- ਕਿਹਾ, ਇਕ ਹਜ਼ਾਰ ਤੋਂ ਵੱਧ ਕੰਪਨੀਆਂ ਰਾਹੀਂ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਹਨ ਰੁਜ਼ਗਾਰ ਦੇ ਮੌਕੇ
- ਰਿਆਤ ਬਾਹਰਾ ਕੈਂਪਸ ਵਿਖੇ ਰਾਜ ਪੱਧਰੀ ਰੁਜ਼ਗਾਰ ਮੇਲੇ ਦੌਰਾਨ 35 ਕੰਪਨੀਆਂ ਵਿੱਚ ਕਰੀਬ 400 ਨੌਜਵਾਨਾਂ ਦੀ ਹੋਈ ਪਲੇਸਮੈਂਟ
ਹੁਸ਼ਿਆਰਪੁਰ,24ਫਰਵਰੀ: ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਰੁਜ਼ਗਾਰ ਮੇਲਿਆਂ ਰਾਹੀਂ ਇਸ ਸਾਲ ਦੂਜੇ ਪੜਾਅ ਵਿੱਚ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਕੜੀ ਤਹਿਤ ਰਾਜ ਦੇ ਜ਼ਿਲ੍ਹਿਆਂ ਵਿੱਚ 40 ਤੋਂ ਵੱਧ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ 1000 ਤੋਂ ਵੱਧ ਵੱਡੀਆਂ-ਵੱਡੀਆਂ ਕੰਪਨੀਆਂ ਵਲੋਂ ਬੇਰੁਜ਼ਗਾਰ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਜਾ ਰਹੀ ਹੈ। ਉਹ ਅੱਜ ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਵਿਖੇ ਦੂਜੇ ਪੜਾਅ ਦੇ ਰਾਜ ਪੱਧਰੀ ਰੁਜ਼ਗਾਰ ਮੇਲੇ ਵਿੱਚ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਅਤੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਸ੍ਰੀ ਗੁਰਵਿੰਦਰ ਸਿੰਘ ਬਾਹਰਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਆਪਣੇ ਸੰਬੋਧਨ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੁਆਉਣ ਲਈ ਵਿਸ਼ੇਸ਼ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਸਰਕਾਰ ਵਲੋਂ ਰਾਜ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪਹਿਲੇ ਪੜਾਅ ਦੌਰਾਨ ਰੁਜ਼ਗਾਰ ਮੇਲਿਆਂ ਰਾਹੀਂ 27,500 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਸਨ।ਅਤੇ 900 ਤੋਂ ਵੱਧ ਕੰਪਨੀਆਂ ਵਿੱਚ ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਾਲ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਡੀਆਂ-ਵੱਡੀਆਂ ਕੰਪਨੀਆਂ ਵਲੋਂ ਨੌਕਰੀਆਂ ਦੇਣ ਲਈ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਸ ਵਿਖੇ ਲਗਾਏ ਰੁਜ਼ਗਾਰ ਮੇਲੇ ਵਿੱਚ 35 ਕੰਪਨੀਆਂ ਵਲੋਂ ਕਰੀਬ 400 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ ਹੈ।
ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਪ੍ਰੀ-ਪ੍ਰਾਈਮਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਫੋਕਸ ਕਰ ਰਹੀ ਹੈ, ਤਾਂ ਕਿ ਮੁੱਢਲੀ ਸਿੱਖਿਆ ਦੀ ਨੀਂਹ ਕਹੇ ਜਾਂਦੇ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਮਿਆਰ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਪ੍ਰੀ-ਨਰਸਰੀ ਕਲਾਸਾਂ ਵੀ ਖੋਲ੍ਹੀਆਂ ਗਈਆਂ ਹਨ, ਜਿਸ ਵਿੱਚ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦਾਖਲਾ ਦੇ ਕੇ ਪਲੇਅ ਵੇਅ ਮੈਥਡ ਰਾਹੀਂ ਪੜ੍ਹਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ,ਜਿਸ ਵਿੱਚ ਅਧਿਆਪਕਾਂ ਨੂੰ ਵਾਧੂ ਹਾਊਸ ਰੈਂਟ ਸਮੇਤ ਹੋਰ ਸਹੂਲਤਾਂ ਦੇ ਕੇ ਇਨ੍ਹਾਂ ਖੇਤਰਾਂ ਵਿੱਚ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੌਰਾਨ ਰਾਜ ਦੇ ਸਕੂਲਾਂ ਵਿੱਚ ਸਮਾਰਟ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਵਿਦਿਆਰਥੀਆਂ ਲਈ ਕੰਪਿਊਟਰ ਅਤੇ ਟੈਪ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਵੀ ਖੋਲ੍ਹਿਆ ਜਾ ਰਿਹਾ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਰੁਚੀ ਅਨੁਸਾਰ ਕੋਰਸ ਕਰਵਾਏ ਜਾਣਗੇ।
ਇਸ ਦੌਰਾਨ ਵਿਧਾਇਕ ਹਲਕਾ ਚੱਬੇਵਾਲ ਡਾ. ਰਾਜ ਕੁਮਾਰ ਨੇ ਵੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿੱਤਾਮੁਖੀ ਕੋਰਸ ਅਪਨਾਉਣ ਅਤੇ ਸਖਤ ਮਿਹਨਤ ਕਰਕੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਕ ਯੋਜਨਾਬੱਧ ਤਰੀਕੇ ਨਾਲ ਇਕ ਟੀਚਾ ਬਣਾ ਕੇ ਮਿਹਨਤ ਕਰੀਏ, ਤਾਂ ਸਾਨੂੰ ਜ਼ਰੂਰ ਕਾਮਯਾਬੀ ਮਿਲਦੀ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਵੀ ਵਿਦਿਆਰਥੀਆਂ ਨੂੰ ਉਚ ਮੁਕਾਮ ਹਾਸਲ ਕਰਨ ਲਈ ਸਹੀ ਢੰਗ ਨਾਲ ਭਵਿੱਖ ਦੀ ਸ਼ੁਰੂਆਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ 'ਤੇ ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ, ਸਯੁੰਕਤ ਮੈਨੇਜਿੰਗ ਡਾਇਰੈਕਟਰ ਡਾ. ਸੰਦੀਪ ਕੋਰਾ ਸਮੇਤ ਭਾਰੀ ਸੰਖਿਆ ਵਿੱਚ ਕੈਂਪਸ ਦੇ ਵਿਦਿਆਰਥੀ ਅਤੇ ਨੌਜਵਾਨ ਮੌਜੂਦ ਸਨ।
No comments:
Post a Comment