- ਗਣਤੰਤਰਤਾ ਦਿਵਸ 'ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਲਹਿਰਾਉਣਗੇ ਤਿਰੰਗਾ
- ਡਿਪਟੀ ਕਮਿਸ਼ਨਰ ਨੇ ਫੁਲ ਡਰੈਸ ਰਿਹਰਸਲ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 24 ਜਨਵਰੀ: 26 ਜਨਵਰੀ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਅੱਜ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਫੁਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਗਏ ਦੇਸ਼ ਭਗਤੀ ਦੇ ਪ੍ਰੋਗਰਾਮ ਅਤੇ ਵੱਖ-ਵੱਖ ਟੁਕੜੀਆਂ ਵਲੋਂ ਕੀਤੇ ਗਏ ਮਾਰਚ ਪਾਸਟ ਤੋਂ ਦੇਸ਼ ਭਗਤੀ ਦਾ ਜਜ਼ਬਾ ਸਾਫ਼ ਨਜ਼ਰ ਆ ਰਿਹਾ ਸੀ। ਇਸ ਫੁਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜਾਇਜ਼ਾ ਲੈਂਦਿਆਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ 'ਤੇ ਪੁਲਿਸ ਲਾਈਨ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਣਤੰਤਰਤਾ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ।
ਫੁਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਅੱਜ ਨਿਸ਼ਚਿਤ ਸਮੇਂ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਸਨ। ਪਰੇਡ ਕਮਾਂਡਰ ਡੀ.ਐਸ.ਪੀ. (ਡੀ) ਸ੍ਰੀ ਗੁਰਜੀਤ ਪਾਲ ਸਿੰਘ ਦੀ ਅਗਵਾਈ ਵਿੱਚ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲੀਸ, ਮਹਿਲਾ ਪੁਲਿਸ, ਸੀਮਾ ਸੁਰੱਖਿਆ ਬੱਲ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਗਰਲਜ਼ ਗਾਈਡਜ਼ ਅਤੇ ਸਕਾਊਟਸ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।
ਸਭਿਆਚਾਰਕ ਪ੍ਰੋਗਰਾਮ ਤੋਂ ਪਹਿਲਾਂ ਮਾਸ ਪੀ.ਟੀ. ਸ਼ੋਅ ਹੋਇਆ, ਜਿਸ ਵਿੱਚ 10 ਸਕੂਲਾਂ ਦੇ ਕਰੀਬ 1100 ਵਿਦਿਆਰਥੀ ਸ਼ਾਮਲ ਸਨ। ਉਪਰੰਤ ਨੰਨ੍ਹੇ-ਮੁੰਨ੍ਹੇ ਸਕੂਲੀ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਆਪੋ-ਆਪਣਾ ਹੁਨਰ ਬਿਖੇਰਿਆ। ਫੁਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਵਸ ਦੇ ਮਹੱਤਵਪੂਰਨ ਦਿਹਾੜੇ 'ਤੇ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ-ਪੇਸ਼ੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ 'ਤੇ ਜਿਥੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉਥੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗਣਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਰਿਵਾਰ ਅਤੇ ਬੱਚਿਆਂ ਸਮੇਤ ਸ਼ਿਰਕਤ ਕਰਨ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਪੀ. (ਐਚ) ਸ੍ਰੀ ਬਲਬੀਰ ਸਿੰਘ, ਏ. ਐਸ. ਪੀ. ਡਾ. ਅੰਕੁਰ ਗੁਪਤਾ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ੍ਰੀਮਤੀ ਰਜਨੀਸ਼ ਕੌਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਸ੍ਰੀ ਮੋਹਨ ਸਿੰਘ ਲੇਹਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
No comments:
Post a Comment