- ਕਿਡਸ ਸਕੂਲ ਦੀ ਪ੍ਰਿੰਸੀਪਲ ਨੇ 11 ਹਜ਼ਾਰ ਰੁਪਏ ਦਾ ਪਾਇਆ ਯੋਗਦਾਨ
ਹੁਸ਼ਿਆਰਪੁਰ, 9 ਜਨਵਰੀ:ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ 'ਸਮਰਪਣ' ਪ੍ਰੋਜੈਕਟ ਨੂੰ ਦਿਨੋਂ-ਦਿਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਦਾਨੀ ਸੱਜਣਾਂ ਵਿੱਚ ਸਮਰਪਣ ਦਾ ਮੈਂਬਰ ਬਣਨ ਲਈ ਉਤਸ਼ਾਹ ਵੀ ਨਜ਼ਰ ਆ ਰਿਹਾ ਹੈ। ਜਿਥੇ ਹੁਣ ਤੱਕ ਕਰੀਬ 9 ਹਜ਼ਾਰ ਦਾਨੀ ਸੱਜਣ 'ਸਮਰਪਣ' ਦੇ ਮੈਂਬਰ ਬਣ ਚੁੱਕੇ ਹਨ, ਉਥੇ ਅੱਜ ਕਿਡਸ ਪਬਲਿਕ ਸਕੂਲ ਦੀ ਡਾਇਰੈਕਟਰ ਅਤੇ ਪ੍ਰਿੰਸੀਪਲ ਸ੍ਰੀਮਤੀ ਆਰਤੀ ਸੂਦ ਮਹਿਤਾ ਨੇ 'ਸਮਰਪਣ' ਪ੍ਰੋਜੈਕਟ ਲਈ 11 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ। ਉਨ੍ਹਾਂ 11 ਹਜ਼ਾਰ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੂੰ ਸੌਂਪਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਹੀ 'ਸਮਰਪਣ' ਪ੍ਰੋਜੈਕਟ ਸਰਕਾਰੀ ਸਕੂਲਾਂ ਲਈ ਇਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ 'ਸਮਰਪਣ' ਜ਼ਰੀਏ ਇਕੱਤਰ ਫੰਡ ਨੂੰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਖਰਚਿਆ ਜਾਵੇਗਾ, ਤਾਂ ਜੋ ਕੋਈ ਵੀ ਸਕੂਲ ਮੁੱਢਲੀਆਂ ਲੋੜਾਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਇਕ ਦਿਨ ਵਿੱਚ ਇਕ ਰੁਪਏ ਦਾ ਕੀਤਾ ਗਿਆ ਦਾਨ ਕਿਸੇ ਲੋੜਵੰਦ ਲਈ ਵਰਦਾਨ ਸਾਬਤ ਹੋ ਸਕਦਾ ਹੈ, ਇਸ ਲਈ ਦਾਨੀ ਸੱਜਣ ਵਲੋਂ ਆਪਣੇ ਕਿਸੇ ਵਿਸ਼ੇਸ਼ ਦਿਨ ਲਈ 365 ਰੁਪਏ ਦਾਨ ਕੀਤੇ ਜਾ ਸਕਦੇ ਹਨ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨ ਕਰਨ ਵਾਲੇ ਦਾਨੀ ਸੱਜਣ ਨੂੰ ਸਮਰਪਣ ਵਲੋਂ ਵਾਹਨ 'ਤੇ ਲਗਾਉਣ ਲਈ ਇਕ ਵਿਸ਼ੇਸ਼ ਸਟਿੱਕਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਹ 'ਸਮਰਪਣ' ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕੀਤਾ ਜਾ ਸਕੇ।
ਸ੍ਰੀਮਤੀ ਆਰਤੀ ਸੂਦ ਮਹਿਤਾ ਨੇ ਇਸ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਸਮਰਪਣ' ਦਾ ਮੈਂਬਰ ਬਣ ਕੇ ਉਸ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਸਰਕਾਰੀ ਸਕੂਲਾਂ ਲਈ ਵਰਦਾਨ ਸਾਬਤ ਹੋਵੇਗਾ।
No comments:
Post a Comment