- ਅਧਿਆਪਕ ਸਮਰਪਣ ਭਾਵਨਾ ਨਾਲ 'ਸਮਰਪਣ' ਨੂੰ ਅੱਗੇ ਲਿਜਾਣ ਲਈ ਨਿਭਾਅ ਰਹੇ ਨੇ ਮੋਹਰੀ ਭੂਮਿਕਾ
- ਦਾਨੀ ਸੱਜਣ ਡਾ. ਅਸ਼ੀਸ਼ ਸਰੀਨ ਨੇ 'ਸਮਰਪਣ' ਲਈ 25 ਪਰਚੀਆਂ ਕਟਵਾ ਕੇ 9125 ਰੁਪਏ ਦਾ ਦਿੱਤਾ ਯੋਗਦਾਨ
ਹੁਸ਼ਿਆਰਪੁਰ, 8 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੇ 'ਸਮਰਪਣ' ਪ੍ਰੋਜੈਕਟ ਜ਼ਰੀਏ ਜ਼ਿਲ੍ਹੇ ਦਾ ਕੋਈ ਵੀ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਕਾਮਯਾਬ ਬਣਾਉਣ ਲਈ ਜ਼ਿਲ੍ਹੇ ਦਾ ਸਿੱਖਿਆ ਵਿਭਾਗ ਅਹਿਮ ਰੋਲ ਅਦਾ ਕਰ ਰਿਹਾ ਹੈ ਅਤੇ ਸਮਰਪਣ ਭਾਵਨਾ ਨਾਲ ਇਸ ਪ੍ਰੋਜੈਕਟ ਲਈ ਕੰਮ ਕਰ ਰਹੇ ਅਧਿਆਪਕਾਂ ਵਲੋਂ ਹੁਣ ਤੱਕ ਕਰੀਬ 9 ਹਜ਼ਾਰ ਦਾਨੀ ਸੱਜਣ ਇਸ ਦੇ ਮੈਂਬਰ ਬਣਾ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 'ਸਮਰਪਣ' ਪ੍ਰੋਜੈਕਟ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਜਿਥੇ ਜ਼ਿਲ੍ਹੇ ਦਾ ਮੀਡੀਆ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ, ਉਥੇ ਵੱਖ-ਵੱਖ ਮੀਡੀਆ ਹਾਊਸ ਦੇ ਪੱਤਰਕਾਰ ਵੀ 'ਸਮਰਪਣ' ਦੇ ਮੈਂਬਰ ਬਣ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦਾਨੀ ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ 'ਸਮਰਪਣ' ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਾਨੀ ਸੱਜਣ 'ਸਮਰਪਣ' ਤਹਿਤ ਆਪਣੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ 365 ਰੁਪਏ ਦਾਨ ਵਜੋਂ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ।
ਉਧਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਦੀ ਪ੍ਰਿੰਸੀਪਲ ਸ੍ਰੀਮਤੀ ਮੰਜੂ ਵਲੋਂ ਵੱਧ ਤੋਂ ਵੱਧ ਦਾਨੀ ਸੱਜਣਾਂ ਨੂੰ 'ਸਮਰਪਣ' ਦਾ ਮੈਂਬਰ ਬਣਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਐਕਸੀਲੈਂਟ ਕੋਚਿੰਗ ਸੈਂਟਰ ਹੁਸ਼ਿਆਰਪੁਰ ਦੇ ਚੇਅਰਮੈਨ ਡਾ. ਅਸ਼ੀਸ਼ ਸਰੀਨ ਨੇ 365 ਰੁਪਏ ਦੀਆਂ 25 ਪਰਚੀਆਂ ਕਟਵਾ ਕੇ 9125 ਰੁਪਏ ਦਾ ਯੋਗਦਾਨ ਪਾਇਆ ਹੈ। ਡਾ. ਸਰੀਨ ਨੇ ਸ਼ਲਾਘਾ ਕਰਦਿਆਂ ਕਿਹਾ ਕਿ 'ਸਮਰਪਣ' ਦਾ ਮੈਂਬਰ ਬਣ ਕੇ ਉਸ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ।
No comments:
Post a Comment