- ਵਿਧਾਇਕ ਪਵਨ ਕੁਮਾਰ ਅਤੇ ਡਾ. ਰਾਜ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਹੁਸ਼ਿਆਰਪੁਰ, 26 ਫਰਵਰੀ: ਵਿਧਾਇਕ ਹਲਕਾ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ ਅਤੇ ਵਿਧਾਇਕ ਹਲਕਾ ਚੱਬੇਵਾਲ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ ਦੌਰਾਨ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਬੈਠਕ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਬੈਠਕ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਪਵਨ ਕੁਮਾਰ ਆਦੀਆ ਅਤੇ ਡਾ. ਰਾਜ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਜ਼ੋਨ ਦੀ ਹੱਦਬੰਦੀ ਸਹੀ ਢੰਗ ਨਾਲ ਨੇਪਰੇ ਚਾੜੀ ਜਾਵੇ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਪਿੰਡਾਂ ਵਿੱਚ ਬਣਾਏ ਜਾ ਰਹੇ ਪਖਾਨਿਆਂ ਨੂੰ ਹਰ ਜ਼ਰੂਰਤਮੰਦ ਦੇ ਘਰ ਵਿੱਚ ਬਣਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸ ਦੇ ਲਈ ਇਕ ਯੋਜਨਾਬੱਧ ਤਰੀਕੇ ਨਾਲ ਨਿੱਜੀ ਦਿਲਚਸਪੀ ਲੈਂਦੇ ਹੋਏ ਸਬੰਧਤ ਅਧਿਕਾਰੀ ਪਿੰਡ ਪੰਚਾਇਤਾਂ ਦੇ ਸਹਿਯੋਗ ਨਾਲ ਕੰਮ ਕਰਨ। ਇਸ ਦੌਰਾਨ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਮ ਕਿਸਾਨਾਂ ਤੱਕ ਇਨ੍ਹਾਂ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਸਬੰਧੀ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੀਮਾਂਤ ਅਤੇ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਸਹਿਕਾਰੀ ਸਭਾਵਾਂ ਤੋਂ ਲਏ ਗਏ ਕਰਜ਼ੇ ਨੂੰ ਮੁਆਫ਼ ਕਰਨ ਸਬੰਧੀ ਵੀ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਕੰਮ ਨੂੰ ਯਕੀਨੀ ਬਣਾਇਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਵੀ ਵੱਖ-ਵੱਖ ਮੁੱਦਿਆਂ 'ਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸਕੀਮਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਮ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਲਈ ਨਵੇਂ ਉਪਰਾਲੇ ਵੀ ਕਰਨ। ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਸ੍ਰੀ ਜੋਗਿੰਦਰ ਸਿੰਘ ਗਿਲਜੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
No comments:
Post a Comment