- ਐਡਵੋਕੇਟ ਅਵਿਨਾਸ਼ ਸ਼ਰਮਾ ਨੇ 'ਸਮਰਪਣ' ਲਈ ਦਿੱਤਾ 21 ਹਜ਼ਾਰ ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 20 ਫਰਵਰੀ : ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਨਵਾਂ ਅਧਿਆਏ ਜੋੜਨ ਲਈ ਸ਼ੁਰੂ ਕੀਤੇ ਗਏ 'ਸਮਰਪਣ' ਪ੍ਰੋਜੈਕਟ ਨੇ ਜਨ-ਮੁਹਿੰਮ ਦਾ ਰੂਪ ਧਾਰਨ ਕਰ ਲਿਆ ਹੈ। ਭਾਰੀ ਗਿਣਤੀ ਵਿਚ ਦਾਨੀ-ਸੱਜਣ ਸਮਰਪਣ ਦੇ ਮੈਂਬਰ ਬਣ ਰਹੇ ਹਨ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਲੱਖਾਂ ਰੁਪਏ ਦਾ ਫੰਡ ਵੀ ਇਕੱਤਰ ਹੋ ਚੁੱਕਾ ਹੈ। ਅੱਜ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਐਡਵੋਕੇਟ ਅਵਿਨਾਸ਼ ਸ਼ਰਮਾ ਨੇ ਆਪਣੇ ਬੇਟੇ ਐਡਵੋਕੇਟ ਰਾਘਵ ਦੇ ਜਨਮ ਦਿਨ ਦੀ ਖੁਸ਼ੀ ਵਿਚ 21 ਹਜ਼ਾਰ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੂੰ ਸੌਂਪਿਆ।
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦਾਨੀ-ਸੱਜਣਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਦੱਸਿਆ ਕਿ ਬੁੱਧੀਜੀਵੀ ਵਿਅਕਤੀਆਂ ਨਾਲ ਕੀਤੇ ਵਿਚਾਰ-ਵਟਾਂਦਰੇ ਉਪਰੰਤ ਸਮਰਪਣ ਸਕੀਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਇਕ ਵਧੀਆ ਮਾਹੌਲ ਪੈਦਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਦਾਨੀ-ਸੱਜਣਾਂ ਦੇ ਸਹਿਯੋਗ ਸਦਕਾ ਇਕੱਤਰ ਸਿੱਖਿਆ ਸਹਾਇਤਾ ਫੰਡ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਜਨ ਮੁਹਿੰਮ ਬਣਾਉਣ ਲਈ ਜੀਅ-ਤੋੜ ਯਤਨ ਕੀਤੇ ਜਾ ਰਹੇ ਹਨ, ਉਥੇ ਭਾਰੀ ਗਿਣਤੀ ਵਿਚ ਦਾਨੀ-ਸੱਜਣ ਅੱਗੇ ਆ ਕੇ 'ਸਮਰਪਣ' ਨਾਲ ਜੁੜ ਰਹੇ ਹਨ।।
ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਦਾਨੀ ਸੱਜਣ ਇਹ ਦਾਨ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਵਿਸ਼ੇਸ਼ ਯਾਦ ਲਈ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਪਰਚੀ 365 ਰੁਪਏ ਦੀ ਹੋਵੇਗੀ ਅਤੇ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ ਇਕ ਦਾਨੀ ਸੱਜਣ 365 ਰੁਪਏ ਕਿਸੇ ਵਿਸ਼ੇਸ਼ ਦਿਨ ਲਈ ਦਾਨ ਕਰ ਸਕਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਸਮਰਪਣ' ਵਿੱਚ ਸਮਰਪਣ ਭਾਵਨਾ ਨਾਲ ਜੁੜਨ ਲਈ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਕਮੀਆਂ ਨੂੰ ਪੂਰਾ ਕਰਕੇ ਸਿੱਖਿਆ ਦਾ ਪੱਧਰ ਹੋਰ ਮਜ਼ਬੂਤ ਕੀਤਾ ਜਾ ਸਕੇ।
ਐਡਵੋਕੇਟ ਅਵਿਨਾਸ਼ ਸ਼ਰਮਾ ਨੇ ਕਿਹਾ ਕਿ 'ਸਮਰਪਣ' ਦੇ ਮੈਂਬਰ ਬਣਕੇ ਉਨ੍ਹਾਂ ਨੂੰ ਡਾਹਢੀ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਵੱਧ ਤੋਂ ਵੱਧ ਦਾਨੀ-ਸੱਜਣਾਂ ਨੂੰ 'ਸਮਰਪਣ' ਨਾਲ ਜੁੜਣਾ ਚਾਹੀਦਾ ਹੈ, ਤਾਂ ਜੋ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਸ਼੍ਰੀ ਸ਼ਰਮਾ ਵਲੋਂ ਸਾਂਝੀਆਂ ਥਾਵਾਂ 'ਤੇ ਪੰਛੀਆਂ ਲਈ ਆਲ੍ਹਣੇ ਬਣਾਉਣ ਲਈ ਇਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ।
No comments:
Post a Comment