- ਵਧੀਕ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ
ਹੁਸ਼ਿਆਰਪੁਰ, 14 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਸ਼ਹਿਰ ਵਿੱਚ ਮੁੱਖ ਚੌਕਾਂ 'ਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਮੁਲਾਜ਼ਮ ਤਾਇਨਾਤ ਕੀਤੇ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵੇਖਣ ਵਿੱਚ ਆਉਂਦਾ ਹੈ ਕਿ ਕਈ ਵਾਰ ਪ੍ਰਮੁੱਖ ਚੌਕਾਂ 'ਤੇ ਜਾਮ ਲੱਗ ਜਾਂਦਾ ਹੈ, ਜਿਸ ਨਾਲ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੈਸ਼ਨ ਚੌਕ, ਸਰਕਾਰੀ ਕਾਲਜ ਚੌਕ, ਫਗਵਾੜਾ ਚੌਕ, ਪ੍ਰਭਾਤ ਚੌਕ ਸਮੇਤ ਪ੍ਰਮੁੱਖ ਚੌਕਾਂ 'ਤੇ ਟਰੈਫਿਕ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਵੇ ਅਤੇ ਭਾਰੀ ਵਾਹਨਾਂ ਨੂੰ ਦਿਨ ਦੇ ਸਮੇਂ ਸ਼ਹਿਰ ਵਿੱਚ ਨਾ ਲਿਆਉਣ ਲਈ ਵੀ ਪੁਖਤਾ ਇੰਤਜ਼ਾਮ ਕੀਤੇ ਜਾਣ।
ਸ੍ਰੀਮਤੀ ਕਲੇਰ ਨੇ ਕਿਹਾ ਕਿ ਸ਼ਹਿਰ ਵਿੱਚ ਜਿਹੜੀਆਂ ਬੱਸਾਂ ਅਤੇ ਟਰੈਕਟਰਾਂ 'ਤੇ ਉਚੀ ਆਵਾਜ਼ ਵਿੱਚ ਗਾਣੇ ਵਜਾਏ ਜਾਂਦੇ ਹਨ, ਉਨ੍ਹਾਂ ਵਾਹਨਾਂ ਦੇ ਵੀ ਚਲਾਨ ਕੱਟੇ ਜਾਣ। ਉਨ੍ਹਾਂ ਨੇ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਦੀ ਚੈਕਿੰਗ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੀਆਂ ਬੱਸਾਂ ਟਰੈਫਿਕ ਨਿਯਮਾਂ ਨੂੰ ਪੂਰਾ ਨਹੀਂ ਕਰਦੀਆਂ, ਉਨ੍ਹਾਂ ਬੱਸਾਂ ਦੇ ਸਖਤੀ ਨਾਲ ਚਲਾਨ ਕੱਟੇ ਜਾਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਸੜਕ ਸੁਰੱਖਿਆ ਸਬੰਧੀ ਲੇਖ ਆਦਿ ਮੁਕਾਬਲੇ ਕਰਵਾਉਣ ਤੋਂ ਇਲਾਵਾ ਹੋਰ ਜਾਗਰੂਕਤਾ ਫੈਲਾਉਣ ਲਈ ਵੀ ਕਿਹਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਜ਼ਿਲ੍ਹੇ ਵਿੱਚ ਬਿਨ੍ਹਾਂ ਹੈਲਮਟ ਦੇ 896, ਬਿਨ੍ਹਾਂ ਸੀਟ ਬੈਲਟ ਦੇ 342, ਪ੍ਰੈਸ਼ਰ ਹਾਰਨ ਦੇ 66 ਅਤੇ ਵਾਹਨ ਚਲਾਉਣ ਦੌਰਾਨ ਮੋਬਾਇਲ ਸੁਣਨ ਵਾਲਿਆਂ ਦੇ 38 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ।
ਇਸ ਮੌਕੇ 'ਤੇ ਡੀ.ਐਸ.ਪੀ.(ਸਿਟੀ) ਸ੍ਰੀ ਸੁਖਵਿੰਦਰ ਸਿੰਘ, ਸਹਾਇਕ ਟਰਾਂਸਪੋਰਟ ਅਫ਼ਸਰ ਸ੍ਰੀ ਮਨਜੀਤ ਸਿੰਘ, ਸ੍ਰੀ ਐਸ.ਕੇ. ਪੋਮਰਾ, ਸ੍ਰੀ ਅਸ਼ਵਨੀ ਕਪੂਰ, ਡਾ. ਵਿਭਾ ਗੁਪਤਾ ਤੋਂ ਇਲਾਵਾ ਹੋਰ ਵੀ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਹਾਜ਼ਰ ਸਨ।
No comments:
Post a Comment