ਹੁਸ਼ਿਆਰਪੁਰ, 18 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਜ਼ਿਲ੍ਹਾ ਰੁਜ਼ਗਾਰ ਤੇ ਜਨਰੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਪੀ.ਸੀ.ਐਸ. ਅਧਿਕਾਰੀ (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ ਨੇ ਮੀਟਿੰਗ
ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਕਰਨ ਤੋਂ ਇਲਾਵਾ ਆਪਣਾ ਵਪਾਰ ਖੋਲ੍ਹਣ ਲਈ ਵੱਧ ਤੋਂ ਵੱਧ ਕਿੱਤਾਮੁਖੀ ਕੋਰਸ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 21 ਜਨਵਰੀ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਰੁਜ਼ਗਾਰ ਵਿਭਾਗ ਵਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਨ ਅਤੇ ਹੋਰ ਸਹਾਇਕ ਧੰਦੇ ਅਪਨਾਉਣ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਇਸ ਸੈਮੀਨਾਰ ਲਈ ਰਜਿਸਟਰੇਸ਼ਨ ਕਰਵਾਈ ਹੈ, ਉਹ ਸਮੇਂ ਸਿਰ ਪਹੁੰਚ ਕੇ ਇਸ ਸੈਮੀਨਾਰ ਦਾ ਲਾਹਾ ਲੈਣ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਜਨਰੇਸ਼ਨ ਅਫ਼ਸਰ ਸ੍ਰੀ ਜਸਵੰਤ ਰਾਏ, ਡਿਪਟੀ ਡਾਇਰੈਕਟਰ ਬਾਗਬਾਨੀ ਸ੍ਰੀ ਨਰੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment