤਰ ਕੀਤੇ ਗਏ ਡਾਟਾ ਦੇ ਆਧਾਰ 'ਤੇ ਹੀ ਇਹ ਪਤਾ ਚੱਲ ਸਕੇਗਾ ਕਿ ਕਿਹੜੀਆਂ ਸਰਕਾਰੀ ਸਕੀਮਾਂ ਦਾ ਲਾਭ ਪਿੰਡ ਵਾਸੀ ਲੈ ਰਹੇ ਹਨ ਅਤੇ ਹੋਰ ਕਿਹੜੀਆਂ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾ ਕਿਹਾ ਕਿ ਇਸ ਤਰ੍ਹਾਂ ਜ਼ਰੂਰਤ ਤੇ ਯੋਗਤਾ ਅਨੁਸਾਰ ਸਾਰੇ ਲਾਭਪਾਤਰੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਦਾ ਲਾਭ ਮਿਲ ਸਕੇਗਾ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਤਕਨੀਕੀ ਮਾਹਿਰ ਡਾ ਦਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
No comments:
Post a Comment