ਹੁਸ਼ਿਆਰਪੁਰ, 9 ਮਾਰਚ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਸ਼ਨਰ ਸ੍ਰੀ ਵਿਪੁਲ ਉਜਵਲ ਨੇ ਫੌਜਦਾਰੀ ਜਾਬਤਾ 1972 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ 'ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ 'ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀ ਲਗਾਈ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਕੋਈ ਛੱਪੜ ਨਹੀਂ ਪੂਰੇਗਾ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1950 ਦੀ ਧਾਰਾ 3 ਅਨੁਸਾਰ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਜਾਂ ਕੋਈ ਸਿਆਸੀ ਪਾਰਟੀ ਜਲਸਾ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਸਮੇਂ ਨਹੀਂ ਕਰੇਗੀ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਉਪਰੋਕਤ 5 ਹੁਕਮ 5 ਮਈ 2018 ਤੱਕ ਲਾਗੂ ਰਹਿਣਗੇ।
No comments:
Post a Comment