- ਏ.ਡੀ.ਸੀ. ਵਲੋਂ ਪਲਸ ਪੋਲੀਓ ਮੁਹਿੰਮ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਨੂੰ ਹਦਾਇਤਾਂ
ਹੁਸ਼ਿਆਰਪੁਰ, 11 ਜਨਵਰੀ:ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ 28 ਤੋਂ 30 ਜਨਵਰੀ ਤੱਕ ਸ਼ੁਰੂ ਕੀਤੀ ਜਾ ਰਹੀ ਵਿਸ਼ੇਸ਼ ਪਲਸ ਪੋਲੀਓ ਮੁਹਿੰਮ
ਤਹਿਤ 0 ਤੋਂ 5 ਸਾਲ ਤੱਕ ਦੇ ਜ਼ਿਲ੍ਹੇ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਲਸ ਪੋਲੀਓ ਟਾਸਕ ਫੋਰਸ ਅਤੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਸਿਵਲ ਸਰਜਨ ਡਾ. ਰੇਨੂ ਸੂਦ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ 28 ਜਨਵਰੀ ਤੋਂ ਸ਼ੁਰੂ ਹੋ ਰਹੀ ਪਲਸ ਪੋਲੀਓ ਮੁਹਿੰਮ ਅਧੀਨ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਮੇਨ ਚੌਕਾਂ, ਭੱਠਿਆਂ, ਹਸਪਤਾਲਾਂ ਅਤੇ ਹੋਰ ਜਨਤਕ ਥਾਵਾਂ 'ਤੇ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਵੈਕਸੀਨ ਪਿਲਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਲਸ ਪੋਲੀਓ ਦੀ ਇਸ ਮੁਹਿੰਮ ਦੌਰਾਨ ਆਪਣੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪਹਿਲ ਦੇ ਆਧਾਰ 'ਤੇ ਪੋਲੀਓ ਬੂੰਦਾਂ ਪਿਲਾਈਆਂ ਜਾਣ, ਤਾਂ ਜੋ ਪੋਲੀਓ ਵਰਗੀ ਨਾ-ਮੁਰਾਦ ਬੀਮਾਰੀ ਨੂੰ ਜੜੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿਹੜੇ ਬੱਚੇ ਕਿਸੇ ਕਾਰਨ ਪੋਲੀਓ ਬੂੰਦਾਂ ਤੋਂ ਵਾਂਝੇ ਰਹਿ ਜਾਂਦੇ ਹਨ, ਤਾਂ ਸਿਹਤ ਵਿਭਾਗ ਵਲੋਂ ਉਨ੍ਹਾਂ ਨੂੰ ਘਰ-ਘਰ ਜਾ ਕੇ ਇਹ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਇਸ ਮੁਹਿੰਮ ਦੌਰਾਨ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਪਲਸ ਪੋਲੀਓ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਨੂੰ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਡਿਊਟੀ ਕਰਨ ਦੀ ਹਦਾਇਤ ਕੀਤੀ।
ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਜੱਚਾ-ਬੱਚਾ ਸਿਹਤ ਸੰਭਾਲ ਨਾਲ ਸਬੰਧਤ ਸਮੂਹ ਸਕੀਮਾਂ ਨੂੰ 100 ਫੀਸਦੀ ਲਾਗੂ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾਂ ਨੇ ਤੰਬਾਕੂ ਕੰਟਰੋਲ
ਪ੍ਰੋਗਰਾਮ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਤੰਬਾਕੂਯੁਕਤ ਪਦਾਰਥ ਜੋ ਪੂਰੀ ਤਰ੍ਹਾਂ ਨਾਲ ਗੈਰ ਕਾਨੂੰਨੀ ਹਨ ਅਤੇ ਜਿਨ੍ਹਾਂ ਦੀ ਪ੍ਰੋਡਕਸ਼ਨ, ਸਟੋਰੇਜ, ਵੰਡ ਅਤੇ ਸੇਲ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਹੈ, ਨੂੰ ਰੋਕਣ ਲਈ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਤੰਬਾਕੂ ਪਦਾਰਥਾਂ ਨੂੰ ਕਰਿਆਨੇ ਦੀਆਂ ਦੁਕਾਨਾਂ 'ਤੇ ਨਾ ਤਾਂ ਰੱਖਿਆ ਜਾ ਸਕਦਾ ਅਤੇ ਨਾ ਹੀ ਵੇਚਿਆ ਜਾ ਸਕਦਾ ਹੈ। ਜੇਕਰ ਕੋਈ ਕਰਿਆਨੇ ਦੀਆਂ ਦੁਕਾਨਾਂ 'ਤੇ ਤੰਬਾਕੂ ਪਦਾਰਥ ਵੇਚਦਾ ਪਾਇਆ ਜਾਂਦਾ ਹੈ, ਤਾਂ ਉਸ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਸਬੰਧੀ ਵੀ ਸਿਹਤ ਵਿਭਾਗ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਦੌਰਾਨ ਸਿਵਲ ਸਰਜਨ ਡਾ. ਰੇਨੂ ਸੂਦ ਨੇ ਜੱਚਾ-ਬੱਚਾ ਸੰਭਾਲ ਸਿਹਤ ਯੋਜਨਾਵਾਂ, ਜਨਨੀ ਸ਼ਿਸ਼ੂ ਸੁਰੱਖਿਆ, ਜਨਨੀ ਸੁਰੱਖਿਆ ਯੋਜਨਾ, ਪਰਿਵਾਰ ਨਿਯੋਜਨ ਪ੍ਰੋਗਰਾਮ, ਲੜਕਾ-ਲੜਕੀ ਲਿੰਗ ਅਨੁਪਾਤ, ਕੁਸ਼ਟ ਰੋਗ ਕੰਟਰੋਲ, ਤੰਬਾਕੂ ਕੰਟਰੋਲ, ਨਸ਼ਾ ਛੁਡਾਊ ਮੁਹਿੰਮ ਪ੍ਰੋਗਰਾਮ, ਭਗਤ ਪੂਰਨ ਸਿੰਘ ਬੀਮਾ ਯੋਜਨਾ, ਡਰੱਗ ਅਤੇ ਕਾਸਮੈਟਿਕ ਐਕਟ ਸਮੇਤ ਬਾਕੀ ਸਿਹਤ ਸੇਵਾਵਾਂ ਦੀ ਕਾਰਗੁਜਾਰੀ ਸਬੰਧੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਰਜਿੰਦਰ ਰਾਜ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗੁਰਦੀਪ ਸਿੰਘ ਕਪੂਰ, ਮਾਸ ਮੀਡੀਆ ਅਧਿਕਾਰੀ ਸੁਖਵਿੰਦਰ ਕੌਰ ਢਿਲੋਂ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਵੀ ਮੌਜੂਦ ਸਨ।
No comments:
Post a Comment