- ਸਹਾਇਤਾ ਪ੍ਰਾਪਤ ਕਰਨ ਲਈ ਰੈਡ ਕਰਾਸ ਸੁਸਾਇਟੀ ਨਾਲ ਕੀਤਾ ਜਾ ਸਕਦਾ ਹੈ ਸੰਪਰਕ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 16 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜਿਥੇ 'ਸਾਂਝੀ ਰਸੋਈ' ਖੋਲ੍ਹ ਕੇ ਲੋੜਵੰਦਾਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਵੱਖ-ਵੱਖ ਸਕੀਮਾਂ ਤਹਿਤ ਜ਼ਰੂਰਤਮੰਦਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਰੈਡ ਕਰਾਸ ਸੁਸਾਇਟੀ ਵਲੋਂ ਇਕ ਨਿਵੇਕਲਾ ਉਪਰਾਲਾ ਕਰਦਿਆਂ ਉਨ੍ਹਾਂ ਲੋੜਵੰਦ ਬੱਚਿਆਂ ਦੀ ਸਹਾਇਤਾ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਮਾਂਦਰੂ ਹੱਥ-ਪੈਰ ਮੁੜੇ ਹੋਏ ਹਨ। ਇਸ ਉਪਰਾਲੇ ਨਾਲ ਅਜਿਹੇ ਬੱਚਿਆਂ ਦਾ ਸੁਸਾਇਟੀ ਵਲੋਂ ਮੁਫ਼ਤ ਓਪਰੇਸ਼ਨ ਕਰਵਾਇਆ ਜਾਵੇਗਾ, ਤਾਂ ਜੋ ਇਹ ਬੱਚੇ ਆਮ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋ ਸਕਣ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ 18 ਸਾਲ ਤੱਕ ਦੇ ਜ਼ਰੂਰਤਮੰਦ ਬੱਚਿਆਂ ਦੇ ਅੰਗ ਸ਼ਕਲ ਸੁਧਾਰ ਦੇ ਓਪਰੇਸ਼ਨ ਲਈ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 'ਬੱਚਿਆਂ ਦੇ ਜਮਾਂਦਰੂ ਮੁੜੇ ਅੰਗਾਂ ਦੇ ਸ਼ਕਲ ਸੁਧਾਰ' (ਸਰਜੀਕਲ ਕੁਰੈਕਸ਼ਨ ਆਫ਼ ਚਿਲਡਰਨ ਵਿਦ ਡੀਫੋਰਮਾਈਟੀਸ ਸਕੀਮ) ਤਹਿਤ ਕੇਵਲ ਉਨ੍ਹਾਂ ਹੀ ਜ਼ਰੂਰਤਮੰਦ ਬੱਚਿਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੇ ਹੱਥ-ਪੈਰ ਜਮਾਂਦਰੂ ਮੁੜੇ ਹੋਏ ਹਨ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜਿਥੇ ਦਾਨੀ ਸੱਜਣਾਂ ਅਤੇ ਸਮਾਜ ਸੇਵਕਾਂ ਦੀ ਸਹਾਇਤਾ ਨਾਲ ਜ਼ਰੂਰਤਮੰਦ, ਬੀਮਾਰ, ਅੰਗਹੀਣ ਅਤੇ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਕੰਮ ਕੀਤੇ ਜਾ ਰਹੇ ਹਨ, ਉਥੇ ਬਹੁਤ ਸਾਰੀਆਂ ਸਮਾਜ ਭਲਾਈ ਸਕੀਮਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਲੋੜਵੰਦ ਪਰਿਵਾਰ ਉਕਤ ਸਕੀਮ ਲਈ ਸਹਾਇਤਾ ਲੈਣਾ ਚਾਹੁੰਦੇ ਹਨ, ਉਹ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨਾਲ ਫੋਨ ਨੰ: 01882-221071 ਅਤੇ 98556-10345 'ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਦਸਵੀਂ, ਬਾਹਰਵੀਂ (ਮੈਡੀਕਲ ਅਤੇ ਨਾਨ ਮੈਡੀਕਲ) ਦੇ ਤਿੰਨ-ਤਿੰਨ ਵਿਦਿਆਰਥੀਆਂ ਨੂੰ ਹਰ ਸਾਲ 15 ਅਗਸਤ 'ਤੇ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਐਵਾਰਡ ਵਿੱਚ 10 ਹਜ਼ਾਰ ਰੁਪਏ ਦੀ ਰਾਸ਼ੀ, ਸਨਮਾਨ ਚਿੰਨ, ਸਰਟੀਫਿਕੇਟ ਅਤੇ ਸਫਲ ਮਹਿਲਾ ਦੀ ਜੀਵਨੀ 'ਤੇ ਆਧਾਰਤ ਇਕ ਕਿਤਾਬ ਸ਼ਾਮਲ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰੈਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹੇ ਨਾਲ ਸਬੰਧਤ ਜ਼ਰੂਰਤਮੰਦ ਵਿਅਕਤੀਆਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
No comments:
Post a Comment