ਹੁਸ਼ਿਆਰਪੁਰ, 12 ਜਨਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਵੱਖ-ਵੱਖ ਪਾਬੰਦੀਆਂ ਦੇ 5 ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਪਹਿਲੇ ਹੁਕਮ ਅਨੁਸਾਰ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀ ਲਗਾਈ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਕੋਈ ਛੱਪੜ ਨਹੀਂ ਪੂਰੇਗਾ।
ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਇਸ ਤਰ੍ਹਾਂ ਦੀਆਂ ਵਰਦੀਆਂ ਵੇਚਣ ਅਤੇ ਖਰੀਦ ਕਰਨ 'ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼), ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਤੋਂ ਇਲਾਵਾ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਵੀ ਲਿਖ ਕੇ ਰੱਖਣ। ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ ਹੈ ਕਿ ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਾਉਣ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ 'ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ। ਇਹ ਉਕਤ ਹੁਕਮ 5 ਮਾਰਚ 2018 ਤੱਕ ਲਾਗੂ ਰਹਿਣਗੇ।
No comments:
Post a Comment