- ਕਿਹਾ, ਪੰਜਾਬ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਵਚਨਬੱਧ
- ਸਕੂਲਾਂ ਅਤੇ ਕਾਲਜਾਂ 'ਚ 27 ਜਨਵਰੀ ਦੀ ਛੁੱਟੀ ਅਤੇ ਸਭਿਆਚਾਰਕ ਪ੍ਰੋਗਰਾਮ 'ਚ ਹਿੱਸਾ ਲੈਣ ਵਾਲੇ 7 ਸਰਕਾਰੀ ਸਕੂਲਾਂ ਨੂੰ 7 ਲੱਖ ਰੁਪਏ ਦਾ ਕੀਤਾ ਐਲਾਨ
- ਸ੍ਰੀ ਪਿਆਰੇ ਲਾਲ ਸੈਣੀ ਚੈਰੀਟੇਬਲ ਰੈਡ ਕਰਾਸ ਪੂਅਰ ਸਟੂਡੈਂਟ ਸਹਾਇਤਾ ਸਕੀਮ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 26 ਜਨਵਰੀ:69ਵਾਂ ਗਣਤੰਤਰਤਾ ਦਿਵਸ ਹੁਸ਼ਿਆਰਪੁਰ ਦੀ ਪੁਲਿਸ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਸ੍ਰ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅਦਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਅਤੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਸਨ।
ਜ਼ਿਲ੍ਹਾ ਵਾਸੀਆਂ ਦੇ ਨਾਂਅ ਸੰਦੇਸ਼ ਦੌਰਾਨ ਸ੍ਰ: ਬਾਜਵਾ
ਨੇ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ਵਿੱਚੋਂ ਇਕ ਵੱਡੀ ਸ਼ਕਤੀ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਪੁਲਾਂਘਾ ਪੁੱਟ ਕੇ ਇਹ ਸਾਬਤ ਕਰ ਰਿਹਾ ਹੈ ਕਿ ਉਹ ਕਿਸੇ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਪਿੱਛੇ ਭਾਰਤੀ ਸੰਵਿਧਾਨ ਵਲੋਂ ਮਿਲੇ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵ ਵੀ ਕਾਫ਼ੀ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਅਧਿਕਾਰਾਂ ਦੇ ਨਾਲ-ਨਾਲ ਕਰਤੱਵ ਵੀ ਚੇਤੇ ਰੱਖਣੇ ਚਾਹੀਦੇ ਹਨ, ਤਾਂ ਜੋ ਦੇਸ਼ ਅਤੇ ਸੂਬੇ ਨੂੰ ਨਵੀਂ ਦਿਸ਼ਾ ਮਿਲ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਮਰਦਾਂ ਦੀ ਤਰ੍ਹਾਂ ਮਹਿਲਾਵਾਂ ਵੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ, ਜੋ ਸੰਵਿਧਾਨ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਸੇ ਕੜੀ ਤਹਿਤ ਜ਼ਰੂਰਤਮੰਦਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾ
ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਪਖਾਨੇ ਬਣਾ ਕੇ ਵੀ ਦਿੱਤੇ ਜਾ ਰਹੇ ਹਨ, ਤਾਂ ਜੋ ਕੋਈ ਵੀ ਵਿਅਕਤੀ ਖੁੱਲ੍ਹੇ 'ਚ ਪਖਾਨਾ ਨਾ ਜਾ ਸਕੇ। ਉਨ੍ਹਾਂ ਕਿਹਾ ਕਿ ਸਵੱਛਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਸੂਬੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰਾਜ ਵਿੱਚ ਵੱਧ ਤੋਂ ਵੱਧ ਉਦਯੋਗ ਸਥਾਪਿਤ ਕੀਤੇ ਜਾ ਰਹੇ ਹਨ। ਉਦਯੋਗ ਸਥਾਪਿਤ ਕਰਨ ਲਈ ਮਹਿਜ਼ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਵਿੱਚ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਉਹ ਜ਼ਿਲ੍ਹੇ ਵਿੱਚ ਆਪ ਕੰਢੀ ਖੇਤਰ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਹਰੇਕ ਵਿਅਕਤੀ ਨੂੰ ਆਪਣਾ ਕਰਤੱਵ ਸਮਝਦੇ ਹੋਏ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰੇਕ ਵਿਅਕਤੀ ਦੀ ਵੱਧ ਚੜ੍ਹ ਕੇ ਸਮਾਜ ਭਲਾਈ ਦੇ ਕੰਮਾਂ ਵਿੱਚ ਸ਼ਮੂਲੀਅਤ ਨਾਲ ਦੇਸ਼ ਦੀ ਨੁਹਾਰ ਬਦਲ ਸਕਦੀ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਗਈ। ਉਪਰੰਤ ਉਨ੍ਹਾਂ ਆਜ਼ਾਦੀ ਘੁਲਾਟੀਆਂ, ਵਿਧਵਾਵਾਂ ਅਤੇ ਸੰਘਰਸ਼ੀ ਯੋਧਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ 13 ਝਾਕੀਆਂ ਵੀ ਕੱਢੀਆਂ ਗਈਆਂ ਅਤੇ ਸਭਿਆਚਾਰਕ ਪ੍ਰੋਗਰਾਮ ਖਿੱਚ ਦਾ ਕੇਂਦਰ ਰਿਹਾ। ਸਮਾਗਮ ਦੌਰਾਨ 99 ਵਿਲੱਖਣ ਸਖਸ਼ੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਸਮਾਗਮ ਦੌਰਾਨ 20 ਸਿਲਾਈ ਮਸ਼ੀਨਾਂ, 8 ਟਰਾਈ ਸਾਈਕਲ ਅਤੇ ਇਕ ਵੀਲ੍ਹਚੇਅਰ ਵੀ ਜ਼ਰੂਰਤਮੰਦ ਵਿਅਕਤੀਆਂ ਨੂੰ ਸੌਂਪੇ।
ਕੈਬਨਿਟ ਮੰਤਰੀ ਸ੍ਰ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਸਮਾਗਮ ਦੌਰਾਨ ਸ੍ਰੀ ਪਿਆਰੇ ਲਾਲ ਸੈਣੀ ਚੈਰੀਟੇਬਲ ਰੈਡ ਕਰਾਸ ਪੂਅਰ ਸਟੂਡੈਂਟ ਸਹਾਇਤਾ ਸਕੀਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਸਕੀਮ ਰਾਹੀਂ 130 ਵਿਦਿਆਰਥੀਆਂ ਨੂੰ 5 ਹਜ਼ਾਰ ਰੁਪਏ ਦੇ ਹਿਸਾਬ ਨਾਲ ਸਾਢੇ 6 ਲੱਖ ਰੁਪਏ
ਦੀ ਸਹਾਇਤਾ ਮੁਹੱਈਆ ਕਰਵਾਈ ਗਈ ਅਤੇ ਇਹ ਰਾਸ਼ੀ ਹਰ ਸਾਲ ਰੈਡ ਕਰਾਸ ਵਲੋਂ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 5-5 ਮਰਲੇ ਦੇ ਪਲਾਟਾਂ ਤੋਂ ਇਲਾਵਾ ਪੈਨਸ਼ਨ, ਮਗਨਰੇਗਾ ਅਤੇ ਰੂਰਲ ਟਾਇਲਟ ਸਬੰਧੀ ਲਾਭਪਾਤਰੀਆਂ ਨੂੰ ਸਬੰਧਤ ਸਰਟੀਫਿਕੇਟ ਆਦਿ ਵੀ ਸੌਂਪੇ ਗਏ। ਸਮਾਗਮ ਵਿੱਚ ਪਰੇਡ ਅਤੇ ਝਾਕੀਆਂ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਕੱਢਿਆ ਗਿਆ, ਜਿਸ ਵਿੱਚ ਪਰੇਡ ਵਿੱਚੋਂ ਪਹਿਲਾ ਸਥਾਨ ਸੀਮਾ ਸੁਰੱਖਿਆ ਬੱਲ ਅਤੇ ਦੂਜਾ ਜ਼ਿਲ੍ਹਾ ਪੁਲਿਸ ਵਲੋਂ ਹਾਸਲ ਕੀਤਾ ਗਿਆ। ਝਾਕੀਆਂ ਵਿੱਚੋਂ ਪਹਿਲਾ ਸਥਾਨ ਪੰਜਾਬ ਰਾਜ ਬਿਜਲੀ ਬੋਰਡ ਦਾ ਰਿਹਾ, ਜਦਕਿ ਦੂਜਾ ਸਥਾਨ ਸਿੱਖਿਆ ਵਿਭਾਗ ਵਲੋਂ ਕੱਢੀ 'ਸਮਰਪਣ' ਪ੍ਰੋਜੈਕਟ ਸਬੰਧੀ ਝਾਕੀ ਨੇ ਪ੍ਰਾਪਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਵਲੋਂ 27 ਜਨਵਰੀ ਨੂੰ ਜਿਥੇ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉਥੇ ਸਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ 7 ਸਰਕਾਰੀ ਸਕੂਲਾਂ ਨੂੰ 1-1 ਲੱਖ ਰੁਪਏ ਦੇ ਹਿਸਾਬ ਨਾਲ 7 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਐਸ.ਕੇ. ਅਰੋੜਾ, ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਪੀ. (ਐਚ) ਸ੍ਰੀ ਬਲਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਸਾਬਕਾ ਐਮ.ਪੀ. ਸ੍ਰੀ ਕਮਲ ਚੌਧਰੀ, ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਸ੍ਰੀ ਅਮਰਪ੍ਰੀਤ ਸਿੰਘ ਲਾਲੀ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਅਤੇ ਅਧਿਆਪਕਾਂ ਸਮੇਤ ਭਾਰੀ ਗਿਣਤੀ 'ਚ ਵਿਦਿਆਰਥੀ ਤੇ ਇਲਾਕਾ ਵਾਸੀ ਹਾਜ਼ਰ ਸਨ।
No comments:
Post a Comment