ਹੁਸ਼ਿਆਰਪੁਰ, 23 ਜਨਵਰੀ : ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੂੰ ਜਿਥੇ ਦਾਨੀ ਸੱਜਣਾਂ, ਅਧਿਆਪਕਾਂ, ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ, ਸਮਾਜ ਸੇਵਕਾਂ ਵਲੋਂ ਦਿਨੋਂ ਦਿਨ ਭਾਰੀ ਹੁੰਗਾਰਾ ਮਿਲ ਰਿਹਾ ਹੈ, ਉਥੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਵਾਈਸ ਪ੍ਰਧਾਨ ਸ੍ਰੀ ਅਮ੍ਰਿਤ ਸਾਗਰ ਮਿੱਤਲ ਨੇ ਵੀ ਯੋਗਦਾਨ ਪਾ ਕੇ ਆਮ ਜਨਤਾ ਨੂੰ 'ਸਮਰਪਣ' ਨਾਲ ਜੁੜਨ ਦਾ ਸੰਦੇਸ਼ ਦਿੱਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਸ੍ਰੀ ਮਿੱਤਲ 'ਸਮਰਪਣ' ਦੇ ਮੈਂਬਰ ਬਣੇ। ਇਸ ਮੌਕੇ ਭਾਰਤੀਆ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਅਤੇ ਸੋਨਾਲੀਕਾ ਦੇ ਡਾਇਰੈਕਟਰ ਡਿਵੈਲਪਮੈਂਟ ਸ੍ਰੀ ਅਕਸ਼ੈ ਸਾਂਗਵਾਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸਮਰਪਣ' ਪ੍ਰੋਜੈਕਟ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਲਈ ਭਾਰੀ ਗਿਣਤੀ ਵਿੱਚ 'ਸਮਰਪਣ' ਨਾਲ ਦਾਨੀ ਸੱਜਣਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮਿਸਾਲ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਜ ਦੇ ਸਾਰੇ ਵਰਗਾਂ ਵਲੋਂ ਜਿਥੇ ਇਸ ਪ੍ਰੋਜੈਕਟ ਸਬੰਧੀ ਜਾਗਰੂਕਤਾ
ਫੈਲਾਈ ਜਾ ਰਹੀ ਹੈ, ਉਥੇ ਹੁਣ ਨਿੱਜੀ ਤੌਰ 'ਤੇ ਯੋਗਦਾਨ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿੱਚ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਚੁੱਕੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਇਕ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਸਕੇ।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੋਂ ਸਾਬਤ ਹੋਵੇਗਾ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ।
ਸ੍ਰੀ ਮਿੱਤਲ ਨੇ 'ਸਮਰਪਣ' ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਸਲਾਹੁਣਯੋਗ ਹੈ ਅਤੇ ਉਨ੍ਹਾਂ ਨੂੰ 'ਸਮਰਪਣ' ਦਾ ਮੈਂਬਰ ਬਣ ਕੇ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਮੌਕੇ 'ਤੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਅਤੇ ਸੋਨਾਲੀਕਾ ਤੋਂ ਜੀ.ਐਸ. ਚੌਹਾਨ ਵੀ ਮੌਜੂਦ ਸਨ।
No comments:
Post a Comment