- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਪੰਜਾਬ ਸ਼ਹਿਰੀ ਅਵਾਸ ਯੋਜਨਾ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 2 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਜ਼ਾ ਮੁਆਫ਼ੀ ਲਈ ਯੋਗ ਹਨ, ਉਨ੍ਹਾਂ ਦੀਆਂ ਲਿਸਟਾਂ ਪਿੰਡਾਂ ਵਿੱਚ ਚਸਪਾ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੀਮਾਂਤ ਅਤੇ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਸਹਿਕਾਰੀ ਸਭਾਵਾਂ ਪਾਸੋਂ ਲਿਆ ਕਿਸਾਨੀ ਕਰਜ਼ਾ ਮੁਆਫ਼ ਕੀਤਾ ਜਾਣਾ ਹੈ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਲਾਭਪਾਤਰੀ ਕਿਸਾਨਾਂ ਦੀਆਂ ਤਿਆਰ ਕੀਤੀਆਂ ਇਹ ਲਿਸਟਾਂ ਜਨਤਕ ਥਾਵਾਂ 'ਤੇ ਤੁਰੰਤ ਚਸਪਾ ਕਰਵਾ ਦਿੱਤੀਆਂ ਜਾਣ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰਾਂ ਵਲੋਂ 2 ਲੱਖ ਰੁਪਏ ਤੱਕ ਦਾ ਸਹਿਕਾਰੀ ਸਭਾਵਾਂ ਪਾਸੋਂ ਲਿਆ ਕਿਸਾਨੀ ਕਰਜ਼ਾ ਮੁਆਫ਼ ਕਰਨ ਦਾ ਫੈਸਲਾ ਲਿਆ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਯੋਗ ਕਿਸਾਨਾਂ ਦੀ ਲਿਸਟ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਕਰਜ਼ਾ ਮੁਆਫ਼ੀ ਦੀ ਸਹੂਲਤ ਪ੍ਰਦਾਨ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕਰਜ਼ਾ 0 ਤੋਂ ਢਾਈ ਏਕੜ ਵਾਲੇ ਸੀਮਾਂਤ ਕਿਸਾਨਾਂ ਅਤੇ ਢਾਈ ਤੋਂ ਵੱਧ ਅਤੇ 5 ਏਕੜ ਤੋਂ ਘੱਟ ਵਾਲੇ ਛੋਟੇ ਕਿਸਾਨਾਂ ਦਾ ਮੁਆਫ਼ ਕੀਤਾ ਜਾਣਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਪੰਜਾਬ ਸ਼ਹਿਰੀ ਅਵਾਸ ਯੋਜਨਾ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਲਾਹਾ ਲੈ ਸਕਣ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਸਬੰਧੀ ਪੂਰੀ ਗੰਭੀਰਤਾ ਨਾਲ ਡਾਟਾ ਇਕੱਤਰ ਕੀਤਾ ਜਾਵੇ। ਉਨ੍ਹਾਂ ਸ਼ਹਿਰੀ ਅਵਾਸ ਯੋਜਨਾ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੀ ਸ਼ਨਾਖਤ ਕਰਨ ਲਈ ਉਹ ਖੁਦ ਜ਼ਮੀਨੀ ਪੱਧਰ 'ਤੇ ਜਾ ਕੇ ਪੜਤਾਲ ਕਰਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕੇਵਲ ਯੋਗ ਲਾਭਪਾਤਰੀਆਂ ਨੂੰ ਹੀ ਆਪਣੇ ਘਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸ੍ਰੀ ਅਮਿਤ ਸਰੀਨ ਪੀ.ਸੀ.ਐਸ. (ਅੰਡਰ ਟਰੇਨਿੰਗ), ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਵਿਨੇ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
No comments:
Post a Comment