- ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਕੀਤੀਆਂ ਹਦਾਇਤਾਂ
ਹੁਸ਼ਿਆਰਪੁਰ, 12 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਬਿਨ੍ਹਾਂ ਲਾਇਸੰਸ ਤੋਂ ਡਰਾਈਵਰ ਰੱਖਣ ਵਾਲੀਆਂ ਸਿੱਖਿਆ ਸੰਸਥਾਵਾਂ ਦੀਆਂ ਬੱਸਾਂ ਨੂੰ ਜ਼ਬਤ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਿਨ੍ਹਾਂ ਲਾਇਸੰਸ ਬੱਸ ਅਤੇ ਹੋਰ ਵਾਹਨ ਚਲਾਉਣਾ ਪੂਰੀ ਤਰ੍ਹਾਂ ਨਾਲ ਗੈਰ-ਕਾਨੂੰਨੀ ਹੈ। ਜੋ ਚਾਰ ਪਹੀਆ ਵਾਹਨ ਚਾਲਕ ਬਿਨ੍ਹਾਂ ਲਾਇਸੰਸ ਦੇ ਬੱਸ ਚਲਾਉਂਦੇ ਹਨ, ਉਨ੍ਹਾਂ ਦਾ ਮਹਿਜ਼ ਚਲਾਨ ਕਰਕੇ ਖਾਨਾ ਪੂਰਤੀ ਨਾ ਕੀਤੀ ਜਾਵੇ, ਬਲਕਿ ਸਖਤੀ ਨਾਲ ਕਦਮ ਚੁੱਕਦੇ ਹੋਏ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਸਕੂਲ ਦੇ ਮਾਲਕ ਬਿਨ੍ਹਾਂ ਲਾਇਸੰਸ ਦੇ ਬੱਸ ਚਾਲਕਾਂ ਨੂੰ ਰੱਖਦੇ ਹਨ, ਉਨ੍ਹਾਂ ਦੇ ਖਿਲਾਫ਼ ਵੀ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਕੂਲਾਂ ਵਿੱਚ ਸੇਫ਼ ਵਾਹਨ ਪਾਲਿਸੀ ਮੈਨੇਜਮੈਟ ਕਮੇਟੀ ਨੂੰ ਬਣਾਉਣਾ ਵੀ ਯਕੀਨੀ ਬਣਾਇਆ ਜਾਵੇ ਅਤੇ ਪੁਲਿਸ ਵਿਭਾਗ ਵਲੋਂ ਰੂਟੀਨ ਵਿੱਚ ਸਕੂਲਾਂ ਦੀ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਬੱਸ ਚਾਲਕ ਪਹਿਲਾਂ ਤੋਂ ਨਿਸ਼ਚਿਤ ਕੀਤੇ ਗਏ ਬੱਸ ਸਟਾਪ 'ਤੇ ਹੀ ਯਾਤਰੀਆਂ ਨੂੰ ਉਤਾਰਨ ਅਤੇ ਚੜ੍ਹਾਉਣ। ਉਨ੍ਹਾਂ ਕਿਹਾ ਕਿ ਜਦੋਂ ਬੱਸ ਚਾਲਕ ਬੱਸ ਸਟਾਪ 'ਤੇ ਬੱਸਾਂ ਨਾ ਖੜ੍ਹੀਆਂ ਕਰਕੇ ਅਣਅਧਿਕਾਰਤ ਜਗ੍ਹਾ 'ਤੇ ਯਾਤਰੀਆਂ ਨੂੰ ਬੱਸਾਂ ਵਿੱਚ ਚੜ੍ਹਾਉਂਦੇ ਹਨ, ਤਾਂ ਟਰੈਫਿਕ ਦੀ ਗੰਭੀਰ ਸਮੱਸਿਆ ਪੈਦਾ ਹੋ ਜਾਂਦੀ ਹੈ। ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਸੜਕਾਂ ਵਿਚਕਾਰ ਦੁਕਾਨਦਾਰਾਂ ਅਤੇ ਰੇਹੜੀ ਚਾਲਕਾਂ ਵਲੋਂ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਰੋਕਣ ਲਈ ਹਫ਼ਤੇ ਵਿੱਚ ਦੋ ਵਾਰ ਚੈਕਿੰਗ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਅਤੇ ਪੁਲਿਸ ਵਿਭਾਗ ਮਿਲ ਕੇ ਆਪਣੇ-ਆਪਣੇ ਖੇਤਰਾਂ ਵਿੱਚ ਪੈਂਦੀਆਂ ਮਾਰਕੀਟ ਐਸੋਸੀਏਸ਼ਨਾਂ ਨਾਲ ਗੱਲਬਾਤ ਕਰਕੇ ਸੜਕਾਂ ਉਤੇ ਨਜਾਇਜ਼ ਕਬਜ਼ੇ ਨਾ ਕਰਨ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ 18 ਸਾਲ ਦੀ ਉਮਰ ਪੂਰੀ ਨਹੀ ਕਰਦੇ ਉਨ੍ਹਾਂ ਬੱਚਿਆਂ ਨੂੰ ਵਾਹਨ ਚਲਾਉਣ ਤੋਂ ਰੋਕਿਆ ਜਾਵੇ ਅਤੇ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇ।
ਇਸ ਦੌਰਾਨ ਜ਼ਿਲ੍ਹਾ ਟਰੈਫਿਕ ਪੁਲਿਸ ਅਤੇ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ ਸੀਟ ਬੈਲਟ, ਓਵਰ ਲੋਡ, ਹੈਲਮਟ, ਨਜਾਇਜ਼ ਪਾਰਕਿੰਗ, ਪ੍ਰੈਸ਼ਰ ਹਾਰਨ ਸਮੇਤ ਟਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ 3595 ਤੋਂ ਵੱਧ ਚਲਾਨ ਕੱਟ ਕੇ ਜ਼ੁਰਮਾਨੇ ਕੀਤੇ ਗਏ ਹਨ। ਜਦਕਿ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਆਈ.ਪੀ.ਐਸ. (ਅੰਡਰ ਟਰੇਨਿੰਗ) ਸ੍ਰੀ ਅੰਕੁਰ ਗੁਪਤਾ, ਡੀ.ਐਸ.ਪੀ.(ਐਚ) ਸ੍ਰੀ ਜੰਗ ਬਹਾਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਸਹਾਇਕ ਟਰਾਂਸਪੋਰਟ ਅਫ਼ਸਰ ਸ੍ਰੀ ਮਨਜੀਤ ਸਿੰਘ ਤੋਂ ਇਲਾਵਾ ਹੋਰ ਵੀ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।
No comments:
Post a Comment