- ਕਿਹਾ, ਖੇਡਾਂ ਮਨੁੱਖੀ ਸਿਹਤ ਲਈ ਹੁੰਦੀਆਂ ਹਨ ਲਾਹੇਵੰਦ
- ਸੇਖੋਵਾਲ ਦੀ ਟੀਮ ਨੇ 61 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫੀ ਜਿੱਤੀ
- ਪਿੰਡ ਮੋਹਣਵਾਲ ਵਿਖੇ ਵਿਖੇ ਸੰਤ ਬਾਬਾ ਸਰਜੂ ਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਹੁਸ਼ਿਆਰਪੁਰ, 26 ਫਰਵਰੀ: ਜੰਗਲਾਤ, ਛਪਾਈ ਤੇ ਲਿੱਖਣ ਸਮੱਗਰੀ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਮੰਤਰੀ ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਖੇਡਾਂ ਮਨੁੱਖੀ ਸਿਹਤ ਲਈ ਬਹੁਤ ਹੀ ਲਾਹੇਵੰਦ ਸਾਬਤ ਹੁੰਦੀਆਂ ਹਨ। ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਹ ਅੱਜ ਸੰਤ ਬਾਬਾ ਸਰਜੂ ਦਾਸ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਪਿੰਡ ਮੋਹਣਵਾਲ (ਗੜ੍ਹਸ਼ੰਕਰ) ਵਿਖੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੁਆਬੇ ਦੇ ਲੋਕ ਬੇਹੱਦ ਪੜ੍ਹੇ ਲਿਖੇ ਹਨ ਅਤੇ ਪੂਰੀ ਦੁਨੀਆਂ ਵਿੱਚ ਦੁਆਬੇ ਦੇ ਲੋਕਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ 2 ਲੱਖ ਰੁਪਏ ਦੇਣ ਦੀ ਘੋਸ਼ਣਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸੀਵਰੇਜ਼ ਪਾਉਣ ਲਈ ਵੀ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਆਪਣੇ ਸੰਬੋਧਨ ਵਿੱਚ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਕੈਬਨਿਟ ਮੰਤਰੀ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪਹਿਲ ਕਦਮੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ ਇਸ ਖੇਤਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੁਝ ਖਾਸ ਉਪਰਾਲੇ ਨਹੀਂ ਕੀਤੇ।
ਇਸ ਦੌਰਾਨ ਪਿੰਡ ਸੇਖੋਵਾਲ ਅਤੇ ਬਾਬਾ ਫੁਲੂ ਪੀਰ ਕਲੱਬ ਰੋਣੀ ਵਿਚਕਾਰ ਕਬੱਡੀ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਖੇਡਿਆ ਗਿਆ, ਜਿਸ ਵਿੱਚ ਸੇਖੋਵਾਲ ਦੀ ਟੀਮ ਨੇ ਜਿੱਤ ਹਾਸਲ ਕਰਕੇ 61 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫ਼ੀ ਆਪਣੇ ਨਾਮ ਕੀਤੀ। ਰਨਰ ਅੱਪ ਟੀਮ ਨੂੰ 51 ਹਜ਼ਾਰ ਰੁਪਏ ਦਾ ਨਕਦ ਇਨਾਮ ਅਤੇ ਟਰਾਫ਼ੀ ਦਿੱਤੀ। ਇਸ ਮੌਕੇ 'ਤੇ ਸਤਵੀਰ ਸਿੰਘ ਪੱਲੀ, ਪੰਕਜ ਕ੍ਰਿਪਾਲ, ਅਸ਼ੋਕ ਕੁਮਾਰ, ਕੁਲਵਿੰਦਰ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਖੇਡ ਪ੍ਰੇਮੀ ਮੌਜੂਦ ਸਨ।
No comments:
Post a Comment