- 12 ਫਰਵਰੀ ਨੂੰ ਮਨਾਇਆ ਜਾਵੇਗਾ 'ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ'
ਹੁਸ਼ਿਆਰਪੁਰ, 9 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜਾਤ ਦਿਵਾਉਣ ਲਈ 12 ਫਰਵਰੀ ਨੂੰ 'ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ' (ਨੈਸ਼ਨਲ ਡੀ ਵਾਰਮਿੰਗ ਡੇ) ਮਨਾਉਂਦੇ ਹੋਏ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਕਰੀਬ 3 ਲੱਖ ਤੋਂ ਵੱਧ ਬੱਚਿਆਂ ਨੂੰ ਵਿਸ਼ੇਸ਼ ਦਵਾਈ ਖਿਲਾਈ ਜਾਵੇਗੀ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਵਲੋਂ ਰੱਖੀ ਗਈ ਜ਼ਿਲ੍ਹਾ ਟਾਸਕ ਫੋਰਸ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਰੇਨੂ ਸੂਦ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਬੈਠਕ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ 12 ਫਰਵਰੀ ਨੂੰ ਰਾਜ ਵਿੱਚ 'ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ' ਮਨਾਇਆ ਜਾ ਰਿਹਾ ਹੈ। ਇਸ ਦਿਨ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੇ ਖਾਤਮੇ ਲਈ ਸਾਰੇ ਸਰਕਾਰੀ, ਅਰਧ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਸਕੂਲੀ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਦੀ ਮੌਜੂਦਗੀ ਵਿੱਚ ਅਲਬੈਂਡਾਜੋਲ ਸਿਰਪ ਦੀ ਦਵਾਈ ਖੁਆਈ ਜਾਵੇਗੀ।
ਇਸ ਦੌਰਾਨ ਸਿਵਲ ਸਰਜਨ ਡਾ. ਰੇਨੂ ਸੂਦ ਨੇ ਕਿਹਾ ਕਿ ਇਹ ਦਵਾਈ ਸਾਲ ਵਿੱਚ 2 ਵਾਰ ਖਿਲਾਈ ਜਾਂਦੀ ਹੈ। ਪੇਟ ਦੇ ਕੀੜਿਆਂ ਤੋਂ ਬਚਾਅ ਲਈ ਖਿਲਾਈ ਜਾਣ ਵਾਲੀ ਇਹ ਦਵਾਈ ਖਾਣਾ ਖਾਣ ਤੋਂ ਅੱਧੇ ਘੰਟੇ ਬਾਅਦ ਖੁਆਈ ਜਾਂਦੀ ਹੈ। ਉਨ੍ਹਾਂ ਨੇ ਸਕੂਲ ਮੁੱਖੀਆਂ ਨੁੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਬੱਚੇ ਨੂੰ ਖਾਲੀ ਪੇਟ ਇਹ ਦਵਾਈ ਨਾ ਖੁਆਈ ਜਾਵੇ। ਉਨ੍ਹਾਂ ਕਿਹਾ ਕਿ ਇਹ ਦਵਾਈ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ ਅਤੇ ਇਹ ਦਵਾਈ ਲੈਣ ਦੇ ਨਾਲ ਬੱਚੇ ਦੇ ਪੇਟ ਦੇ ਕੀੜੇ ਖਤਮ ਹੋ ਜਾਂਦੇ ਹਨ ਅਤੇ ਉਹ ਤੰਦਰੁਸਤ ਰਹਿੰਦਾ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੁਲਦੀਪ ਸਿੰਘ ਕਪੂਰ ਅਤੇ ਡਾ. ਗੁਣਦੀਪ ਕੌਰ ਨੇ ਬੱਚਿਆਂ ਦੇ ਮਾਤਾ ਪਿਤਾ, ਸਰਕਾਰੀ ਅਤੇ ਪ੍ਰਾਈਵੇਟ ਸਕੂਲੀ ਪ੍ਰਿੰਸੀਪਲਾਂ ਅਤੇ ਹੋਰ ਵਿਭਾਗਾਂ ਨੂੰ ਹਦਾਇਤ ਕਰਦਿਆਂ ਬੱਚਿਆਂ ਨੂੰ ਇਹ ਦਵਾਈ ਦੇਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ 15 ਫਰਵਰੀ ਨੂੰ ਮੋਪਅਪ ਡੇ ਵੀ ਮਨਾਇਆ ਜਾਵੇਗਾ, ਜਿਸ ਤਹਿਤ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕਰਕੇ ਇਹ ਦਵਾਈ ਖੁਆਈ ਜਾਵੇਗੀ। ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਸਕੂਲ ਮੁੱਖੀਆਂ ਨੂੰ ਆਪਣੇ ਆਪਣੇ ਸਕੂਲ ਵਿੱਚ ਸਫ਼ਾਈ ਰੱਖਣ, ਹੱਥ ਧੋ ਕੇ ਖਾਣਾ ਖਾਣ, ਸ਼ੌਚ ਜਾਣ ਤੋਂ ਬਾਅਦ ਹੱਥ ਧੋਣ ਅਤੇ ਨੋਹਾਂ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment